ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਕਾਰਨ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਮੁਕੰਮਲ ਮੁਆਵਜ਼ਾ ਕਿਸਾਨਾਂ ਨੂੰ ਜਲਦੀ ਦਿੱਤਾ ਜਾਵੇਗਾ, ਜਿਸ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਗਏ ਹਨ।
ਅੱਜ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨਾਲ ਸ਼ਾਹਕੋਟ, ਲੋਹੀਆਂ ਤੇ ਹੋਰਨਾਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕਿਸ਼ਤੀ ਰਾਹੀਂ ਦੌਰਾ ਕਰਨ ਮੌਕੇ ਮਾਲ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਇਸ ਔਖੀ ਘੜੀ ਵਿਚੋਂ ਬਾਹਰ ਕੱਢਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁਢਲੇ ਅੰਦਾਜ਼ੇ ਅਨੁਸਾਰ ਸ਼ਾਹਕੋਟ ਸਬ ਡਿਵੀਜ਼ਨ ਵਿਚ 30,000 ਏਕੜ ਤੋਂ ਵੱਧ ਫ਼ਸਲ ਪਾਣੀ ਦੀ ਮਾਰ ਹੇਠ ਆਈ ਹੈ, ਜਿਸ ਵਿਚ ਮੁੱਖ ਤੌਰ ’ਤੇ ਝੋਨੇ ਦੀ ਫ਼ਸਲ ਸ਼ਾਮਿਲ ਹੈ। ਸਭ ਤੋਂ ਵੱਧ ਪ੍ਰਭਾਵਿਤ ਸ਼ਾਹਕੋਟ ਸਬ-ਡਿਵੀਜ਼ਨ ਦੇ ਪਿੰਡਾਂ ਦੀਆਂ ਫ਼ਸਲਾਂ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਪਾਣੀ ਘਟਣ ਤੋਂ ਤੁਰੰਤ ਬਾਅਦ ਕਰਨ ਦੇ ਹੁਕਮ ਦਿੱਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ। ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਸ੍ਰੀ ਕਾਂਗੜ ਨੂੰ ਹੜ੍ਹ ਦੇ ਕਾਰਨਾਂ ਅਤੇ ਭਵਿੱਖ ਵਿਚ ਹੜ੍ਹਾਂ ਦੀ ਰੋਕਥਾਮ ਲਈ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਲੋਕਾਂ ਦੇ ਹੋਏ ਨੁਕਸਾਨ ਬਾਰੇ ਦੱਸਿਆ। ਇਸ ਮੌਕੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਐੱਸਐੱਸਪੀ ਨਵਜੋਤ ਸਿੰਘ ਮਾਹਲ ਹਾਜ਼ਰ ਸਨ। ਇਸੇ ਤਰ੍ਹਾਂ ਸ੍ਰੀ ਕਾਂਗੜ ਨੇ ਦਰਿਆਵਾਂ ਵਿਚ ਪਾਣੀ ਦਾ ਪੱਧਰ ਵਧਣ ਕਾਰਨ ਸੁਲਤਾਨਪੁਰ ਲੋਧੀ ਹਲਕੇ ਦੇ ਪਿੰਡਾਂ ਸਰੂਪਵਾਲ, ਟਿੱਬੀ, ਮੰਡਾਲਾ ਅਤੇ ਗਿੱਦੜਪਿੰਡੀ ਵਿਚ ਆਏ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ।
ਇਸ ਦੌਰਾਨ ਡਿਪਟੀ ਕਮਿਸ਼ਨਰ ਇੰਜਨੀਅਰ ਡੀਪੀਐੱਸ ਖਰਬੰਦਾ, ਐੱਸਐੱਸਪੀ ਸਤਿੰਦਰ ਸਿੰਘ ਵੀ ਮੌਜੂਦ ਸਨ। ਸ੍ਰੀ ਕਾਂਗੜ ਨੇ ਧੁੱਸੀ ਬੰਨ੍ਹ ਵਿਚ ਪਏ ਪਾੜਾਂ ਦਾ ਜਾਇਜ਼ਾ ਲਿਆ ਅਤੇ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਹਰੇਕ ਤਰ੍ਹਾਂ ਦੀ ਮਦਦ ਤਾ ਭਰੋਸਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਹੜ੍ਹਾਂ ਕਾਰਨ ਸੁਲਤਾਨਪੁਰ ਲੋਧੀ ਹਲਕੇ ਦੇ 62 ਦੇ ਕਰੀਬ ਪਿੰਡ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਲਈ ਰਾਹਤ ਤੇ ਬਚਾਅ ਕਾਰਜ ਚੱਲ ਰਹੇ ਹਨ। ਉਨ੍ਹਾਂ ਭਰੋਆਣਾ ਗੁਰਦੁਆਰੇ ਵਿਖੇ ਸਥਾਪਿਤ ਕੀਤੇ ਹੜ੍ਹ ਰਾਹਤ ਕੇਂਦਰ ਦਾ ਜਾਇਜ਼ਾ ਵੀ ਲਿਆ।
INDIA ਹੜ੍ਹ ਮਾਰੀਆਂ ਫ਼ਸਲਾਂ ਦਾ ਮੁਆਵਜ਼ਾ ਜਲਦੀ ਦੇਵਾਂਗੇ: ਕਾਂਗੜ