-ਸੂਬਾ ਸਰਕਾਰ ਵੱਲੋਂ ਮੁਆਵਜੇ ਤਹਿਤ ਆਪਣਾ ਸਾਰਾ ਹਿੱਸਾ ਜਾਰੀ
-ਕੇਂਦਰ ਸਰਕਾਰ ਨੂੰ ਵੀ ਬਣਦਾ ਹਿੱਸਾ ਜਾਰੀ ਕਰਨ ਦੀ ਅਪੀਲ
ਹੁਸੈਨਪੁਰ , 3 ਸਤੰਬਰ ( ਕੌੜਾ) (ਸਮਾਜ ਵੀਕਲੀ) ਵਿਧਾਇਕ ਸ. ਨਵਤੇਜ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਆਏ ਭਿਆਨਕ ਹੜ੍ਹਾਂ ਦੀ ਮਾਰ ਕਾਰਨ ਜਾਨੀ ਤੇ ਮਾਲੀ ਨੁਕਸਾਨ ਦੇ ਇਵਜ਼ ਵਿੱਚ ਮੁਆਵਜ਼ੇ ਲਈ ਆਪਣਾ ਸਾਰਾ ਹਿੱਸਾ ਜਾਰੀ ਕਰ ਦਿੱਤਾ ਗਿਆ ਹੈ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਵੀ ਸੁਲਤਾਨਪੁਰ ਲੋਧੀ ਹਲਕੇ ਅਤੇ ਵਿਸ਼ੇਸ਼ ਕਰਕੇ ਮੰਡ ਖੇਤਰ ਦੇ ਕਿਸਾਨਾਂ ਨੂੰ ਮੁਆਵਜੇ ਦੀ ਵੰਡ ਕੀਤੀ ਗਈ ਹੈ ਜਦਕਿ ਹੁਣ ਫਿਰ 10 ਕਰੋੜ ਰੁਪਏ ਜਾਰੀ ਕੀਤੇ ਗਏ ਹਨ ।
ਉਹਨਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਸ ਸਮੇਂ ਹੜ੍ਹ ਮਾਰੇ ਖੇਤਰਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ, ਜਿਸ ਤਹਿਤ ਨਿਰਧਾਰਿਤ ਨਿਯਮਾਂ ਤਹਿਤ ਪ੍ਰਤੀ ਏਕੜ 12 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਣਾ ਸੀ ।
ਉਹਨਾਂ ਦੱਸਿਆ ਕਿ ਇਸ ਮੁਆਵਜ਼ੇ ਵਿੱਚੋਂ 6600 ਰੁਪਏ ਪ੍ਰਤੀ ਏਕੜ ਪੰਜਾਬ ਸਰਕਾਰ ਵੱਲੋਂ ਦਿੱਤੇ ਜਾਣੇ ਸਨ ਜੋ ਕਿ ਜਾਰੀ ਕਰ ਦਿੱਤੇ ਗਏ ਹਨ ਜਦਕਿ ਬਾਕੀ 5400 ਰੁਪਏ ਪ੍ਰਤੀ ਏਕੜ ਕੇਂਦਰ ਸਰਕਾਰ ਵੱਲੋਂ ਦਿੱਤੇ ਜਾਣੇ ਸਨ ਜੋਕਿ 1 ਸਾਲ ਤੋਂ ਵੱਧ ਸਮਾਂ ਹੋਣ ‘ਤੇ ਵੀ ਨਹੀਂ ਦਿੱਤੇ ਗਏ ।