ਚੰਡੀਗੜ੍ਹ (ਸਮਾਜ ਵੀਕਲੀ): ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਾਹਰਲੀਆਂ ਸੜਕਾਂ ’ਤੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕੀਤੀ ਜਾਣ ਵਾਲੀ ‘ਕਿਸਾਨ ਟਰੈਕਟਰ ਪਰੇਡ’ ਲਈ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਨੇ ਤਿਆਰੀਆਂ ਖਿੱਚ ਲਈਆਂ ਹਨ। ਟਰੈਕਟਰ ਪਰੇਡ ਵਿੱਚ ਹਿੱਸਾ ਲੈਣ ਲਈ ਹਜ਼ਾਰਾਂ ਟਰੈਕਟਰਾਂ ਦੇ ਕਾਫ਼ਲੇ ਦਿੱਲੀ ਵੱਲ ਕੂਚ ਕਰ ਰਹੇ ਹਨ। ਇਨ੍ਹਾਂ ਕਾਫ਼ਲਿਆਂ ਵਿੱਚ ਸ਼ਾਮਲ ਨੌਜਵਾਨ ਕੇਂਦਰ ਦੀਆਂ ਗਲਤ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਦਿਖਾਈ ਦੇ ਰਹੇ ਹਨ।
ਮਿਲੀ ਜਾਣਕਾਰੀ ਅਨੁਸਾਰ ਜੀਂਦ ਦੇ ਖਟਕੜ ਟੌਲ ਪਲਾਜ਼ਾ ਤੋਂ ਹੁਣ ਤੱਕ ਤਿੰਨ ਹਜ਼ਾਰ ਤੋਂ ਵੱਧ ਟਰੈਕਟਰਾਂ ਦਾ ਕਾਫ਼ਲਾ ਦਿੱਲੀ ਲਈ ਰਵਾਨਾ ਹੋ ਚੁੱਕਿਆ ਹੈ। ਦੂਜੇ ਪਾਸੇ ਸੂਬੇ ਦੇ ਵੱਖ-ਵੱਖ ਟੌਲ ਪਲਾਜ਼ਿਆਂ ’ਤੇ ਲੱਗੇ ਧਰਨੇ ਜਾਰੀ ਹਨ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਬੈਂਸ ਨੇ ਦੱਸਿਆ ਕਿ ਹਰਿਆਣਾ ਦੇ ਲੋਕ ਵਧ-ਚੜ੍ਹ ਕੇ ਟਰੈਕਟਰ ਪਰੇਡ ’ਚ ਹਿੱਸਾ ਲੈਣ ਲਈ ਦਿੱਲੀ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹਾਲੇ ਵੀ ਕਿਸਾਨੀ ਸੰਘਰਸ਼ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ ਪਰ ਤਿੰਨੋਂ ਖੇਤੀ ਕਾਨੂੰਨ ਰੱਦ ਹੋਣ ਤੱਕ ਇਹ ਕਿਸਾਨੀ ਸੰਘਰਸ਼ ਜਾਰੀ ਰਹੇਗਾ।
ਖਟਕੜ ਟੌਲ ਪਲਾਜ਼ਾ ’ਤੇ ਲੱਗੇ ਧਰਨੇ ਦੀ ਅਗਵਾਈ ਕਰ ਰਹੇ ਬਾਹੜਨ ਖਾਪ ਦੇ ਜਨਰਲ ਸਕੱਤਰ ਆਜ਼ਾਦ ਪਲਵਾ ਨੇ ਦੱਸਿਆ ਕਿ ਸਵੇਰ ਤੋਂ ਹੀ ਖਟਕੜ ਟੌਲ ਪਲਾਜ਼ਾ ’ਤੇ ਦਿੱਲੀ ਜਾਣ ਵਾਲੇ ਟਰੈਕਟਰਾਂ ਦੀਆਂ ਲਾਈਨਾਂ ਲੱਗਣੀਆਂ ਸ਼ੁਰੂ ਹੋ ਗਈਆਂ ਸਨ ਜਿਨ੍ਹਾਂ ਨੂੰ ਇਕ ਲਾਈਨ ਵਿੱਚ ਆਵਾਜਾਈ ਨਿਯਮਾਂ ਦੀ ਪਾਲਣਾ ਕਰਦਿਆਂ ਤੋਰਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਦਿੱਲੀ ਕੂਚ ਕਰਨ ਵਾਲੇ ਟਰੈਕਟਰਾਂ ਦੇ ਕਾਫ਼ਲੇ ਵਿੱਚ ਵੱਡੀ ਸ਼ਮੂਲੀਅਤ ਔਰਤਾਂ ਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਪਰੇਡ ਨੂੰ ਕਿਸੇ ਨੇ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਜਿਵੇਂ ਪਹਿਲਾਂ ਕਿਸਾਨ ਸਾਰੇ ਅੜਿੱਕਿਆਂ ਨੂੰ ਤੋੜਦੇ ਹੋਏ ਦਿੱਲੀ ਪਹੁੰਚੇ ਸਨ ਉਸੇ ਤਰ੍ਹਾਂ ਇਹ ਟਰੈਕਟਰ ਪਰੇਡ ਵੀ ਕੱਢ ਕੇ ਰਹਿਣਗੇ।
ਭਾਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਪ੍ਰਧਾਨ ਰਵੀ ਆਜ਼ਾਦ ਦੀ ਅਗਵਾਈ ਵਿੱਚ ਵੱਡੀ ਗਿਣਤੀ ਕਿਸਾਨ ਭਿਵਾਨੀ ਤੋਂ ਹਜ਼ਾਰਾਂ ਟਰੈਕਟਰਾਂ ਦਾ ਕਾਫ਼ਲਾ ਲੈ ਕੇ 24 ਜਨਵਰੀ ਨੂੰ ਸਵੇਰੇ 10 ਵਜੇ ਦਿੱਲੀ ਲਈ ਰਵਾਨਾ ਹੋਣਗੇ। ਉਨ੍ਹਾਂ ਦੱਸਿਆ ਕਿ ਕਿਸਾਨ ਜਥੇਬੰਦੀਆਂ ਦੇ ਆਗੂ ਟਰੈਕਟਰ ਲੈ ਕੇ ਲੋਹਾਨੀ ਤੇ ਮੁਢਾਲ ’ਚ ਇਕੱਠੇ ਹੋਣਗੇ ਜਿੱਥੋਂ ਉਹ ਦਿੱਲੀ ਵੱਲ ਕੂਚ ਕਰਨਗੇ। ਸੂਬੇ ਦੀਆਂ ਖਾਪ ਪੰਚਾਇਤਾਂ ਵੱਲੋਂ ਵੀ ਆਪੋ-ਆਪਣੇ ਇਲਾਕੇ ਵਿੱਚ ਕਿਸਾਨ ਮਹਾਪੰਚਾਇਤ ਸੱਦ ਕੇ ਟਰੈਕਟਰ ਪਰੇਡ ਵਿੱਚ ਹਿੱਸਾ ਲੈਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਹ ਖਾਪ ਪੰਚਾਇਤਾਂ ਵੀ 24 ਜਨਵਰੀ ਨੂੰ ਇਕੱਠੀ ਹੋ ਕੇ ਦਿੱਲੀ ਲਈ ਰਵਾਨਾ ਹੋਣਗੀਆਂ। ਦੂਜੇ ਪਾਸੇ ਹਰਿਆਣਾ ਪੁਲੀਸ ਨੇ ਗਣਤੰਤਰ ਦਿਵਸ ਮੌਕੇ ਹੋਣ ਵਾਲੇ ਸਮਾਗਮਾਂ ਦੀ ਸੁਰੱਖਿਆ ਲਈ ਸਾਰੇ ਪ੍ਰਬੰਧ ਮੁਕੰਮਲ ਕਰਨ ਦਾ ਦਾਅਵਾ ਕੀਤਾ ਹੈ।