ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ 1000 ਕਰੋੜ ਰੁਪਏ ਦਾ ਵਿਸ਼ੇਸ਼ ਹੜ੍ਹ ਰਾਹਤ ਪੈਕੇਜ ਮੰਗਿਆ ਹੈ ਤਾਂ ਜੋ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਪੂਰਤੀ ਕੀਤੀ ਜਾ ਸਕੇ। ਕੈਪਟਨ ਭਲਕੇ ਹੜ੍ਹ ਪੀੜਤ ਇਲਾਕੇ ਲੋਹੀਆਂ ਖਾਸ ਦਾ ਦੌਰਾ ਕਰਨਗੇ ਤੇ ਲੋਕਾਂ ਨੂੰ ਮਿਲਣਗੇ। ਇਸ ਤੋਂ ਪਹਿਲਾਂ ਉਹ ਰੂਪਨਗਰ ਜ਼ਿਲ੍ਹੇ ਵਿਚ ਗਏ ਸਨ ਤੇ ਹੜ੍ਹ ਪੀੜਤਾਂ ਨੂੰ ਮਿਲੇ ਸਨ। ਮੁੱਖ ਮੰਤਰੀ ਨੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਇਹ ਵੀ ਮੰਗ ਕੀਤੀ ਹੈ ਕਿ ਉਹ ਮੌਜੂਦਾ ਫ਼ਸਲੀ ਸੀਜ਼ਨ ਦੌਰਾਨ ਪ੍ਰਭਾਵਿਤ ਹੋਏ ਪਿੰਡਾਂ ਦੇ ਪੀੜਤ ਕਿਸਾਨਾਂ ਦੇ ਬੈਂਕਾਂ-ਵਿੱਤ ਸੰਸਥਾਵਾਂ ਤੋਂ ਲਏ ਫ਼ਸਲੀ ਕਰਜ਼ਿਆਂ ਨੂੰ ਮੁਆਫ਼ ਕਰਨ ਲਈ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਵੀ ਹਦਾਇਤਾਂ ਦੇਣ। ਮੁੱਖ ਮੰਤਰੀ ਨੇ ਕਿਹਾ ਕਿ ਮੁੱਢਲੇ ਅੰਦਾਜ਼ੇ ਅਨੁਸਾਰ ਇਨ੍ਹਾਂ ਹੜ੍ਹਾਂ ਕਾਰਨ 1700 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਪ੍ਰਭਾਵਿਤ ਖੇਤਰਾਂ ਵਿੱਚ ਕੁਦਰਤੀ ਆਫ਼ਤ ਐਲਾਨੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਤਲੁਜ ਦਰਿਆ ਵਿੱਚ ਆਏ ਹੜ੍ਹਾਂ ਕਾਰਨ ਕਈ ਥਾਵਾਂ ਖਾਸ ਕਰ ਕੇ ਰੋਪੜ, ਲੁਧਿਆਣਾ, ਜਲੰਧਰ ਤੇ ਕਪੂਰਥਲਾ ਜ਼ਿਲ੍ਹਿਆਂ ਦੇ 100 ਤੋਂ ਵੱਧ ਪਿੰਡਾਂ ਵਿੱਚ ਵੱਡੇ ਪੱਧਰ ’ਤੇ ਫ਼ਸਲਾਂ ਬਰਬਾਦ ਹੋਈਆਂ ਹਨ। ਘਰਾਂ ਦੇ ਨਾਲ-ਨਾਲ ਕਈ ਥਾਵਾਂ ਉੱਤੇ ਪੇਂਡੂ ਤੇ ਸ਼ਹਿਰੀ ਖੇਤਰਾਂ ਦਾ ਬੁਨਿਆਦੀ ਢਾਂਚਾ ਵੀ ਨੁਕਸਾਨਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਸੂਬਾ ਸਰਕਾਰ ਦੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਸਨ ਕਿ ਭਾਰਤ ਸਰਕਾਰ ਕੋਲੋਂ ਵਿਸ਼ੇਸ਼ ਪੈਕੇਜ ਲੈਣ ਲਈ ਇਕ ਮੈਮੋਰੰਡਮ ਤਿਆਰ ਕਰਨ। ਸੂਬੇ ਵਿੱਚ 326 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ ਅਤੇ ਪਾਣੀ ਵਿੱਚ ਡੁੱਬਣ ਕਾਰਨ 1.20 ਲੱਖ ਏਕੜ ਰਕਬੇ ਵਿੱਚ ਫ਼ਸਲਾਂ ਦਾ ਨੁਕਸਾਨ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ 5023 ਲੋਕਾਂ ਨੂੰ ਪ੍ਰਭਾਵਿਤ ਪਿੰਡਾਂ ਵਿੱਚੋਂ ਕੱਢ ਕੇ ਸੁਰੱਖਿਅਤ ਥਾਵਾਂ ਉਤੇ ਪਹੁੰਚਾਇਆ ਗਿਆ ਹੈ। ਜਲੰਧਰ ਜ਼ਿਲੇ ਵਿੱਚ ਅੱਜ ਭਾਰਤੀ ਫੌਜ ਦੀ ਮੱਦਦ ਨਾਲ 18 ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਹੈਲੀਕਾਪਟਰ ਰਾਹੀਂ 36 ਹਜ਼ਾਰ ਪਰੌਂਠੇ, 18 ਹਜ਼ਾਰ ਸੁੱਕੇ ਰਾਸ਼ਨ ਦੇ ਪੈਕੇਟ ਅਤੇ ਬੋਤਲ ਬੰਦ ਪਾਣੀ ਪਹੁੰਚਾਇਆ ਗਿਆ ਹੈ। ਹੋਰਨਾਂ ਪ੍ਰਭਾਵਿਤ ਥਾਵਾਂ ’ਤੇ ਬਚਾਅ ਕਾਰਜ ਕੀਤੇ ਗਏ ਹਨ।
INDIA ਹੜ੍ਹ ਪੀੜਤਾਂ ਲਈ ਕੈਪਟਨ ਨੇ ਕੇਂਦਰ ਕੋਲੋਂ 1000 ਕਰੋੜ ਰੁਪਏ ਮੰਗੇ