ਪੰਜਾਬ ਵਿਚ 22 ਕਿਸਾਨ ਜਥੇਬੰਦੀਆਂ ਨੇ ਬਣਾਇਆ ‘ਸੰਯੁਕਤ ਸਮਾਜ ਮੋਰਚਾ’

ਚੰਡੀਗੜ੍ਹ (ਸਮਾਜ ਵੀਕਲੀ):  ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਵਿਚ ਸ਼ਾਮਲ ਰਹੀਆਂ ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਨੇ ਸ਼ਨਿਚਰਵਾਰ ਨੂੰ ਇੱਕ ਸਿਆਸੀ ਮੋਰਚਾ ‘ਸੰਯੁਕਤ ਸਮਾਜ ਮੋਰਚਾ’ ਕਾਇਮ ਕੀਤਾ ਹੈ ਅਤੇ ਐਲਾਨ ਕੀਤਾ ਹੈ ਕਿ ਉਹ ਸੂਬੇ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਲੜਨਗੇ। ਇਸ ਸਬੰਧ ਵਿਚ ਫ਼ੈਸਲਾ ਇਨ੍ਹਾਂ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਇੱਥੇ ਲਿਆ। ਇਹ ਕਿਸਾਨ ਜਥੇਬੰਦੀਆਂ ਪੰਜਾਬ ਦੀਆਂ ਉਨ੍ਹਾਂ 32 ਕਿਸਾਨ ਜਥੇਬੰਦੀਆਂ ਵਿੱਚੋਂ ਹਨ, ਜਿਨ੍ਹਾਂ ਨੇ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਇਕ ਸਾਲ ਤੋਂ ਵੱਧ ਸਮੇਂ ਤੱਕ ਚੱਲੇ ਵਿਰੋਧ ਪ੍ਰਦਰਸ਼ਨ ਵਿਚ ਹਿੱਸਾ ਲਿਆ ਸੀ। ਕਿਸਾਨ ਆਗੂ ਹਰਮੀਤ ਸਿੰਘ ਕਾਦੀਆਨ ਨੇ ਕਿਹਾ ਕਿ ਪੰਜਾਬ ਵਿਚ ਅਗਲੇ ਸਾਲ ਦੀ ਸ਼ੁਰੂਆਤ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨ ਲਈ ਸੰਯੁਕਤ ਸਮਾਜ ਮੋਰਚੇ ਦਾ ਗਠਨ ਕੀਤਾ ਗਿਆ ਹੈ।

ਕਾਦੀਆਨ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਆਗੂ ਬਲਬੀਰ ਸਿੰਘ ਰਾਜੇਵਾਲ ਇਸ ਸੰਯੁਕਤ ਸਮਾਜ ਮੋਰਚਾ ਦੇ ਲੀਡਰ ਹੋਣਗੇ। ਹਰਮੀਤ ਸਿੰਘ ਮੁਤਾਬਕ, ‘‘ਸਾਡੇ ’ਤੇ ਕਾਡਰ ਅਤੇ ਹੋਰਨਾਂ ਦਾ ਬਹੁਤ ਜ਼ਿਆਦਾ ਦਬਾਅ ਸੀ, ਅਤੇ ਉਨ੍ਹਾਂ ਕਿਹਾ ਸੀ ਕਿ ਜੇਕਰ ਤੁਸੀਂ ਉਹ ‘ਮੋਰਚਾ’ ਜਿੱਤ ਸਕਦੇ ਹੋ ਤਾਂ ਤੁਸੀਂ ਪੰਜਾਬੀ ਦੀ ਭਲਾਈ ਲਈ ਕੁਝ ਵੀ ਕਰ ਸਕਦੇ ਹੋ।’’ ਉਨ੍ਹਾਂ ਦਾਅਵਾ ਕੀਤਾ ਕਿ ਤਿੰਨ ਹੋਰ ਯੂੁਨੀਅਨਾਂ, ਜਿਨ੍ਹਾਂ ਵਿੱਚ ਬੀਕੇਯੂ (ਡਕੌਂਦਾ) ਅਤੇ ਬੀਕੇਯੂ (ਲੱਖਵਾਲ) ਸ਼ਾਮਲ ਹਨ, ਨੇ ਇਸ ਫ਼ੈਸਲੇ ਦਾ ਸਮਰਥਨ ਕੀਤਾ ਹੈ ਪਰ ਉਹ ਆਪਣੀਆਂ ਵੱਖਰੀਆਂ ਮੀਟਿੰਗਾਂ ਕਰ ਰਹੀਆਂ ਹਨ।

ਉਨ੍ਹਾਂ ਕਿਹਾ, ‘‘ਪੰਜਾਬ ਦੇ ਲੋਕਾਂ ਦੇ ਸੱਦੇ ’ਤੇ ਹੀ ਅਸੀਂ ਇਹ ਮੋਰਚਾ ਕਾਇਮ ਕੀਤਾ ਹੈ, ਜਿਹੜਾ ਸੂਬੇ ਵਿੱਚ 117 ਅਸੰਬਲੀ ਸੀਟਾਂ ’ਤੇ ਚੋਣਾਂ ਲੜਨ ਲਈ ਤਿਆਰ ਹੈ। ਅਸੀਂ ਨਵੇਂ ਪੰਜਾਬ ਦੇ ਨਿਰਮਾਣ ਲਈ ਹੋਰ ਪਾਰਟੀਆਂ ਨੂੰ ਮੋਰਚੇ ’ਚ ਸ਼ਾਮਲ ਹੋਣ ਦਾ ਖੁੱਲ੍ਹਾ ਸੱਦਾ ਦਿੱਤਾ ਹੈ। ਅਸੀਂ ਪੰਜਾਬ ਨੂੰ ਨਵੀਂ ਦਿਸ਼ਾ ਦਿਖਾਵਾਂਗੇ।’’ ਕਿਸਾਨ ਨੇਤਾ ਕੁਲਵੰਤ ਸਿੰਘ ਨੇ ਕਿਹਾ, ‘‘ਅਸੀਂ ਪੰਜਾਬ ਨੂੰ ਨਵੀਂ ਬੁਲੰਦੀ ’ਤੇ ਲਿਜਾਣਾ ਚਾਹੁੰਦੇ ਹਾਂ। ’’ ਕਿਸਾਨ ਜਥੇਬੰਦੀਆਂ ਦੇ ਸਿਆਸਤ ’ਚ ਦਾਖਲ ਹੋਣ ਦੇ ਫ਼ੈਸਲੇ ’ਤੇ ਟਿੱਪਣੀ ਕਰਦਿਆਂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਇਹ ਫ਼ੈਸਲੇ ਲੈਣ ਪਿੱਛੇ ਪੰਜਾਬ ਦੇ ਲੋਕਾਂ ਦਾ ਬਹੁਤ ਵੱਡਾ ਦਬਾਅ ਅਤੇ ਮੰਗ ਸੀ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ‘ਸਿਆਸੀ ਬਦਲਾਅ’ ਲਿਆਉਣ ਲਿਆ ਗਿਆ ਹੈ। ਰਾਜੇਵਾਲ ਨੇ ਕਿਹਾ, ‘‘ਪੰਜਾਬ ਵਿੱਚ ਨਿੱਘਰ ਚੁੱਕੇ ਨਿਜ਼ਾਮ ਨੂੰ ਬਦਲਣ ਦੀ ਲੋੜ ਹੈ।’’ ਆਮ ਆਦਮੀ ਪਾਰਟੀ ਨਾਲ ਗੱਠਜੋੜ ਕਰਕੇ ਚੋਣਾਂ ਲੜਨ ਦੇ ਸਬੰਧ ’ਚ ਉਨ੍ਹਾਂ ਕਿਹਾ, ‘‘ ਇਸ ਬਾਰੇ ਹਾਲੇ ਕੋਈ ਫ਼ੈਸਲਾ ਨਹੀਂ ਕੀਤਾ ਗਿਆ।’’

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅਰਜੁਨਾ ਐਵਾਰਡੀ ਸੱਜਣ ਸਿੰਘ ਐਲਾਨੇ ਹਲਕਾ ਸੁਲਤਾਨਪੁਰ ਲੋਧੀ ਤੋਂ ਆਪ ਦੇ ਉਮੀਦਵਾਰ
Next articleਦੇਸ਼ ਦੀ ਏਕਤਾ ਨੂੰ ਕੋਈ ਖ਼ਤਰਾ ਨਾ ਹੋਵੇ, ਇਸ ਵਾਸਤੇ ਇਕਜੁੱਟਤਾ ਬਹੁਤ ਜ਼ਰੂਰੀ: ਮੋਦੀ