ਹਰਿਆਣਾ ਦੇ ਮੁੱਖ ਮੰਤਰੀ ਦਾ ਘਿਰਾਓ ਕਰਨ ’ਤੇ ਮਜੀਠੀਆ ਸਣੇ ਅਕਾਲੀ ਦਲ ਦੇ 9 ਵਿਧਾਇਕਾਂ ਖ਼ਿਲਾਫ਼ ਕੇਸ ਦਰਜ

ਚੰਡੀਗੜ੍ਹ (ਸਮਾਜ ਵੀਕਲੀ) : ਪੰਜਾਬ ਦੇ ਬਜਟ ਇਜਲਾਸ ਦੇ ਅਖੀਰਲੇ ਦਿਨ 10 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਵਿਧਾਨ ਸਭਾ ਦੇ ਬਾਹਰ ਘੇਰਨ ’ਤੇ ਚੰਡੀਗੜ੍ਹ ਪੁਲੀਸ ਨੇ 9 ਅਕਾਲੀ ਵਿਧਾਇਕਾਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਕਾਰਵਾਈ ਥਾਣਾ ਸੈਕਟਰ-3 ਨੇ ਸਕੱਤਰ ਸੰਦੀਪ ਮਾਰਸ਼ਲ ਦੀ ਸ਼ਿਕਾਇਤ ’ਤੇ ਕੀਤੀ ਹੈ। ਪੁਲੀਸ ਵੱਲੋਂ ਨਾਮਜ਼ਦ ਵਿਧਾਇਕਾਂ ਵਿੱਚ ਸ਼ਰਨਜੀਤ ਸਿੰਘ, ਬਿਕਰਮ ਸਿੰਘ ਮਜੀਠੀਆ, ਬਲਦੇਵ ਸਿੰਘ ਖਹਿਰਾ, ਸੁਖਵਿੰਦਰ ਕੁਮਾਰ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਕੰਵਰਜੀਤ ਸਿੰਘ, ਮਨਪ੍ਰੀਤ ਸਿੰਘ ਅਯਾਲੀ, ਗੁਰਪ੍ਰਤਾਪ ਸਿੰਘ ਵਡਾਲਾ, ਐੱਨਕੇ ਸ਼ਰਮਾ ਅਤੇ 10 ਅਣਪਛਾਤੇ ਸ਼ਾਮਲ ਹਨ। ਇਨ੍ਹਾਂ ਖ਼ਿਲਾਫ਼ ਥਾਣਾ ਸੈਕਟਰ-3 ਵਿੱਚ ਆਈਪੀਸੀ ਦੀ ਧਾਰਾ 186, 323, 341, 511 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਘਟਨਾ ਸਬੰਧੀ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਦਾ ਘਿਰਾਓ ਕਰਨ ਅਤੇ ਕਾਲੀ ਝੰਡੀਆਂ ਵਿਖਾਉਣ ਦੀ ਨਿੰਦਾ ਕੀਤੀ ਸੀ। ਇਸ ਦੇ ਨਾਲ ਹੀ ਹਰਿਆਣਾ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਬੈਠਕ ਕਰਕੇ ਮਾਮਲੇ ਦੀ ਜਾਂਚ ਕਰਨ ਦੇ ਆਦੇਸ਼ ਦਿੱਤੇ ਸਨ।

Previous articleਸਰਕਾਰੀ ਬੈਂਕਾਂ ਦਾ ਨਿੱਜੀਕਰਨ ਵਿੱਤੀ ਸੁਰੱਖਿਆ ਨਾਲ ਸਮਝੌਤਾ
Next articleਭਾਜਪਾ ਮੇਰੀ ਹੱਤਿਆ ਦੀ ਸਾਜ਼ਿਸ਼ ਰਚ ਰਹੀ ਹੈ: ਮਮਤਾ ਬੈਨਰਜੀ