ਭਾਜਪਾ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਹਰਮੋਹਨ ਧਵਨ 12 ਨਵੰਬਰ ਨੂੰ ਭਾਜਪਾ ਨੂੰ ਅਲਵਿਦਾ ਕਹਿ ਦੇਣਗੇ। ਉਨ੍ਹਾਂ ਵੱਲੋਂ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਣ ਦਾ ਫੈਸਲਾ ਲੈ ਲਿਆ ਹੈ ਅਤੇ ‘ਆਪ’ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਕੇ ਸਾਲ 2019 ਦੀਆਂ ਚੋਣਾਂ ਦੌਰਾਨ ਲੋਕ ਸਭਾ ਹਲਕਾ ਚੰਡੀਗੜ੍ਹ ਤੋਂ ਮੈਦਾਨ ਵਿੱਚ ਉਤਾਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਭਾਜਪਾ ਦੀ ਕੌਮੀ ਕਾਰਜਕਾਰਨੀ ਦੇ ਮੈਂਬਰ ਸ੍ਰੀ ਧਵਨ ਨੇ ‘ਪੰਜਾਬੀ ਟ੍ਰਿਬਿਊਨ’ ਨਾਲ ਗੱਲਬਾਤ ਕਰਦਿਆਂ ਖੁਲਾਸਾ ਕੀਤਾ ਕਿ ਉਹ 12 ਨਵੰਬਰ ਨੂੰ ਆਪਣਾ ਅਸਤੀਫਾ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੂੰ ਭੇਜ ਦੇਣਗੇ। ਇਸ ਮਗਰੋਂ ਉਹ 18 ਨਵੰਬਰ ਨੂੰ ਆਪਣੇ ਸਮਰਥਕਾਂ ਦਾ ਵੱਡਾ ਇਕੱਠ ਕਰਨਗੇ ਤੇ ‘ਆਪ’ ਵਿਚ ਸ਼ਾਮਲ ਹੋਣ ਦਾ ਐਲਾਨ ਕਰਨਗੇ। ਉਨ੍ਹਾਂ ਕਿਹਾ ਕਿ ਭਾਜਪਾ ਨੇ ਸਾਲ 2014 ਵਿੱਚ ਉਨ੍ਹਾਂ ਨੂੰ ਲੋਕ ਸਭਾ ਚੋਣ ਲਈ ਟਿਕਟ ਦੇਣ ਦੀ ਥਾਂ ਇਹ ਟਿਕਟ ਕਿਰਨ ਖੇਰ ਨੂੰ ਦੇ ਦਿੱਤੀ ਸੀ। ਇਸ ਦੇ ਬਾਵਜੂਦ ਉਨ੍ਹਾਂ ਨੇ ਕਿਰਨ ਖੇਰ ਨੂੰ ਜਿਤਾਉਣ ਲਈ ਹਰੇਕ ਸੰਭਵ ਯਤਨ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਕਿਰਨ ਖੇਰ ਨੇ ਜਿੱਤਣ ਤੋਂ ਬਾਅਦ ਉਨ੍ਹਾਂ ਦੀ ਸਾਰ ਨਹੀਂ ਲਈ ਅਤੇ ਪਾਰਟੀ ਨੇ ਵੀ ਉਨ੍ਹਾਂ ਨੂੰ ਪੂਰੀ ਇੱਜ਼ਤ ਨਹੀਂ ਦਿੱਤੀ। ਇਸ ਕਾਰਨ ਉਨ੍ਹਾਂ ਕੋਲ ਪਾਰਟੀ ਨੂੰ ਛੱਡਣ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਉਹ ਜਦੋਂ ਕਾਂਗਰਸ ਵਿੱਚ ਸ਼ਾਮਲ ਹੋਏ ਸਨ ਤਾਂ ਇਸ ਪਾਰਟੀ ਨੇ ਵੀ ਉਨ੍ਹਾਂ ਦਾ ਮੁੱਲ ਨਹੀਂ ਪਾਇਆ ਸੀ। ਇਸੇ ਦੌਰਾਨ ‘ਆਪ’ ਚੰਡੀਗੜ੍ਹ ਦੇ ਕਨਵੀਨਰ ਪ੍ਰੇਮ ਗਰਗ ਨੇ ਵੀ ਪੁਸ਼ਟੀ ਕੀਤੀ ਕਿ ਸ੍ਰੀ ਧਵਨ ਨੂੰ ਪਾਰਟੀ ਵਿਚ ਸ਼ਾਮਲ ਕਰਨ ਦਾ ਫੈਸਲਾ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਇਕਾਈ ਨੇ ਸਾਲ 2019 ਦੀਆਂ ਲੋਕ ਸਭਾ ਚੋਣ ਲਈ ਚੰਡੀਗੜ੍ਹ ਤੋਂ ਯੂਟੀ ਦੇ ਪ੍ਰਸ਼ਾਸਕ ਦੇ ਸਾਬਕਾ ਸਲਾਹਕਾਰ ਵਿਜੈ ਕੁਮਾਰ ਦੇਵ ਜਾਂ ਹਰਮੋਹਨ ਧਵਨ ਨੂੰ ਟਿਕਟ ਦੇਣ ਦੀ ਹਾਈ ਕਮਾਂਡ ਨੂੰ ਸਿਫਾਰਸ਼ ਕੀਤੀ ਸੀ। ਸ੍ਰੀ ਦੇਵ ਵੱਲੋਂ ਚੋਣ ਲੜਣੀ ਸੰਭਵ ਨਹੀਂ ਸੀ ਕਿਉਂਕਿ ਉਨ੍ਹਾਂ ਦੀ ਰਿਟਾਇਰਮੈਂਟ ਸਾਲ 2023 ਵਿਚ ਹੈ। ਇਸ ਕਾਰਨ ਸ੍ਰੀ ਧਵਨ ਨੂੰ ਟਿਕਟ ਦੇਣ ਦਾ ਫੈਸਲਾ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਸਾਲ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ‘ਆਪ’ ਦੀ ਉਮੀਦਵਾਰ ਗੁਲ ਪਨਾਗ ਨੂੰ 1.08 ਲੱਖ ਵੋਟਾਂ ਮਿਲੀਆਂ ਸਨ ਤੇ ਉਹ ਚੋਣ ਹਾਰ ਗਈ ਸੀ।
INDIA ਹਰਮੋਹਨ ਧਵਨ ਭਾਜਪਾ ਨੂੰ ਅਲਵਿਦਾ ਕਹਿ ਕੇ ‘ਆਪ’ ਦਾ ਫੜਨਗੇ ਪੱਲਾ