ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਵਾਤਾਵਰਣ ਦੀ ਸੰਭਾਲ ਲਈ 551 ਪੌਦੇ ਲਗਾਉਣ ਦਾ ਅਗਾਜ਼
ਕਪੂਰਥਲਾ (ਸਮਾਜ ਵੀਕਲੀ) (ਕੌੜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਸਬੰਧੀ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਸ਼ੁਰੂਆਤ ਸ੍ਰੀ ਆਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਈ। ਗੁਰਦੁਆਰਾ ਸ੍ਰੀ ਬੇਰ ਸਾਹਿਬ ਨੇੜੇ ਪੰਜਾਬ ਸਰਕਾਰ ਵਲੋਂ ਲਗਾਏ ਗਏ ਪੰਡਾਲ ਵਿੱਚ ਕਰਵਾਈ ਗਈ ਅਰਦਾਸ ਵਿੱਚ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਵਿਧਾਇਕ ਨਵਤੇਜ ਸਿੰਘ ਚੀਮਾ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਸਤਵਿੰਦਰ ਸਿੰਘ ਮਰਵਾਹਾ , ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪੱਲ, ਐਸ.ਐਸ.ਪੀ.ਕੰਵਰਦੀਪ ਕੌਰ ਅਤੇ ਹੋਰ ਅਨੇਕਾਂ ਧਾਰਮਿਕ ਸਖਸ਼ੀਅਤਾਂ ਸ਼ਾਮਿਲ ਹੋਈਆਂ।
ਇਸ ਮੌਕੇ ਵੱਡੀ ਗਿਣਤੀ ਵਿੱਚ ਹਾਜ਼ਰ ਸੰਗਤ ਨੂੰ ਜੀ ਆਇਆਂ ਕਹਿੰਦਿਆਂ ਵਿਧਾਇਕ ਸ੍ਰ.ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਇਸ ਪਾਵਨ ਮੌਕੇ ਗੁਰੂ ਦਰਸ਼ਨਾਂ ਲਈ ਆਉਣ ਵਾਲੀ ਸੰਗਤ ਵੱਡਭਾਗੀ ਹੈ।
ਉਨਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 30 ਨਵੰਬਰ ਨੂੰ ਗੁਰੂ ਘਰ ਵਿਖੇ ਨਤਮਸਤਕ ਹੋਣ ਪਿਛੋਂ ਸਮਾਰਟ ਸਿਟੀ ਮਿਸ਼ਨ ਤਹਿਤ ਸੁਲਤਾਨਪੁਰ ਲੋਧੀ ਦੇ ਵਿਕਾਸ ਲਈ ਛੇ ਵੱਖ- ਪ੍ਰੋਜੈਕਟਾਂ ਦੀ ਸ਼ੁਰੂਆਤ ਵੀ ਕਰਵਾਈ ਜਾਵੇਗੀ, ਜਿਨਾਂ ਵਿੱਚ ਮੁੱਖ ਤੌਰ ‘ਤੇ ਕਿਲਾ ਸਰਾਏ ਦਾ ਨਵੀਨੀਕਰਨ 6.52 ਕਰੋੜ ਰੁਪਏ, , ਸਰਕਾਰੀ ਸਕੂਲ ਵਿਖੇ ਸੋਲਰ ਪਾਵਰ ਪਲਾਂਟ ਦੀ ਸਥਾਪਨਾਂ 125.37 ਲੱਖ ਰੁਪਏ, ਸਮਾਰਟ ਆਂਗਨਵਾੜੀ ਦੀ ਸਥਾਪਨਾ 45 ਲੱਖ ਰੁਪਏ, ਸਮਾਰਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 9.50 ਕਰੋੜ ਰੁਪਏ, ਸੀਵਰੇਜ ਟਰੀਟਮੇਂਟ ਪਲਾਂਟ 20 ਕਰੋੜ ਰੁਪਏ, ਨਵਾਂ ਤਹਿਸੀਲ ਕੰਪਲੈਕਸ 3 ਕਰੋੜ ਰੁਪਏ ਸ਼ਾਮਿਲ ਹਨ।
ਇਸ ਮੌਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਵਾਤਾਵਰਣ ਸੰਭਾਲ ਦਾ ਸੁਨੇਹਾ ਦੇਣ ਲਈ 551 ਪੌਦੇ ਲਗਾਉਣ ਦੀ ਮੁਹਿੰਮ ਵੀ ਸ਼ੁਰੂ ਕੀਤੀ ਗਈ, ਜਿਸ ਤਹਿਤ ਪ੍ਰਸ਼ਾਦ ਦੇ ਰੂਪ ਵਿੱਚ ਪੌਦਿਆਂ ਦੀ ਵੰਡ ਕੀਤੀ ਗਈ।
ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਅਤੇ ਵਿਧਾਇਕ ਨਵਤੇਜ ਸਿੰਘ ਚੀਮਾ ਵਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੋਅਰਮੈਨ ਸਤਵਿੰਦਰ ਸਿੰਘ ਮਰਵਾਹਾ ਅਤੇ ਹੋਰ ਸਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।