ਚੰਡੀਗੜ੍ਹ (ਸਮਾਜ ਵੀਕਲੀ): ਹਰਿਆਣਾ ਸਰਕਾਰ ਨੇ ਗੰਨੇ ਦੇ ਭਾਅ ਵਿੱਚ 12 ਰੁਪਏ ਵਾਧਾ ਕਰ ਦਿੱਤਾ ਹੈ ਜਿਸ ਨਾਲ ਇਹ 362 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ। ਇਸ ਵਾਧੇ ਨਾਲ ਹਰਿਆਣਾ ਮੁੜ ਤੋਂ ਪੰਜਾਬ ਹੀ ਨਹੀਂ ਪੂਰੇ ਦੇਸ਼ ਵਿੱਚ ਸਭ ਤੋਂ ਵੱਧ ਗੰਨੇ ਦਾ ਭਾਅ ਦੇਣ ਵਾਲਾ ਸੂਬਾ ਬਣ ਗਿਆ ਹੈ। ਇਹ ਜਾਣਕਾਰੀ ਹਰਿਆਣਾ ਦੇ ਖੇਤੀ ਅਤੇ ਕਿਸਾਨ ਭਲਾਈ ਮੰਤਰੀ ਜੇ ਪੀ ਦਲਾਲ ਅਤੇ ਸਹਿਕਾਰਤਾ ਮੰਤਰੀ ਡਾ. ਬਨਵਾਰੀ ਲਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਸ੍ਰੀ ਦਲਾਲ ਨੇ ਕਿਹਾ ਕਿ ਗੰਨਾਂ ਕਿਸਾਨਾਂ, ਮਿੱਲਾਂ ਦੀ ਸਥਿਤੀ, ਖੰਡ ਦੇ ਭਾਅ ਅਤੇ ਹੋਰ ਵਿਸ਼ਿਆ ’ਤੇ ਚਰਚਾ ਮਗਰੋਂ ਗੰਨੇ ਦੇ ਭਾਅ ਵਿੱਚ 12 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ।
ਇਸ ਦੇ ਨਾਲ ਪਛੇਤੀ ਕਿਸਮ ਲਈ 355 ਰੁਪਏ ਪ੍ਰਤੀ ਕੁਇੰਟਲ ਦਾ ਭਾਅ ਦਿੱਤਾ ਜਾਵੇਗਾ ਜੋ ਪਹਿਲਾਂ 340 ਰੁਪਏ ਪ੍ਰਤੀ ਕੁਇੰਟਲ ਸੀ। ਖੇਤੀ ਮੰਤਰੀ ਨੇ ਦੱਸਿਆ ਕਿ ਨਵੀਂ ਕਿਸਮ ਨਾਲ ਖੰਡ ਦਾ ਉਤਪਾਦਨ 30 ਫ਼ੀਸਦੀ ਤੱਕ ਵੱਧ ਜਾਵੇਗਾ ਅਤੇ ਕਿਸਾਨਾਂ ਦੇ ਨਾਲ-ਨਾਲ ਖੰਡ ਮਿੱਲਾਂ ਤੇ ਸਰਕਾਰ ਨੂੰ ਵੀ ਵੱਡਾ ਲਾਭ ਮਿਲੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਖੰਡ ਮਿੱਲਾਂ ਨੂੰ ਨਵੰਬਰ ਦੇ ਪਹਿਲੇ ਹਫ਼ਤੇ ਵਿੱਚ ਸੰਚਾਲਿਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਵਾਰ ਖੰਡ ਮਿੱਲ ਨੂੰ ਪਿਛਲੇ ਸਾਲ ਤੋਂ ਵੱਧ ਗੰਨਾ ਅਲਾਟ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮਿੱਲਾਂ ਨੂੰ ਘਾਟੇ ਤੋਂ ਉਭਾਰਨ ਲਈ ਪਿਛਲੇ ਸਾਲ 192 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ ਗਈ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly