ਨਵੀਂ ਦਿੱਲੀ (ਸਮਾਜਵੀਕਲੀ) : ਦਿੱਲੀ ਹਾਈ ਕੋਰਟ ਨੇ ਅੱਜ ਕੇਸਾਂ ਦਾ ਸਾਹਮਣਾ ਕਰ ਰਹੇ 2961 ਕੈਦੀਆਂ ਦੀ ਅੰਤਰਿਮ ਜ਼ਮਾਨਤ 45 ਦਿਨਾਂ ਲਈ ਵਧਾ ਦਿੱਤੀ ਹੈ। ਅਦਾਲਤ ਨੇ ਇਹ ਫ਼ੈਸਲਾ ਕਰੋਨਾਵਾਇਰਸ ਦੇ ਵੱਧ ਰਹੇ ਪ੍ਰਭਾਵ ਦੇ ਮੱਦੇਨਜ਼ਰ ਲਿਆ ਹੈ। ਜਸਟਿਸ ਸਿੱਧਾਰਥ ਮ੍ਰਿਦੁਲ ਤੇ ਤਲਵੰਤ ਸਿੰਘ ਦੇ ਬੈਂਚ ਨੇ ਉੱਚ ਤਾਕਤੀ ਕਮੇਟੀ ਦੀਆਂ ਸਿਫਾਰਸ਼ਾਂ ਦੇ ਆਧਾਰ ’ਤੇ ਇਹ ਹੁਕਮ ਸੁਣਾਉਂਦਿਆਂ ਕਿਹਾ ਕਿ ਕਰੋਨਾਵਾਇਰਸ ਦੀ ਮੌਜੂਦਾ ਸਥਿਤੀ ਨੂੰ ਦੇਖਦਿਆਂ ਇਨ੍ਹਾਂ ਕੈਦੀਆਂ ਨੂੰ ਦੁਬਾਰਾ ਜੇਲ੍ਹ ਭੇਜਣਾ ਖਤਰਨਾਕ ਹੋਵੇਗਾ।
ਅਦਾਲਤ ਨੇ ਕਿਹਾ ਕਿ ਕੈਦੀਆਂ ਦੀ ਦਿੱਤੀ ਗਈ ਰਾਹਤ ਖਤਮ ਹੋਣ ਤੋਂ ਬਾਅਦ ਉਨ੍ਹਾਂ ਦੀ ਅੰਤਰਿਮ ਜ਼ਮਾਨਤ ’ਚ 45 ਦਿਨ ਦਾ ਵਾਧਾ ਹੋਵੇਗਾ ਤੇ ਬਾਕੀ ਦੀਆਂ ਸ਼ਰਤਾਂ ਤੇ ਨਿਯਮ ਪਹਿਲਾਂ ਵਾਲੇ ਹੀ ਰਹਿਣਗੇ। ਮਾਮਲੇ ਦੀ ਅਗਲੀ ਸੁਣਵਾਈ 8 ਅਗਸਤ ਨੂੰ ਹੋਵੇਗੀ।