ਜਨੇਵਾ, (ਸਮਾਜ ਵੀਕਲੀ) : ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰਾਂ ਬਾਰੇ ਹਾਈ ਕਮਿਸ਼ਨਰ ਮਿਸ਼ੇਲ ਬਾਚੇਲੈ ਨੇ ਭਾਰਤ ਵਿਚ ਗ਼ੈਰ ਸਰਕਾਰੀ ਸੰਸਥਾਵਾਂ ਨੂੰ ਵਿਦੇਸ਼ਾਂ ਵਿਚੋਂ ਚੰਦਾ ਭੇਜਣ ’ਤੇ ਰੋਕ ਅਤੇ ਸਮਾਜਿਕ ਕਾਰਕੁਨਾਂ ਦੀ ਗ੍ਰਿਫ਼ਤਾਰੀ ’ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਮਨੁੱਖੀ ਅਧਿਕਾਰਾਂ ਦੇ ਰੱਖਵਾਲਿਆਂ ਤੇ ਗ਼ੈਰ ਸਰਕਾਰੀ ਸੰਸਥਾਵਾਂ ਦੇ ਹੱਕਾਂ ਦੀ ਰਾਖੀ ਕਰਨ ਦੀ ਅਪੀਲ ਕੀਤੀ ਹੈ।
ਸ੍ਰੀਮਤੀ ਬਾਚੇਲੈ ਨੇ ਕਿਹਾ ਕਿ ਭਾਰਤ ਵੱਡੀ ਆਬਾਦੀ ਵਾਲਾ ਦੇਸ਼ ਹੈ, ਜਿੱਥੇ ਲੋਕ ਦੇਸ਼ ਵਿੱਚ ਤੇ ਵਿਸ਼ਵ ਪੱਧਰ ’ਤੇ ਮਨੁੱਖੀ ਅਧਿਕਾਰਾਂ ਦੇ ਹੱਕ ਵਿਚ ਖੜ੍ਹਦੇ ਹਨ ਪਰ ਉਨ੍ਹਾਂ ਚਿੰਤਾ ਜ਼ਾਹਰ ਕੀਤੀ ਕਿ ਭਾਰਤ ਵਿਚ ਕਾਨੂੰਨ ਦੀ ਵਰਤੋਂ ਇਨ੍ਹਾਂ ਲੋਕਾਂ ਦੀ ਆਵਾਜ਼ ਨੂੰ ਦਬਾਉਣ ਵਾਸਤੇ ਕੀਤੀ ਜਾ ਰਹੀ ਹੈ। ਉਧਰ, ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ੍ਰੀਵਾਸਤਵ ਨੇ ਕਿਹਾ, ਉਨ੍ਹਾਂ ‘ਫੌਰਨ ਕੰਟਰੀਬਿਊਸ਼ਨ ਰੈਗੂਲੇਸ਼ਨ ਐਕਟ (ਐੱਫਸੀਆਰਏ) ਨਾਲ ਸਬੰਧਤ ਮੁੱਦੇ ’ਤੇ ਯੂਐੱਨ ਹਾਈ ਕਮਿਸ਼ਨਰ ਦੀ ਟਿੱਪਣੀ ਉਨ੍ਹਾਂ ਦੇ ਧਿਆਨ ਵਿੱਚ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਆੜ ਹੇਠ ਕਾਨੂੰਨ ਦੀ ਉਲੰਘਣਾ ਨੂੰ ਮੁਆਫ਼ ਨਹੀਂ ਕੀਤਾ ਜਾ ਸਕਦਾ।