ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਤੋਂ ਮੱਥਾ ਟੇਕ ਕੇ ਐਕਟਿਵਾ ਉੱਤੇ ਸਵਾਰ ਹੋ ਕੇ ਘਰ ਜਾ ਰਹੀ ਮਾਂ ਧੀ ਨੂੰ ਇੱਕ ਤੇਜ਼ ਰਫ਼ਤਾਰ ਕਾਰ ਨੇ ਐਤਵਾਰ ਦੀ ਸ਼ਾਮ ਨੂੰ ਮਲੇਰਕੋਟਲਾ ਰੋਡ ’ਤੇ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਐਕਟਿਵਾ ਸਵਾਰ ਮਾਂ-ਧੀ ਸੜਕ ’ਤੇ ਡਿੱਗ ਪਏ ਅਤੇ ਚਾਰ ਸਾਲ ਦੀ ਬੱਚੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਤੁਰੰਤ ਬਾਅਦ ਮੁਲਜ਼ਮ ਕਾਰ ਸਮੇਤ ਫ਼ਰਾਰ ਹੋਣ ’ਚ ਕਾਮਯਾਬ ਹੋ ਗਿਆ। ਆਸਪਾਸ ਦੇ ਲੋਕਾਂ ਨੇ ਜ਼ਖ਼ਮੀ ਔਰਤ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ, ਜਿੱਥੋਂ ਉਸਨੂੰ ਡੀਐਮਸੀ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ। ਜ਼ਖ਼ਮੀ ਔਰਤ ਦੀ ਪਛਾਣ ਨਰਿੰਦਰ ਕੌਰ ਦੇ ਰੂਪ ’ਚ ਹੋਈ ਹੈ। ਮ੍ਰਿਤਕ ਬੱਚੀ ਦੀ ਪਛਾਣ ਹਰਗੁਣ (4) ਦੇ ਰੂਪ ’ਚ ਹੋਈ ਹੈ। ਥਾਣਾ ਡੇਹਲੋਂ ਦੀ ਪੁਲੀਸ ਨੇ ਮੌਕੇ ’ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਬੱਚੀ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਜਾਣਕਾਰੀ ਅਨੁਸਾਰ ਗੁਰੂ ਤੇਗ਼ ਬਹਾਦਰ ਨਗਰ ਵਾਸੀ ਅਮਰੀਕ ਸਿੰਘ ਦੀ ਪਤਨੀ ਨਰਿੰਦਰ ਕੌਰ ਆਪਣੀ ਚਾਰ ਸਾਲ ਦੀ ਬੱਚੀ ਹਰਗੁਣ ਨਾਲ ਆਪਣੀ ਐਕਟਿਵਾ ’ਤੇ ਸਵਾਰ ਹੋ ਕੇ ਗੁਰਦੁਆਰਾ ਮੰਜੀ ਸਾਹਿਬ ਮੱਥਾ ਟੇਕਣ ਗਈ ਸੀ। ਮੱਥਾ ਟੇਕਣ ਤੋਂ ਬਾਅਦ ਉਹ ਵਾਪਸ ਆ ਰਹੇ ਸਨ ਤਾਂ ਰਸਤੇ ’ਚ ਜੀਐਸ ਰਿਜ਼ੌਰਟ ਕੋਲ ਇੱਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਦੋਵੇਂ ਐਕਟਿਵਾ ਤੋਂ ਡਿੱਗ ਪਈਆਂ ਅਤੇ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈਆਂ। ਆਸਪਾਸ ਦੇ ਲੋਕਾਂ ਨੇ ਜ਼ਖ਼ਮੀਆਂ ਨੂੰ ਚੁੱਕਿਆ ਤਾਂ ਬੱਚੀ ਦੀ ਮੌਤ ਹੋ ਚੁੱਕੀ ਸੀ। ਜਦੋਂਕਿ ਜ਼ਖ਼ਮੀ ਨਰਿੰਦਰ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ। ਜਿੱਥੇ ਉਸਦੀ ਹਾਲਤ ਦੇਖਦੇ ਹੋਏ ਡਾਕਟਰਾਂ ਨੇ ਡੀਐਮਸੀ ਹਸਪਤਾਲ ਰੈਫ਼ਰ ਕਰ ਦਿੱਤਾ। ਸੂਚਨਾ ਮਿਲਦੇ ਹੀ ਬੱਚੀ ਦੇ ਪਰਿਵਾਰ ਵਾਲੇ ਵੀ ਪੁੱਜ ਗਏ। ਹਾਦਸੇ ਤੋਂ ਬਾਅਦ ਗੁੱਸੇ ’ਚ ਆਏ ਲੋਕਾਂ ਨੇ ਸੜਕ ਜਾਮ ਕਰ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਸਖਤ ਕਾਰਵਾਈ ਦੀ ਮੰਗ ਕੀਤੀ। ਸੂਚਨਾ ਮਿਲਦੇ ਹੀ ਪੁਲੀਸ ਦੇ ਉੱਚ ਅਧਿਕਾਰੀ ਮੌਕੇ ’ਤੇ ਪੁੱਜ ਗਏ। ਜਿਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਭਰੋਸਾ ਦੇ ਕੇ ਹਾਈਵੇਅ ਖਾਲੀ ਕਰਵਾਇਆ। ਕਰੀਬ ਅੱਧੇ ਘੰਟੇ ਦੀ ਮਿਹਨਤ ਤੋਂ ਬਾਅਦ ਪ੍ਰਦਰਸ਼ਨਕਾਰੀ ਪਿੱਛੇ ਹਟੇ। ਥਾਣਾ ਡੇਹਲੋਂ ’ਚ ਤੈਨਾਤ ਐਸ.ਆਈ. ਮੁਹੰਮਦ ਰਸ਼ੀਦ ਨੇ ਦੱਸਿਆ ਕਿ ਕਾਰ ਚਾਲਕ ਨੂੰ ਕਾਰ ਸਣੇ ਹਿਰਾਸਤ ’ਚ ਲੈ ਲਿਆ ਹੈ। ਉਸਦੇ ਖਿਲਾਫ਼ ਕੇਸ ਦਰਜ ਕਰ ਲਿਆ ਜਾਵੇਗਾ। ਬੱਚੀ ਦੀ ਲਾਸ਼ ਸਿਵਲ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤੀ ਹੈ, ਜਿੱਥੇ ਸੋਮਵਾਰ ਸਵੇਰੇ ਬੱਚੀ ਦਾ ਪੋਸਟਮਾਰਟਮ ਕੀਤਾ ਜਾਵੇਗਾ।