ਸ਼੍ਰੋਮਣੀ ਕਮੇਟੀ ਵਲੋਂ ਇਤਰਾਜ਼; ਮੁੱਖ ਮੰਤਰੀ ਨੂੰ ਫ਼ੈਸਲੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ
ਅੰਮ੍ਰਿਤਸਰ (ਸਮਾਜਵੀਕਲੀ): ਸ੍ਰੀ ਹਰਿਮੰਦਰ ਸਾਹਿਬ ਸਮੂਹ ਦੀਆਂ ਬਿਜਲੀ ਦਰਾਂ ਵਿਚ ਸਰਕਾਰ ਵਲੋਂ ਵਾਧਾ ਕਰ ਦਿੱਤਾ ਗਿਆ ਹੈ, ਜਿਸ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਰੋਧ ਕੀਤਾ ਹੈ। ਸ਼੍ਰੋਮਣੀ ਕਮੇਟੀ ਨੇ ਸਰਕਾਰ ਨੂੰ ਕਿਹਾ ਹੈ ਕਿ ਉਹ ਇਸ ਫ਼ੈਸਲੇ ’ਤੇ ਮੁੜ ਵਿਚਾਰ ਕਰੇ। ਪਾਵਰਕੌਮ ਵਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਦੀਆਂ ਬਿਜਲੀ ਦਰਾਂ ਵਿਚ ਪਹਿਲਾਂ 12 ਪੈਸੇ ਪ੍ਰਤੀ ਯੂਨਿਟ ਵਾਧਾ ਕੀਤਾ ਗਿਆ ਸੀ ਅਤੇ ਹੁਣ ਅਪਰੈਲ ਤੋਂ ਬਾਅਦ ਮੁੜ 5 ਪੈਸੇ ਪ੍ਰਤੀ ਯੂਨਿਟ ਦਾ ਵਾਧਾ ਕੀਤਾ ਗਿਆ ਹੈ। ਬਿਜਲੀ ਦਰਾਂ ਵਿਚ ਕੀਤੇ ਗਏ ਵਾਧੇ ਨਾਲ ਗੁਰੂ ਘਰ ਦੀ ਗੋਲਕ ’ਤੇ ਲਗਭਗ ਦਸ ਲੱਖ ਰੁਪਏ ਸਾਲਾਨਾ ਵਾਧੂ ਬੋਝ ਪੈਣ ਦਾ ਅਨੁਮਾਨ ਹੈ।