ਚੰਡੀਗੜ੍ਹ (ਸਮਾਜ ਵੀਕਲੀ) : ਭਾਰਤੀ ਜਨਤਾ ਪਾਰਟੀ ਨੇ ਆਪਣੇ ਪੁਰਾਣੇ ਭਾਈਵਾਲਾਂ ਖਿਲਾਫ਼ ਖੁੱਲ੍ਹੀ ਸਿਆਸੀ ਜੰਗ ਛੇੜ ਦਿੱਤੀ ਹੈ। ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਖੇਤੀ ਕਾਨੂੰਨਾਂ ਦੀ ਤਰਫ਼ਦਾਰੀ ਕਰਨ ਲਈ ਉਚੇਚੇ ਤੌਰ ’ਤੇ ਇੱਥੇ ਪਹੁੰਚੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਪੁਰੀ ਨੇ ਦਾਅਵਾ ਕੀਤਾ ਕਿ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਰਹਿੰਦਿਆਂ ਕਦੇ ਵੀ ਨਵੇਂ ਖੇਤੀ ਬਿੱਲਾਂ ਦਾ ਵਿਰੋਧ ਨਹੀਂ ਕੀਤਾ।
ਹਰਸਿਮਰਤ ਬਾਦਲ ਵੱਲੋਂ ਕੇਂਦਰੀ ਮੰਤਰੀ ਮੰਡਲ ਦੀਆਂ ਮੀਟਿੰਗਾਂ ਦੌਰਾਨ ਬਿੱਲਾਂ ਬਾਰੇ ਆਪਣਾ ਪੱਖ ਰੱਖਣ ਦੇ ਦਾਅਵਿਆਂ ਬਾਰੇ ਸ੍ਰੀ ਪੁਰੀ ਨੇ ਕਿਹਾ ਕਿ ਊਨ੍ਹਾਂ ਇਸ ਬਾਰੇ ਨਾ ਕਦੇ ਕੁਝ ਸੁਣਿਆ ਅਤੇ ਨਾ ਹੀ ਦੇਖਿਆ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ 6 ਸਤੰਬਰ ਤੋਂ ਪਹਿਲਾਂ ਅਕਾਲੀ ਦਲ ਦੀ ਸੁਰ ਹੋਰ ਸੀ ਅਤੇ ਹਰਸਿਮਰਤ ਵੱਲੋਂ ਅਸਤੀਫ਼ਾ ਦੇਣ ਤੇ ਗੱਠਜੋੜ ’ਚੋਂ ਬਾਹਰ ਆਉਣ ਮਗਰੋਂ ਇਹ ਬਿਲਕੁਲ ਹੀ ਬਦਲ ਗਈ ਹੈ। ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਕਿਸਾਨਾਂ, ਜਥੇਬੰਦੀਆਂ ਅਤੇ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਸੰਬੋਧਨ ਕਰਦਿਆਂ ਊਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਮਦਨੀ ਦੁੱਗਣੀ ਕਰਨ ਅਤੇ ਉਨ੍ਹਾਂ ਦੇ ਸ਼ਕਤੀਕਰਨ ਨੂੰ ਧਿਆਨ ਵਿੱਚ ਰਖਦਿਆਂ ਇਸ ’ਚ ਸੋਧ ਕੀਤੀ ਗਈ ਹੈ।
‘ਜੇ ਕਿਸੇ ਨੂੰ ਹਾਲੇ ਵੀ ਕੋਈ ਇਤਰਾਜ਼ ਹੈ, ਤਾਂ ਉਹ ਸੂਬਾ ਭਾਜਪਾ ਦੇ ਅਹੁਦੇਦਾਰਾਂ ਨਾਲ ਸੰਪਰਕ ਕਰਕੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਪ੍ਰਾਪਤ ਕਰ ਸਕਦਾ ਹੈ ਅਤੇ ਜੇ ਕੋਈ ਸੰਗਠਨ ਕੇਂਦਰ ਸਰਕਾਰ ਨਾਲ ਗੱਲ ਕਰਨਾ ਚਾਹੁੰਦਾ ਹੈ, ਤਾਂ ਸੂਬਾ ਭਾਜਪਾ ਉਸ ਦੀ ਗੱਲਬਾਤ ਕਰਵਾ ਸਕਦੀ ਹੈ।’ ਸ੍ਰੀ ਪੁਰੀ ਨੇ ਕਿਹਾ ਕਿ ਕਾਂਗਰਸ, ‘ਆਪ’ ਅਤੇ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਨਾਮ ’ਤੇ ਸਿਆਸੀ ਨਾਟਕ ਕਰ ਰਹੇ ਹਨ। ਦੂਜੇ ਪਾਸੇ, ਸ਼੍ਰੋਮਣੀ ਅਕਾਲੀ ਦਲ ਪਿਛਲੇ ਤਿੰਨ ਮਹੀਨਿਆਂ ਤੋਂ ਇਨ੍ਹਾਂ ਆਰਡੀਨੈਂਸਾਂ ’ਤੇ ਮੋਦੀ ਸਰਕਾਰ ਨਾਲ ਸੀ, ਪਰ ਹੁਣ ਊਹ ਵੀ ਇਸ ਰਾਜਨੀਤਿਕ ਡਰਾਮੇ ਵਿਚ ਸ਼ਾਮਲ ਹੋ ਗਿਆ ਹੈ।
ਕੇਂਦਰੀ ਮੰਤਰੀ ਨੇ ਕਿਹਾ ਕਿ ਕਾਂਗਰਸ ਦੇ 2019 ਦੇ ਚੋਣ ਮੈਨੀਫੈਸਟੋ ਵਿੱਚ ਵੀ ਇਨ੍ਹਾਂ ਖੇਤੀ ਬਿੱਲਾਂ ਦਾ ਵੇਰਵਾ ਦਿੱਤਾ ਗਿਆ ਹੈ ਪਰ ਕਾਂਗਰਸ ਹੁਣ ਇਨ੍ਹਾਂ ਬਾਰੇ ਕਿਸਾਨਾਂ ਨੂੰ ਝੂਠ ਬੋਲ ਰਹੀ ਹੈ। ਉਨ੍ਹਾਂ ਕਿਹਾ ਜ਼ੋਰ ਦੇ ਕੇ ਕਿਹਾ ਕਿ ਐੱਮਐੱਸਪੀ ਪਹਿਲਾਂ ਵਾਂਗ ਜਾਰੀ ਰਹੇਗਾ ਅਤੇ ਇਸ ਦਾ ਸਬੂਤ ਇਹ ਹੈ ਕਿ ਮੋਦੀ ਸਰਕਾਰ ਨੇ ਸਮੇਂ ਤੋਂ ਪਹਿਲਾਂ ਹੀ ਕਿਸਾਨਾਂ ਦੀਆਂ ਹਾੜੀ ਦੀਆਂ ਫ਼ਸਲਾਂ ਦੇ ਐੱਮਐੱਸਪੀ ਵਿੱਚ ਵਾਧਾ ਕੀਤਾ ਹੈ।
‘ਮੋਦੀ ਸਰਕਾਰ ਕਹਿ ਰਹੀ ਹੈ ਕਿ ਮੰਡੀਆਂ ਵਿਚ ਵੀ ਕੋਈ ਤਬਦੀਲੀ ਨਹੀਂ ਹੋਵੇਗੀ ਅਤੇ ਸਰਕਾਰ ਮੰਡੀਆਂ ਵਿਚ ਅਨਾਜ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ। ਪਰ ਕਾਂਗਰਸ, ‘ਆਪ’ ਅਤੇ ਅਕਾਲੀ ਦਲ ਵਾਰ-ਵਾਰ ਇਸ ਮੁੱਦੇ ’ਤੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ। ਸ੍ਰੀ ਪੁਰੀ ਨੇ ਕਿਹਾ ਕਿ ਕਾਂਗਰਸ ਵੱਲੋਂ ਟਰੈਕਟਰ ਸਾੜਨਾ ਅਤੇ ਭਾਜਪਾ ਦਫ਼ਤਰਾਂ ਵਿੱਚ ਦਾਖ਼ਲ ਹੋ ਕੇ ਨਾਅਰੇਬਾਜ਼ੀ ਕਰਨਾ ਜਨਤਕ ਗੁੰਡਾਗਰਦੀ ਹੈ। ਊਨ੍ਹਾਂ ਕਿਹਾ ਕਿ ਕਿਸਾਨ ਕਦੇ ਵੀ ਆਪਣਾ ਟਰੈਕਟਰ ਨਹੀਂ ਸਾੜਨਗੇ ਕਿਉਂਕਿ ਉਹ ਖੇਤੀ ਸਾਧਨਾਂ ਦੀ ਪੂਜਾ ਕਰਦੇ ਹਨ।
ਭਾਜਪਾ ਦੇ ਸੰਸਦ ਮੈਂਬਰ ਸੋਮ ਪ੍ਰਕਾਸ਼ ਨੇ ਕਿਹਾ ਕਿ ਪਹਿਲੀ ਵਾਰ ਕਿਸੇ ਵੀ ਸਰਕਾਰ ਦੇ ਪ੍ਰਧਾਨ ਮੰਤਰੀ ਨੇ ਸਵਾਮੀਨਾਥਨ ਰਿਪੋਰਟ ਦੇ ਆਧਾਰ ’ਤੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਕਦਮ ਊਠਾਏ ਗਏ ਹਨ। ਊਨ੍ਹਾਂ ਕਿਹਾ ਕਿ ਸਰਕਾਰ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) ਤੈਅ ਕਰਦੀ ਹੈ। ਜੇ ਕਿਸੇ ਫ਼ਸਲ ਦਾ ਬਹੁਤ ਜ਼ਿਆਦਾ ਝਾੜ ਹੁੰਦਾ ਹੈ, ਤਾਂ ਇਸ ਦੇ ਬਾਜ਼ਾਰ ਦੀਆਂ ਕੀਮਤਾਂ ਵਿਚੋਲਿਆਂ ਵੱਲੋਂ ਘਟਾ ਦਿੱਤੀਆਂ ਜਾਂਦੀਆਂ ਹਨ, ਫਿਰ ਐੱਮਐੱਸਪੀ ਕਿਸਾਨਾਂ ਲਈ ਇਕ ਨਿਸ਼ਚਤ ਬੀਮੇ ਦੀ ਕੀਮਤ ਵਜੋਂ ਕੰਮ ਕਰਦਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਈ ਵਾਰ ਸਪੱਸ਼ਟ ਕੀਤਾ ਹੈ ਕਿ ਘੱਟੋ ਘੱਟ ਸਮਰਥਨ ਮੁੱਲ ਖ਼ਤਮ ਨਹੀਂ ਹੋਵੇਗਾ। ਇਸ ਮੌਕੇ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਅਰੁਣ ਸੂਦ, ਪ੍ਰਦੇਸ਼ ਭਾਜਪਾ ਦੇ ਜਨਰਲ ਸਕੱਤਰ ਜੀਵਨ ਗੁਪਤਾ, ਡਾ. ਸੁਭਾਸ਼ ਸ਼ਰਮਾ, ਮਲਵਿੰਦਰ ਸਿੰਘ ਕੰਗ ਵੀ ਮੌਜੂਦ ਸਨ।