26 ਮਈ ਨੂੰ ਕਾਲੇ ਦਿਵਸ ਵਜੋਂ ਮਨਾਉਣ ਦਾ ਫੈਸਲਾ
ਕਪੂਰਥਲਾ/ਸੁਲਤਾਨਪੁਰ ਲੋਧੀ, ਸਮਾਜ ਵੀਕਲੀ (ਕੌੜਾ)- ਸੰਯੁਕਤ ਕਿਸਾਨ ਮੋਰਚੇ ਦੀ ਇੱਕ ਅਹਿਮ ਮੀਟਿੰਗ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਸਤਨਾਮ ਸਿੰਘ ਸਾਬੀ , ਰਜਿੰਦਰ ਸਿੰਘ ਰਾਣਾ, ਨਿਰਮਲ ਸਿੰਘ ਸ਼ੇਰਪੁਰ ਸੱਧਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਕਿਸਾਨ ਆਗੂ ਸਤਨਾਮ ਸਿੰਘ ਸਾਬੀ ,ਰਜਿੰਦਰ ਸਿੰਘ ਰਾਣਾ, ਸ਼ਮਸ਼ੇਰ ਸਿੰਘ ਸੱਧਾ ਨੇ ਕਿਹਾ ਕਿ ਦਿੱਲੀ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ ਤੇ ਮੋਦੀ ਸਰਕਾਰ ਤਿੰਨ ਕਾਲੇ ਕਿਸਾਨੀ ਕਾਨੂੰਨ ਵਾਪਸ ਨਾ ਲੈਣ ਤੇ ਅੜੀਅਲ ਰਵੱਈਏ ਵਿਰੁੱਧ ਤੇ 26 ਮਈ ਨੂੰ ਮੋਦੀ ਸਰਕਾਰ ਦੇ ਸੱਤ ਸਾਲ ਪੂਰੇ ਹੋਣ ਦੇ ਰੋਸ਼ ਵਜੋਂ ਕਾਲੇ ਦਿਵਸ ਦੇ ਤੌਰ ਤੇ ਮਨਾਇਆ ਜਾਵੇਗਾ।
ਜਿਸ ਵਿਚ ਜਿੱਥੇ ਪ੍ਰਧਾਨਮੰਤਰੀ ਮੋਦੀ ਦੇ ਪੁਤਲੇ ਸਾੜੇ ਜਾਣਗੇ। ਉਥੇ ਹੀ ਇਸ ਦੌਰਾਨ ਕਾਲੀਆਂ ਝੰਡੀਆਂ ਲੈ ਕੇ ਰੋਸ ਮੁਜ਼ਾਹਰੇ ਕੀਤੇ ਜਾਣਗੇ ਤਾਂ ਕਿ ਕਿਸਾਨੀ ਵਿਰੁੱਧ ਬਣੇ ਤਿੰਨ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਇਆ ਜਾਵੇ । ਮੀਟਿੰਗ ਦੌਰਾਨ ਹੀ 24 ਮਈ ਨੂੰ ਦੇਸ਼ ਦੀ ਆਜ਼ਾਦੀ ਵਿਚ ਆਪਣਾ ਅਹਿਮ ਯੋਗਦਾਨ ਪਾਉਣ ਵਾਲੇ ਪਰਵਾਨੇ ਡਾ ਦੀਵਾਨ ਸਿੰਘ ਕਾਲੇਪਾਣੀ ਦਾ ਜਨਮ ਦਿਵਸ ਮਨਾਉਣ ਦਾ ਵੀ ਫ਼ੈਸਲਾ ਕੀਤਾ ਗਿਆ । ਜਿਸ ਲਈ 24 ਮਈ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਡਾ ਦੀਵਾਨ ਸਿੰਘ ਕਾਲੇਪਾਣੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਜਾਣਗੇ ।
ਇਸ ਦੌਰਾਨ ਕਿਸਾਨੀ ਸੰਘਰਸ਼ ਵਿੱਚ ਸ਼ਹੀਦ ਹੋਏ ਆਗੂਆਂ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਦੌਰਾਨ ਕਰੋਨਾ ਕਾਲ ਦੇ ਚੱਲਦੇ ਪੰਜਾਬ ਸਰਕਾਰ ਵੱਲੋਂ ਦੁਕਾਨਾਂ ਦੇ ਖੁੱਲਣ ਦੇ ਸਮੇਂ ਨੂੰ ਵਧਾ ਕੇ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਕਰਨ ਦੀ ਵੀ ਮੰਗ ਕੀਤੀ ਗਈ। ਇਸ ਮੌਕੇ ਤੇ ਸਤਨਾਮ ਸਿੰਘ ਮੋਮੀ ਐਡਵੋਕੇਟ, ਨਰਿੰਦਰ ਸਿੰਘ ਸੋਨੀਆ, ਸੁਰਜੀਤ ਸਿੰਘ ਟਿੱਬਾ, ਮੁਖਤਿਆਰ ਸਿੰਘ ਢੋਟ, ਆਦਿ ਆਗੂ ਹਾਜ਼ਰ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly