ਚੰਡੀਗੜ੍ਹ (ਸਮਾਜ ਵੀਕਲੀ) : ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਐਲਾਨ ਕੀਤਾ ਹੈ ਕਿ ਖੇਤੀ ਕਾਨੂੰਨ ਰੱਦ ਹੋਣ ਤੱਕ ਕਿਸਾਨਾਂ ਦੀ ਘਰ ਵਾਪਸੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਜੇਕਰ ਫ਼ਸਲ ਨੂੰ ਅੱਗ ਲਗਾ ਕੇ ਕੁਰਬਾਨੀ ਵੀ ਦੇਣੀ ਪਈ ਤਾਂ ਕਿਸਾਨ ਪਿੱਛੇ ਨਹੀਂ ਹਟਣਗੇ। ਉਨ੍ਹਾਂ ਮੋਦੀ ਸਰਕਾਰ ਨੂੰ ਚਿਤਾਵਨੀ ਦਿੱਤੀ,‘‘ਹਮ ਫ਼ਸਲ ਭੀ ਕਾਟੇਂਗੇ ਔਰ ਅੰਦੋਲਨ ਭੀ ਚਲਾਏਂਗੇ।’’ ਉਨ੍ਹਾਂ ਕਿਹਾ ਕਿ ਸਰਕਾਰ ਕਹਿ ਰਹੀ ਹੈ ਕਿ ਕਿਸਾਨ ਦੋ ਮਹੀਨਿਆਂ ਬਾਅਦ ਫ਼ਸਲ ਦੀ ਵਾਢੀ ਲਈ ਘਰ ਚਲੇ ਜਾਣਗੇ ਪਰ ਕਿਸਾਨ ਆਪਣੀ ਫ਼ਸਲ ਕੁਰਬਾਨ ਕਰਨ ਲਈ ਤਿਆਰ ਹਨ ਅਤੇ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਘਰਾਂ ਨੂੰ ਚਾਲੇ ਪਾਉਣਗੇ।
ਹਰਿਆਣਾ ਦੇ ਹਿਸਾਰ ਜ਼ਿਲ੍ਹੇ ਦੇ ਪਿੰਡ ਖਰਕਪੂਨੀਆ ਅਤੇ ਬਾਲਸਮਦ ਵਿੱਚ ਜੁੜੀ ਕਿਸਾਨ ਮਹਾਪੰਚਾਇਤ ’ਚ ਕਿਸਾਨਾਂ ਨੇ ਹੱਥ ਖੜ੍ਹੇ ਕਰਕੇ ਉਨ੍ਹਾਂ ਦਾ ਸਮਰਥਨ ਕੀਤਾ। ਮਹਾਪੰਚਾਇਤ ਨੂੰ ਸੰਬੋਧਨ ਕਰਦਿਆਂ ਸ੍ਰੀ ਟਿਕੈਤ ਨੇ ਕਿਹਾ ਕਿ ਪੰਜਾਬ ਦੀ ਧਰਤੀ ਤੋਂ ਸ਼ੁਰੂ ਹੋਇਆ ਕਿਸਾਨ ਸੰਘਰਸ਼ ਅੱਜ ਜਨ ਅੰਦੋਲਨ ਬਣ ਚੁੱਕਿਆ ਹੈ ਜਿਸ ਵਿੱਚ ਦੇਸ਼ ਭਰ ਤੋਂ ਹਰ ਤਬਕੇ ਦੇ ਲੋਕ ਸ਼ਾਮਲ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਹਰਿਆਣਾ ਤੋਂ ਬਾਅਦ ਰਾਜਸਥਾਨ, ਉੱਤਰ ਪ੍ਰਦੇਸ਼, ਮਹਾਰਾਸ਼ਟਰ, ਗੁਜਰਾਤ ਸਣੇ ਹੋਰ ਸੂਬਿਆਂ ਵਿੱਚ ਕਿਸਾਨ ਮਹਾਪੰਚਾਇਤਾਂ ਕਰਕੇ ਲੋਕਾਂ ਨੂੰ ਕੇਂਦਰ ਦੀਆਂ ਲੋਕ ਵਿਰੋਧੀ ਨੀਤੀਆਂ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਅਨਾਜ ਨੂੰ ਕਾਰਪੋਰੇਟਾਂ ਦੀ ਤਿਜੋਰੀ ਵਿੱਚ ਬੰਦ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਜਿਸ ਦਾ ਵਿਰੋਧ ਕਿਸਾਨ ਮਹਾਪੰਚਾਇਤਾਂ ਰਾਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਇੰਨੇ ਵੱਡੇ ਇਕੱਠ ਦਿਖਾਈ ਨਹੀਂ ਦੇ ਰਹੇ ਹਨ।
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਨੇ ਦੁਹਰਾਇਆ ਕਿ ਕਿਸਾਨਾਂ ਦੇ ਮੰਚ ਅਤੇ ਪੰਚ ਉਹੀ ਰਹਿਣਗੇ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨਪਾਲ, ਗੁਰਨਾਮ ਸਿੰਘ ਚੜੂਨੀ ਸਣੇ ਹੋਰ ਆਗੂਆਂ ਵੱਲੋਂ ਲਏ ਗਏ ਫ਼ੈਸਲਿਆਂ ਨੂੰ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਸੰਘਰਸ਼ ਕਰ ਰਹੇ ਕਿਸਾਨ ਦੀ ਮੰਗ ਹੈ ਕਿ ਤਿੰਨੋਂ ਕਾਨੂੰਨ ਰੱਦ ਕੀਤੇ ਜਾਣ ਅਤੇ ਐੱਮਐੱਸਪੀ ’ਤੇ ਫ਼ਸਲਾਂ ਦੀ ਖ਼ਰੀਦ ਦੀ ਗਾਰੰਟੀ ਵਾਲਾ ਕਾਨੂੰਨ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਨ੍ਹਾਂ ਮੰਗਾਂ ਨੂੰ ਨਹੀਂ ਮੰਨਿਆ ਜਾਵੇਗਾ, ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਸਾਨਾਂ ਨੂੰ ਟਰੈਕਟਰਾਂ ਦੇ ਮੂੰਹ ਦਿੱਲੀ ਵੱਲ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਉਹ ਮੋਰਚੇ ਦੇ ਭਵਿੱਖੀ ਪ੍ਰੋਗਰਾਮਾਂ ’ਤੇ ਨਜ਼ਰ ਰੱਖਣ।
‘ਜੇਕਰ ਹਾਲੇ ਵੀ ਸਰਕਾਰ ਕਿਸਾਨਾਂ ਦੀ ਗੱਲ ਨਹੀਂ ਸੁਣੇਗੀ ਤਾਂ ਕਿਸਾਨ ਭਵਿੱਖ ਵਿੱਚ 40 ਲੱਖ ਟਰੈਕਟਰਾਂ ਦਾ ਕਾਫ਼ਲਾ ਲੈ ਕੇ ਦਿੱਲੀ ਵੱਲ ਕੂਚ ਕਰੇਗਾ।’ ਭਾਰਤੀ ਕਿਸਾਨ ਯੂਨੀਅਨ (ਹਰਿਆਣਾ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਭਾਜਪਾ ਅਤੇ ਉਸ ਦੀ ਭਾਈਵਾਲ ਪਾਰਟੀਆਂ ਕਿਸਾਨੀ ਨੂੰ ਖ਼ਤਮ ਕਰਨ ’ਤੇ ਲੱਗੀਆਂ ਪਈਆਂ ਹਨ ਪਰ ਦੇਸ਼ ਦਾ ਕਿਸਾਨ ਭਾਜਪਾ ਨੂੰ ਉਸ ਦੀ ਕਿਸਾਨ ਵਿਰੋਧੀ ਸੋਚ ਵਿੱਚ ਕਾਮਯਾਬ ਨਹੀਂ ਹੋਣ ਦੇਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਭਾਜਪਾ ਤੇ ਜੇਜੇਪੀ ਆਗੂਆਂ ਦਾ ਬਾਈਕਾਟ ਕਰਕੇ ਉਨ੍ਹਾਂ ਦੇ ਦਾਖ਼ਲੇ ’ਤੇ ਪਾਬੰਦੀ ਲਗਾ ਦਿੱਤੀ ਜਾਵੇ। ‘ਪੁਲੀਸ ਕਿਸੇ ਨੂੰ ਗ੍ਰਿਫ਼ਤਾਰ ਕਰਨ ਲਈ ਆਉਂਦੀ ਹੈ ਤਾਂ ਮੁਲਾਜ਼ਮਾਂ ਨੂੰ ਸ਼ਾਂਤਮਈ ਢੰਗ ਨਾਲ ਬਿਠਾ ਲਿਆ ਜਾਵੇ। ਜਦੋਂ ਤੱਕ ਉਨ੍ਹਾਂ ਦੇ ਸੀਨੀਅਰ ਅਧਿਕਾਰੀ ਨਹੀਂ ਆਉਂਦੇ ਉਦੋਂ ਤੱਕ ਉਨ੍ਹਾਂ ਨੂੰ ਛੱਡਿਆ ਨਾ ਜਾਵੇ।’