ਨਵੀਂ ਦਿੱਲੀ (ਸਮਾਜ ਵੀਕਲੀ) : ਸੰਯੁਕਤ ਕਿਸਾਨ ਮੋਰਚੇ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ‘ਪ੍ਰਧਾਨ ਮੰਤਰੀ ਕਿਸਾਨ ਸੰਮਾਨ ਯੋਜਨਾ’ ਦੀ 8ਵੀਂ ਕਿਸ਼ਤ ਜਾਰੀ ਕਰਨ ਨੂੰ ਆਪਣੀ ‘ਦਿੱਖ’ ਚਮਕਾਉਣ ਦੀ ਕੋਸ਼ਿਸ਼ ਦੱਸਦਿਆਂ ਇਸ ਦੀ ਆਲੋਚਨਾ ਕੀਤੀ ਹੈ।
ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਕਿ ਇੱਕ ਪਾਸੇ ਕਰੀਬ 450 ਕਿਸਾਨ ਅੰੰਦੋਲਨ ਦੌਰਾਨ ਸ਼ਹੀਦੀਆਂ ਪਾ ਚੁੱਕੇ ਹਨ ਤੇ ਕਿਸਾਨ ਦਿੱਲੀ ਦੀਆਂ ਬਰੂਹਾਂ ’ਤੇ 5 ਮਹੀਨੇ ਤੋਂ ਵੱਧ ਸਮੇਂ ਤੋਂ ਡਟੇ ਹੋਣ ਦੇ ਬਾਵਜੂਦ ਕੇਂਦਰ ਸਰਕਾਰ ਤੋਂ ਹਮਦਰਦੀ ਦਾ ਇੱਕ ਵੀ ਸ਼ਬਦ ਨਹੀਂ ਸਰਿਆ ਤੇ ਹੁਣ ਕੇਂਦਰ ਸਰਕਾਰ ਕਿਸਾਨ ਸੰਮਾਨ ਯੋਜਨਾ ਦੀ ਇਹ ਕਿਸ਼ਤ ਭੇਜ ਕੇ ਕਿਸਾਨਾਂ ਦਾ ਸੰਮਾਨ ਕਰਨ ਦਾ ਦਿਖਾਵਾ ਕਰ ਰਹੀ ਹੈ। ਇਹ ਕਿਸਾਨਾਂ ਦਾ ਸੰਮਾਨ ਨਹੀਂ ਅਪਮਾਨ ਹੈ ਅਤੇ ਕਿਸਾਨਾਂ ਦਾ ਸਨਮਾਨ ਉੱਦੋਂ ਹੋਵੇਗਾ ਜਦੋਂ ਉਨ੍ਹਾਂ ਨੂੰ ਸਾਰੀਆਂ ਫਸਲਾਂ ਦੇ ਭਾਅ ਘੱਟੋ-ਘੱਟ ਸਮਰਥਨ ਮੁੱਲ ’ਤੇ ਗਾਰੰਟੀ ਕਾਨੂੰਨ ਨਾਲ ਮਿਲਣਗੇ।
ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਇਸ ਸਮੇਂ ਸਾਰੇ ਦੇਸ਼ ਦੇ ਕਿਸਾਨਾਂ ਦੀ ਸਭ ਤੋਂ ਵੱਡੀ ਜ਼ਰੂਰਤ ਘੱਟੋ ਘੱਟ ਸਮਰਥਨ ਮੁੱਲ ਹੈ। ਕਿਸਾਨ ਨੂੰ ਸਖਤ ਮਿਹਨਤ ਕਰਨ ਦੇ ਬਾਵਜੂਦ ਆਪਣੀਆਂ ਫਸਲਾਂ ਦੇ ਭਾਅ ਪ੍ਰਾਪਤ ਨਹੀਂ ਹੋ ਰਹੇ। ਉਨ੍ਹਾਂ ਕਿਹਾ ਕਿ ਅੱਜ ਆਪਣੇ ਭਾਸ਼ਣ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਹੈ ਕਿ ਐੱਮਐੱਸਪੀ ’ਤੇ ਕਣਕ ਦੀ ਖਰੀਦ ਪਿਛਲੇ ਸਾਲ ਮੁਕਾਬਲੇ ਇਸ ਸਾਲ 10 ਫੀਸਦ ਵਧੀ ਹੈ। ਸਰਕਾਰ ਨਾ ਤਾਂ ਜਨਤਾ ਨੂੰ ਭਰੋਸਾ ਦਿਵਾ ਸਕੀ ਹੈ ਅਤੇ ਨਾ ਹੀ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਵਿਚ ਦੱਸ ਸਕੀ ਹੈ ਕਿ ਸਾਰੇ ਕਿਸਾਨਾਂ ਨੂੰ ਸਾਰੀਆਂ ਫਸਲਾਂ ’ਤੇ ਐੱਮਐੱਸਪੀ ਮਿਲੇਗੀ।
ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਭਾਸ਼ਣ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਦੁਨੀਆ ਦੀ ਸਭ ਤੋਂ ਵੱਡੀ ਜਨਤਕ ਵੰਡ ਪ੍ਰਣਾਲੀ ਤਹਿਤ ਭਾਰਤ ਵਿੱਚ ਅਨਾਜ ਦਿੱਤਾ ਜਾ ਰਿਹਾ ਹੈ। ਸੰਯੰਕਤ ਕਿਸਾਨ ਮੋਰਚੇ ਨੇ ਸਰਕਾਰ ਨੂੰ ਸਮਝਾਇਆ ਹੈ ਕਿ ਇਹ ਤਿੰਨ ਖੇਤੀ ਕਾਨੂੰਨ ਲਾਗੂ ਹੋਣ ਤੋਂ ਬਾਅਦ ਇਹ ਸਿਸਟਮ ਖ਼ਤਰੇ ਵਿੱਚ ਪੈ ਜਾਵੇਗਾ। ਖੇਤੀ ਸੈਕਟਰ ਵਿਚ ਕਾਰਪੋਰੇਟਾਂ ਦੇ ਦਾਖਲੇ ਅਤੇ ਜ਼ਰੂਰੀ ਵਸਤੂਆਂ ’ਤੇ ਸਟਾਕ ਲਿਮਟ ਹਟਾਏ ਜਾਣ ਤੋਂ ਬਾਅਦ ਜਨਤਕ ਵੰਡ ਪ੍ਰਣਾਲੀ ਵੀ ਬੰਦ ਹੋ ਜਾਵੇਗੀ ਅਤੇ ਦੇਸ਼ ਦੇ ਬਹੁਤੇ ਗਰੀਬ ਲੋਕ ਭੁੱਖਮਰੀ ਦਾ ਸ਼ਿਕਾਰ ਹੋ ਜਾਣਗੇ।
ਸਤਨਾਮ ਸਿੰਘ ਅਜਨਾਲਾ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਹੈ ਕਿ ਪ੍ਰਧਾਨ ਮੰਤਰੀ ਅਤੇ ਖੇਤੀਬਾੜੀ ਮੰਤਰੀ ਨੇ ਅੱਜ ਦੇ ਪ੍ਰੋਗਰਾਮ ਵਿੱਚ ਇੱਕ ਵਾਰ ਵੀ ਸੰਘਰਸ਼ ਕਰ ਰਹੇ ਕਿਸਾਨਾਂ ਦਾ ਨਾਮ ਨਹੀਂ ਲਿਆ। ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ 22 ਜਨਵਰੀ ਤੋਂ ਬਾਅਦ ਸਰਕਾਰ ਨੇ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਨਹੀਂ ਕੀਤੀ। ਕਿਸਾਨ ਆਗੂ ਗੁਰਮਾਨ ਸਿੰਘ ਚੜੂਨੀ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਨੇ ਇੱਕ ਵਾਰ ਫਿਰ ਕਿਸਾਨ ਵਿਰੋਧੀ ਚਿਹਰਾ ਦਿਖਾਇਆ ਹੈ। ਆਪਣੀ ਨਾਕਾਮੀ ਛੁਪਾਉਂਦਿਆਂ ਖੱਟੜ ਨੇ ਕਿਹਾ ਹੈ ਕਿ ਪਿੰਡਾਂ ’ਚ ਕਿਸਾਨਾਂ ਕਾਰਨ ਕਰੋਨਾ ਫੈਲ ਗਿਆ ਹੈ। ਇਹ ਬਹੁਤ ਹੀ ਨਿੰਦਣਯੋਗ ਬਿਆਨ ਹੈ, ਅਸੀਂ ਇਸ ਦਾ ਵਿਰੋਧ ਕਰਦੇ ਹਾਂ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly