ਸੀਐੱਚਬੀ ਰੈਜ਼ੀਡੈਂਟਸ ਵੈੱਲਫੇਅਰ ਫੈਡਰੇਸ਼ਨ ਵੱਲੋਂ ਚੰਡੀਗੜ੍ਹ ਹਾਊਸਿੰਗ ਬੋਰਡ ਦੇ ਫਲੈਟਾਂ ਵਿੱਚ ਕੀਤੀਆਂ ਗਈਆਂ ਉਸਾਰੀਆਂ ਨੂੰ ਪੱਕਾ ਕਰਨ ਅਤੇ ਬੋਰਡ ਵੱਲੋਂ ਦਿੱਤੇ ਜਾਣ ਵਾਲੇ ਨੋਟਿਸਾਂ ’ਤੇ ਰੋਕ ਲਗਾਉਣ ਦੀ ਮੰਗ ਨੂੰ ਲੈ ਕੇ ਵਿੱਢੇ ਗਏ ਸੰਘਰਸ਼ ਦੀ ਲੜੀ ਤਹਿਤ ਅੱਜ ਸ਼ਹਿਰ ਦੇ ਵੱਖ-ਵੱਖ ਸੈਕਟਰਾਂ 29, 47, 45, 44, 41, 40, 56, 61 ਅਤੇ ਧਨਾਸ ਦੇ ਇਲਾਕਿਆਂ ਵਿੱਚ ਰੋਸ ਮੁਜ਼ਾਹਰੇ ਕੀਤੇ ਗਏ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਸੱਦੇ ਗਏ ਇਲਾਕਾ ਕੌਂਸਲਰਾਂ ਨੂੰ ਬੋਰਡ ਦੇ ਅਲਾਟੀਆਂ ਵੱਲੋਂ ਖੂਨ ਨਾਲ ਲਿਖੀਆਂ ਗਈਆਂ ਚਿਠੀਆਂ ਵੀ ਦਿੱਤੀਆਂ ਗਈਆਂ, ਜਿਨ੍ਹਾਂ ਵਿੱਚ ‘ਅਸੀਂ ਯਾਦ ਰੱਖਾਂਗੇ’ ਦੇ ਸਿਰਲੇਖ ਹੇਠ ਆਪਣੇ ਆਸਰਿਆਂ (ਬੋਰਡ ਦੇ ਫਲੈਟਾਂ) ਨੂੰ ਬਚਾਉਣ ਲਈ ਸਮਰਥਨ ਦੇਣ ਦੀ ਮੰਗ ਕੀਤੀ ਗਈ ਸੀ।
ਇਨ੍ਹਾਂ ਮੁਜ਼ਾਹਰਿਆਂ ਦੌਰਾਨ ਵਾਰਡ ਕੌਂਸਲਰਾਂ ਨੂੰ ਅਗਲੇ ਹਫ਼ਤੇ ਮੀਟਿੰਗ ਕਰ ਕੇ ਹਾਊਸਿੰਗ ਬੋਰਡ ਦੇ ਮਕਾਨਾਂ ਨੂੰ ਲੈ ਕੇ ਇੱਕ ਲਾਮਬੰਦੀ ਯੋਜਨਾ ਤਿਆਰ ਕਰਨ ਦੀ ਅਪੀਲ ਵੀ ਕੀਤੀ ਗਈ। ਇਸੇ ਕੜੀ ਵਜੋਂ ਫੈਡਰੇਸ਼ਨ ਵਲੋਂ ਆਉਣ ਵਾਲੀ 31 ਨਵੰਬਰ ਨੂੰ ਇੱਕ ਪ੍ਰੈੱਸ ਕਾਨਫਰੰਸ ਕਰਨ ਦਾ ਐਲਾਨ ਵੀ ਕੀਤਾ ਗਿਆ ਹੈ ਜਿਸ ਵਿੱਚ ਸਮੂਹ ਕੌਂਸਲਰਾਂ ਦੀ ਹਾਜ਼ਰੀ ਵਿੱਚ ਫੈਡਰੇਸ਼ਨ ਵੱਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਅੱਗੇ ਤੋਰਨ ਦੀ ਵਿਉਂਤਬੰਦੀ ਦਾ ਐਲਾਨ ਕੀਤਾ ਜਾਵੇਗਾ। ਫੈਡਰੇਸ਼ਨ ਦੇ ਸਰਪ੍ਰਸਤ ਪ੍ਰੋਫੈਸਰ ਨਿਰਮਲ ਦੱਤ ਨੇ ਦੱਸਿਆ ਕਿ ਸ਼ਹਿਰ ਵਿੱਚ ਹਾਊਸਿੰਗ ਬੋਰਡ ਦੇ ਫਲੈਟਾਂ ਵਿੱਚ ਰਹਿਣ ਵਾਲੇ ਲਗਪਗ ਦੋ ਲੱਖ ਵਸਨੀਕਾਂ ਵੱਲੋਂ ਆਪਣੇ ਫਲੈਟਾਂ ਵਿੱਚ ਕੀਤੀਆਂ ਗਈਆਂ ਉਸਾਰੀਆਂ ਨੂੰ ਸਰਕਾਰ ਵੱਲੋਂ ਇਕ ਵਾਰ ਛੋਟ ਦਿੱਤੀ ਜਾਣੀ ਚਾਹੀਦੀ ਹੈ ਤੇ ਇਹੀ ਇਸ ਮਸਲੇ ਦਾ ਇੱਕਮਾਤਰ ਹੱਲ ਹੈ। ਸ਼ਹਿਰ ਦੇ ਵੱਖ-ਵੱਖ ਸੈਕਟਰਾਂ ਵਿੱਚ ਹਾਊਸਿੰਗ ਬੋਰਡ ਦੇ ਫਲੈਟਾਂ ਦੇ ਮਾਲਕਾਂ ਵੱਲੋਂ ਕੀਤੇ ਗਏ ਰੋਸ ਮੁਜ਼ਾਹਰਿਆਂ ਦੌਰਾਨ ਇਲਾਕੇ ਦੇ ਕੌਂਸਲਰਾਂ ਨੂੰ ਸੌਂਪੀਆਂ ਗਈਆਂ ਖੂਨ ਨਾਲ ਲਿਖੀਆਂ ਚਿਠੀਆਂ ਵਿੱਚ ਉਨ੍ਹਾਂ ਨੂੰ ਇਹ ਵੀ ਦੱਸਿਆ ਗਿਆ ਹੈ ਕਿ ਬੋਰਡ ਦੇ ਅਲਾਟੀਆਂ ਵੱਲੋਂ ਆਪਣੇ ਮਕਾਨਾਂ ਨੂੰ ਬਚਾਉਣ ਲਈ ਅਗਲੇ ਸਾਲ ਮਾਰਚ ਮਹੀਨੇ ਵਿੱਚ ਇੱਕ ਵੱਡੀ ਰੈਲੀ ਕੀਤੀ ਜਾਵੇਗੀ ਜਿਸ ਲਈ ਹੁਣ ਤੋਂ ਹੀ ਤਿਆਰੀਆਂ ਚੱਲ ਰਹੀਆਂ ਹਨ। ਇਸ ਲੜੀ ਤਹਿਤ ਬੋਰਡ ਦੇ ਫਲੈਟਾਂ ਵਿੱਚ ਰਹਿ ਰਹੇ ਲੋਕਾਂ ਨੂੰ ਇਕੱਠਾ ਕਰ ਕੇ ਸਰਕਾਰ ’ਤੇ ਮੰਗ ਮਨਵਾਉਣ ਲਈ ਦਬਾਅ ਬਣਾਇਆ ਜਾਵੇਗਾ। ਉਨ੍ਹਾਂ ਵਾਰਡ ਕੌਂਸਲਰ ਤੋਂ ਬੋਰਡ ਦੇ ਅਲਾਟੀਆਂ ਦੇ ਹੱਕ ਵਿੱਚ ਸਮਰਥਨ ਮੰਗਿਆ।
ਫਲੈਟਾਂ ਦੇ ਅਲਾਟੀਆਂ ਵੱਲੋਂ ਕੀਤੀਆਂ ਗਈਆਂ ਰੈਲੀਆਂ ’ਚ ਵਾਰਡ ਕੌਂਸਲਰਾਂ ਨੇ ਉਨ੍ਹਾਂ ਦੇ ਹੱਕ ਵਿੱਚ ਸਮਰਥਨ ਦੇਣ ਦਾ ਐਲਾਨ ਕੀਤਾ। ਸੈਕਟਰ 47 ਵਿੱਚ ਕੀਤੀ ਗਈ ਰੈਲੀ ਦੌਰਾਨ ਹਾਜ਼ਰ ਵਾਰਡ ਕੌਂਸਲਰ ਦੇਵੇਸ਼ ਮੌਦਗਿੱਲ ਤੇ ਸਾਬਕਾ ਮੇਅਰ ਹਰਜਿੰਦਰ ਕੌਰ ਨੇ ਕਿਹਾ ਕਿ ਉਹ ਹਮੇਸ਼ਾਂ ਹੀ ਹਾਊਸਿੰਗ ਬੋਰਡ ਦੇ ਅਲਾਟੀਆਂ ਦੇ ਹੱਕ ਵਿੱਚ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਦੇ ਨਾਲ ਖੜ੍ਹੇ ਰਹਿਣਗੇ। ਸੈਕਟਰ-47 ਦੀ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਹਾਊਸਿੰਗ ਬੋਰਡ ਵੱਲੋਂ ਬੋਰਡ ਦੇ ਫਲੈਟਾਂ ਵਿੱਚ ਕੀਤੀਆਂ ਗਈਆਂ ਤਬਦੀਲੀਆਂ ਨੂੰ ਇੱਕ ਵਿਸ਼ੇਸ਼ ਮੌਕਾ ਦੇ ਕੇ ਪੱਕਾ ਕੀਤਾ ਜਾਣਾ ਚਾਹੀਦਾ ਹੈ।
INDIA ਹਾਊਸਿੰਗ ਬੋਰਡ ਅਲਾਟੀਆਂ ਵੱਲੋਂ ਰੋਸ ਮੁਜ਼ਾਹਰੇ