ਨਵੀਂ ਦਿੱਲੀ (ਸਮਾਜ ਵੀਕਲੀ) : ਕਾਂਗਰਸ ਆਗੂ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਸ਼ਾਮ ਹਾਥਰਸ ਘਟਨਾ ਦੇ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਐਲਾਨ ਕੀਤਾ ਕਿ ਉਹ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਕਰਨਗੇ।
ਪੀੜਤ ਪਰਿਵਾਰ ਨਾਲ ਤਕਰੀਬਨ 45 ਮਿੰਟ ਮੁਲਾਕਾਤ ਕਰਨ ਤੋਂ ਬਾਅਦ ਪ੍ਰਿਯੰਕਾ ਗਾਂਧੀ ਨੇ ਪੱਤਰਕਾਰਾਂ ਨੂੰ ਦੱਸਿਆ, ‘ਅਸੀਂ ਇਸ ਬੇਇਨਸਾਫ਼ੀ ਖ਼ਿਲਾਫ਼ ਲੜਾਂਗੇ ਤੇ ਆਪਣੀ ਲੜਾਈ ਉਦੋਂ ਤੱਕ ਜਾਰੀ ਰੱਖਾਂਗੇ ਜਦੋਂ ਤੱਕ ਪੀੜਤ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ।’ ਰਾਹੁਲ ਗਾਂਧੀ ਨੇ ਕਿਹਾ ਕਿ ਕੋਈ ਵੀ ਤਾਕਤ ਪੀੜਤ ਪਰਿਵਾਰ ਦੀ ਆਵਾਜ਼ ਨਹੀਂ ਦਬਾ ਸਕਦੀ। ਯੂਪੀ ਕਾਂਗਰਸ ਦੇ ਆਗੂ ਪ੍ਰਦੀਪ ਮਾਥੁਰ ਨੇ ਦੱਸਿਆ ਕਿ ਪੀੜਤ ਪਰਿਵਾਰ ਨੂੰ ਮਿਲਣ ਵਾਲੇ ਵਫ਼ਦ ’ਚ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਤੋਂ ਇਲਾਵਾ ਕੇਸੀ ਵੇਣੂਗੋਪਾਲ, ਅਧੀਰ ਰੰਜਨ ਚੌਧਰੀ ਤੇ ਮੁਕੁਲ ਵਸਨੀਕ ਸ਼ਾਮਲ ਸਨ।
ਇਸ ਤੋਂ ਪਹਿਲਾਂ ਅੱਜ ਦਿਨੇ ਦਿੱਲੀ-ਉੱਤਰ ਪ੍ਰਦੇਸ਼ ਬਾਰਡਰ ’ਤੇ ਵੱਡੀ ਗਿਣਤੀ ’ਚ ਕਾਂਗਰਸ ਆਗੂਆਂ ਤੇ ਵਰਕਰਾਂ ਦੇ ਇਕੱਠੇ ਹੋਣ ਤੋਂ ਬਾਅਦ ਯੂਪੀ ਪ੍ਰਸ਼ਾਸਨ ਨੇ ਰਾਹੁਲ ਗਾਂਧੀ ਸਮੇਤ ਪੰਜ ਲੋਕਾਂ ਨੂੰ ਹਾਥਰਸ ਜਾਣ ਦੀ ਇਜਾਜ਼ਤ ਦਿੱਤੀ ਜਿਸ ਮਗਰੋਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਪੀੜਤਾ ਦੇ ਪਰਿਵਾਰ ਨੂੰ ਮਿਲਣ ਲਈ ਰਵਾਨਾ ਹੋਏ। ਕਾਂਗਰਸ ਆਗੂਆਂ ਦੇ ਰਵਾਨਾ ਹੋਣ ਤੋਂ ਪਹਿਲਾਂ ਪੁਲੀਸ ਨੇ ਕਾਂਗਰਸ ਆਗੂਆਂ ਨੂੰ ਖਿੰਡਾਉਣ ਲਈ ਹਲਕਾ ਲਾਠੀਚਾਰਜ ਵੀ ਕੀਤਾ।
ਹਾਥਰਸ ਰਵਾਨਾ ਹੋਣ ਤੋਂ ਪਹਿਲਾਂ ਰਾਹੁਲ ਨੇ ਕਿਹਾ ਉਨ੍ਹਾਂ ਨੂੰ ਇਸ ਦੁਖੀ ਪਰਿਵਾਰ ਨਾਲ ਮਿਲਣ ਤੋਂ ਕੋਈ ਨਹੀਂ ਰੋਕ ਸਕਦਾ। ਉਨ੍ਹਾਂ ਕਿਹਾ ਕਿ ਇਸ ਪਿਆਰੀ ਬੱਚੀ ਤੇ ਉਸ ਦੇ ਪਰਿਵਾਰ ਨਾਲ ਯੂਪੀ ਸਰਕਾਰ ਤੇ ਉਸ ਦੀ ਪੁਲੀਸ ਵੱਲੋਂ ਕੀਤਾ ਜਾ ਰਿਹਾ ਵਿਹਾਰ ਉਨ੍ਹਾਂ ਨੂੰ ਮਨਜ਼ੂਰ ਨਹੀਂ ਹੈ। ਇਸੇ ਦੌਰਾਨ ਪਿਛਲੇ ਦੋ ਦਿਨਾਂ ਤੋਂ ਚੱਲ ਰਹੇ ਅੜਿੱਕੇ ਤੋਂ ਬਾਅਦ ਅੱਜ ਪ੍ਰਸ਼ਾਸਨ ਨੇ ਮੀਡੀਆ ਨੂੰ ਵੀ ਪਿੰਡ ਅੰਦਰ ਦਾਖਲ ਹੋ ਕੇ ਪੀੜਤ ਪਰਿਵਾਰ ਨੂੰ ਮਿਲਣ ਦੀ ਇਜਾਜ਼ਤ ਦੇ ਦਿੱਤੀ ਹੈ।
ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਵਧੀਕ ਮੁੱਖ ਸਕੱਤਰ (ਗ੍ਰਹਿ) ਅਵਨਿਸ਼ ਅਵਸਥੀ ਤੇ ਡੀਜੀਪੀ ਐੱਚਸੀ ਅਵਸਥੀ ਨੂੰ ਵੀ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਨ ਲਈ ਭੇਜਿਆ ਹੈ। ਅਵਨਿਸ਼ ਅਵਸਥੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਵਿਸ਼ੇਸ਼ ਜਾਂਚ ਟੀਮ ਵੱਲੋਂ ਸੌਂਪੀ ਗਈ ਮੁੱਢਲੀ ਰਿਪੋਰਟ ਦੇ ਆਧਾਰ ’ਤੇ ਮੀਡੀਆ ਤੇ ਸਿਆਸੀ ਆਗੂਆਂ ਨੂੰ ਪਿੰਡ ਤੋਂ ਦੂਰ ਕਰਨ ਵਾਲੇ ਐੱਸਪੀ ਤੇ ਪੁਲੀਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਪੀੜਤ ਪਰਿਵਾਰ ਨੂੰ ਮਿਲਣ ਮਗਰੋਂ ਘਟਨਾ ਬਾਰੇ ਆਪਣੀ ਰਿਪੋਰਟ ਮੁੱਖ ਮੰਤਰੀ ਨੂੰ ਸੌਂਪਣਗੇ।
ਇਸੇ ਦੌਰਾਨ ਕਾਂਗਰਸ ਨੇ ਦੋਸ਼ ਲਾਇਆ ਕਿ ਰਾਹੁਲ ਗਾਂਧੀ ਦੇ ਹਾਥਰਸ ਆਉਣੀ ਸੂਚਨਾ ਮਗਰੋਂ ਪੁਲੀਸ ਨੇ ਪਾਰਟੀ ਦੀ ਯੂਪੀ ਇਕਾਈ ਦੇ ਪ੍ਰਧਾਨ ਅਜੈ ਕੁਮਾਰ ਲੱਲੂ ਸਮੇਤ 500 ਕਾਂਗਰਸ ਵਰਕਰਾਂ ਨੂੰ ਘਰਾਂ ’ਚ ਨਜ਼ਰਬੰਦ ਕਰ ਦਿੱਤਾ। ਬਸਪਾ ਪ੍ਰਧਾਨ ਮਾਇਆਵਤੀ ਨੇ ਵੀ ਇਸ ਮਾਮਲੇ ਦੀ ਸੀਬੀਆਈ ਜਾਂ ਸੁਪਰੀਮ ਕੋਰਟ ਦੀ ਅਗਵਾਈ ਹੇਠ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਹੈ।
ਉੱਧਰ ਵਾਰਾਣਸੀ ’ਚ ਕਾਂਗਰਸ ਦੇ ਬੁਲਾਰੇ ਲੱਲਣ ਕੁਮਾਰ ਦੀ ਅਗਵਾਈ ਹੇਠ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਇਰਾਨੀ ਦੇ ਕਾਫ਼ਲੇ ਦਾ ਘਿਰਾਓ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸਮ੍ਰਿਤੀ ਇਰਾਨੀ ਨੇ ਕਿਹਾ ਕਿ ਪਰਿਵਾਰ ਨੂੰ ਇਨਸਾਫ਼ ਮਿਲੇਗਾ ਪਰ ਵਿਰੋਧੀ ਧਿਰ ਇਸ ਮਾਮਲੇ ’ਚ ਸਿਆਸਤ ਕਰ ਰਹੀ ਹੈ। ਇਸੇ ਤਰ੍ਹਾਂ ਕੇਂਦਰੀ ਸਮਾਜਿਕ ਨਿਆਂ ਤੇ ਸ਼ਕਤੀਕਰਨ ਰਾਜ ਮੰਤਰੀ ਰਾਮਦਾਸ ਅਠਾਵਲੇ ਨੇ ਕਿਹਾ ਕਿ ਹਾਥਰਸ ’ਚ ਜੋ ਹੋਇਆ ਉਹ ਬਹੁਤ ਹੀ ਦਰਦਨਾਕ ਹੈ ਪਰ ਦਲਿਤਾਂ ਦੇ ਮੁੱਦੇ ’ਤੇ ਸਿਆਸਤ ਨਹੀਂ ਹੋਣੀ ਚਾਹੀਦੀ।