ਚੰਡੀਗੜ੍ਹ (ਸਮਾਜ ਵੀਕਲੀ): ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਘੋਲ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਅੱਜ ਹਰਿਆਣਾ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਤਿੰਨ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਕਿਸਾਨਾਂ ਨੇ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ। ਕਿਸਾਨਾਂ ਵੱਲੋਂ ਆਪਣੀ ਹੋਂਦ ਨੂੰ ਬਚਾਉਣ ਲਈ ਠੰਢੀਆਂ ਰਾਤਾਂ ਵਿੱਚ ਖੁੱਲ੍ਹੇ ਅਸਮਾਨ ਹੇਠ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਦੀ ਥਾਂ ਕਿਸਾਨੀ ਸੰਘਰਸ਼ ਨੂੰ ਕਮਜ਼ੋਰ ਕਰਨ ਲਈ ਪੈਂਤੜੇ ਖੇਡ ਰਹੀ ਹੈ।
ਕਿਸਾਨੀ ਸੰਘਰਸ਼ ਸਬੰਧੀ ਕੇਂਦਰ ਦੇ ਅੜੀਅਲ ਵਤੀਰੇ ਖ਼ਿਲਾਫ਼ ਲੋਕ ਮਨਾਂ ਵਿੱਚ ਰੋਹ ਭੱਖਦਾ ਜਾ ਰਿਹਾ ਹੈ। ਹਰਿਆਣਾ ਦੇ ਕਿਸਾਨਾਂ ਵੱਲੋਂ 26 ਜਨਵਰੀ ਨੂੰ ਦਿੱਲੀ ਬਾਰਡਰ ’ਤੇ ਕੀਤੀ ਜਾਣ ਵਾਲੀ ‘ਟਰੈਕਟਰ ਮਾਰਚ ਪਰੇਡ’ ਅਤੇ 19 ਜਨਵਰੀ ਨੂੰ ਸੂਬੇ ਵਿੱਚ ਜ਼ਿਲ੍ਹਾ ਪੱਧਰ ’ਤੇ ਕੀਤੇ ਜਾਣ ਵਾਲੇ ਟਰੈਕਟਰ ਮਾਰਚ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਅੱਜ ਭਾਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਪ੍ਰਧਾਨ ਰਵੀ ਆਜ਼ਾਦ ਨੇ ਭਿਵਾਨੀ ਵਿੱਚ ਵੱਖ-ਵੱਖ ਥਾਵਾਂ ’ਤੇ ਮੀਟਿੰਗਾਂ ਕਰਕੇ ਸਾਰਿਆਂ ਨੂੰ ਟਰੈਕਟਰ ਮਾਰਚ ਵਿੱਚ ਹਿੱਸਾ ਲੈਣ ਲਈ ਪ੍ਰੇਰਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਭਿਵਾਨੀ ਵਿੱਚ ਖੇਤੀ ਕਾਨੂੰਨ ਦੀਆਂ ਕਾਪੀਆਂ ਸਾੜ ਕੇ ਲੋਹੜੀ ਮਨਾਈ।
ਆਜ਼ਾਦ ਨੇ ਦੱਸਿਆ ਕਿ ਕੇਂਦਰ ਸਰਕਾਰ ਘਟੀਆ ਰਾਜਨੀਤੀ ਕਰਦੇ ਹੋਏ ਕਿਸਾਨੀ ਸੰਘਰਸ਼ ਨੂੰ ਕਮਜ਼ੋਰ ਕਰਦਾ ਚਾਹੁੰਦੀ ਹੈ। ਕੇਂਦਰ ਦੀਆਂ ਘਟੀਆ ਚਾਲਾਂ ਨੂੰ ਭਾਂਜ ਦੇਣ ਲਈ ਸਾਰਿਆਂ ਦਾ ਇਕਮੁੱਠ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਿਆਸੀ ਪਾਰਟੀਆਂ ਦੇ ਆਗੂ ਕਿਸਾਨੀ ਸੰਘਰਸ਼ ਦੀ ਆੜ ਵਿੱਚ ਸਿਆਸੀ ਲਾਹਾ ਲੈਣਾ ਚਾਹੁੰਦੇ ਹਨ, ਪਰ ਕਿਸੇ ਵੀ ਸਿਆਸੀ ਪਾਰਟੀ ਦੇ ਆਗੂ ਨੂੰ ਕਿਸਾਨ ਸੰਘਰਸ਼ ਦੀ ਸਟੇਜ ’ਤੇ ਬੋਲਣ ਨਹੀਂ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਭਾਜਪਾ ਅਤੇ ਜੇਜੇਪੀ ਦੇ ਸਮਾਗਮਾਂ ਅਤੇ ਆਗੂਆਂ ਦੇ ਵਿਰੋਧ ਦਾ ਸੱਦਾ ਦਿੱਤਾ।
ਉਧਰ ਹਰਿਆਣਾ ਵਿੱਚ ਭਾਜਪਾ, ਜੇਜੇਪੀ, ਅੰਬਾਨੀ-ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਅਤੇ ਟੌਲ ਪਲਾਜ਼ਿਆਂ ’ਤੇ ਧਰਨੇ ਬਾਦਸਤੂਰ ਜਾਰੀ ਰਹੇ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕੌਮੀ ਰਾਜਧਾਨੀ ਵਿੱਚ ਕੱਢੀ ਜਾਣ ਵਾਲੀ ਟਰੈਕਟਰ ਮਾਰਚ ਪਰੇਡ ਸਰਕਾਰ ਦੇ ਸਾਰੇ ਵਹਿਮ ਭਰਮ ਦੂਰ ਕਰ ਦੇਵੇਗੀ। ਇਸ ਵਿੱਚ ਸੂਬੇ ਦੇ ਹਰ ਪਿੰਡ ਵਿੱਚੋਂ ਘੱਟੋ-ਘੱਟ 10 ਟਰੈਕਟਰ ਜ਼ਰੂਰ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਸੰਘਰਸ਼ ਤੋਂ ਘਬਰਾ ਗਈ ਹੈ। ਇਸੇ ਕਰਕੇ ਉਹ ਸੁਪਰੀਮ ਕੋਰਟ ਦਾ ਸਹਾਰਾ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਚੁੱਪ ਕਰਾਉਣਾ ਚਾਹੁੰਦੀ ਹੈ, ਪਰ ਦੇਸ਼ ਦਾ ਕਿਸਾਨ ਖੇਤੀ ਕਾਨੂੰਨਾਂ ਦੇ ਰੱਦ ਹੋਣ ਤੱਕ ਆਪਣਾ ਸੰਘਰਸ਼ ਜਾਰੀ ਰੱਖੇਗਾ।