ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਕੀਤੀ ਮੀਟਿੰਗ ਦੌਰਾਨ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਵਲੋਂ ਕੀਤੇ ਗਏ 161 ਵਾਅਦਿਆਂ ਵਿੱਚੋਂ 140 ਪਹਿਲਾਂ ਹੀ ਪੂਰੇ ਕਰ ਦਿੱਤੇ ਗਏ ਹਨ ਤੇ ਬਾਕੀਆਂ ਨੂੰ ਪੂਰੇ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਕੈਪਟਨ ਨੇ ਨਵੀਂ ਦਿੱਲੀ ਵਿਚ ਕਾਂਗਰਸ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਵਿਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਅਤੇ ਲੋਕਾਂ ਦੇ ਚੁਣੇ ਹੋਏ ਪ੍ਰਤੀਨਿਧਾਂ ਵਿਚਾਲੇ ਬਿਹਤਰ ਤਾਲਮੇਲ ਬਣਾਇਆ ਜਾ ਰਿਹਾ ਹੈ ਤੇ ਉਹ ਲਗਾਤਾਰ ਵਿਧਾਇਕਾਂ ਅਤੇ ਹੋਰ ਪ੍ਰਤੀਨਿਧਾਂ ਕੋਲੋਂ ਰਿਪੋਰਟਾਂ ਹਾਸਲ ਕਰਦੇ ਰਹਿੰਦੇ ਹਨ ਤੇ ਚੋਣਾਂ ਦੌਰਾਨ ਕੀਤੇ ਵਾਅਦੇ ਲਾਗੂ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੂਬੇ ਦੇ 42 ਲੱਖ ਪਰਿਵਾਰਾਂ ਨੂੰ ਸਿਹਤ ਬੀਮਾ ਯੋਜਨਾ ਤਹਿਤ ਲਿਆਂਦਾ ਗਿਆ ਹੈ।