HOME 350 ਸਾਲਾ ਸ਼ਹੀਦੀ ਸਮਾਗਮ ਦੇ ਮੱਦੇਨਜ਼ਰ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ...

350 ਸਾਲਾ ਸ਼ਹੀਦੀ ਸਮਾਗਮ ਦੇ ਮੱਦੇਨਜ਼ਰ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਆਈਆਂ ਸਿਹਤ ਵਿਭਾਗ ਦੀਆਂ ਟੀਮਾਂ ਨੇ ਪੀ.ਐੱਚ.ਸੀ ਕੀਰਤਪੁਰ ਸਾਹਿਬ ਵਿਖੇ ਸੰਭਾਲਿਆ ਕੰਮ

ਨਵਾਂਸ਼ਹਿਰ /ਕੀਰਤਪੁਰ ਸਾਹਿਬ   (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ ) ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਦੇ ਮੱਦੇਨਜ਼ਰ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਆਈਆਂ ਸਿਹਤ ਵਿਭਾਗ ਦੀਆਂ ਟੀਮਾਂ ਨੇ ਪੀ.ਐੱਚ.ਸੀ ਕੀਰਤਪੁਰ ਸਾਹਿਬ ਵਿਖੇ ਆਪਣਾ ਕੰਮ ਸੰਭਾਲ ਲਿਆ ਹੈ। ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਸੁਰਜੀਤ ਸਿੰਘ ਨੇ ਦੱਸਿਆ ਕਿ 350 ਸਾਲਾ ਸ਼ਹੀਦੀ ਸਮਾਗਮ ਨੂੰ ਸਫ਼ਲ ਬਣਾਉਣ ਲਈ ਸਿਹਤ ਵਿਭਾਗ ਵੱਲੋਂ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਗਈਆਂ ਹਨ। ਅੱਜ ਪੀ.ਐੱਚ.ਸੀ ਕੀਰਤਪੁਰ ਸਾਹਿਬ ਵਿਖੇ ਨੋਡਲ ਅਫ਼ਸਰ ਸਿਵਲ ਸਰਜਨ ਐੱਸ.ਬੀ.ਐੱਸ ਨਗਰ ਗੁਰਿੰਦਰਜੀਤ ਸਿੰਘ ਅਤੇ ਡੀ.ਐੱਮ.ਸੀ ਹਰਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਵੱਖ ਵੱਖ ਜ਼ਿਲ੍ਹਿਆਂ ਤੋਂ ਆਏ ਮੈਡੀਕਲ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਡਿਊਟੀਆਂ ਸੰਬੰਧੀ ਵਿਸ਼ੇਸ਼ ਟ੍ਰੇਨਿੰਗ ਦਿੱਤੀ ਗਈ ਅਤੇ ਸੇਵਾ ਭਾਵ ਨਾਲ ਡਿਊਟੀ ਕਰਨ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਬਲਾਕ ਮੈਡੀਕਲ ਅਫ਼ਸਰ ਡਾਕਟਰ ਜੰਗਜੀਤ ਸਿੰਘ ਵੀ ਮੌਜੂਦ ਰਹੇ। ਸੀਨੀਅਰ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਪੀ.ਐੱਚ.ਸੀ ਕੀਰਤਪੁਰ ਸਾਹਿਬ ਅਤੇ ਇਸਦੇ ਅਧੀਨ ਆਉਂਦੇ  5 ਆਮ ਆਦਮੀ ਕਲੀਨਿਕਾਂ ‘ਤੇ ਮਾਹਿਰ ਡਾਕਟਰਾਂ, ਫਾਰਮੇਸੀ ਅਫ਼ਸਰਾਂ ਅਤੇ ਲੈਬ ਟੈਕਨੀਸ਼ੀਅਨਾਂ ਦੀ ਤੈਨਾਤੀ ਕੀਤੀ ਗਈ ਹੈ। ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਮੈਡੀਕਲ ਸਹੂਲਤਾਂ, ਐਂਬੂਲੈਂਸ, ਐਮਰਜੈਂਸੀ ਸੇਵਾਵਾਂ ਅਤੇ ਮੁੱਢਲੇ ਸਿਹਤ ਸੰਭਾਲ ਪ੍ਰਬੰਧਾਂ ਨੂੰ ਮਜ਼ਬੂਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਂਵੀ ਘਟਨਾ ਹੋਣ ਦੀ ਸੂਰਤ ਵਿਚ  ਤੁਰੰਤ ਮੈਡੀਕਲ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ। ਇਸ ਤੋਂ ਇਲਾਵਾ ਪੀ.ਐੱਚ.ਸੀ ਵਿਖੇ ਮਰੀਜ਼ਾਂ ਦੇ ਸਾਰੇ ਟੈੱਸਟ ਮੁਫ਼ਤ ਕੀਤੇ ਜਾ ਰਹੇ ਹਨ ਅਤੇ ਐਕਸ-ਰੇ ਤੇ ਈ.ਸੀ.ਜੀ ਦੀ ਮੁਫ਼ਤ ਸੁਵਿਧਾ ਵੀ ਉਪਲੱਬਧ ਕਰਵਾਈ ਜਾ ਰਹੀ ਹੈ ਅਤੇ 24 ਘੰਟੇ ਐਮਰਜੈਂਸੀ ਸੇਵਾਵਾਂ ਵੀ ਨਿਰਵਿਘਨ ਜਾਰੀ ਹਨ। ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਸੁਰਜੀਤ ਸਿੰਘ ਨੇ ਕਿਹਾ ਕਿ 29 ਨਵੰਬਰ ਤੱਕ ਚੱਲਣ ਵਾਲੇ ਸ਼ਹੀਦੀ ਸਮਾਗਮ ਦੌਰਾਨ ਇਨ੍ਹਾਂ ਵਿਸ਼ੇਸ਼ ਮੈਡੀਕਲ ਸਹੂਲਤਾਂ ਦਾ ਪ੍ਰਬੰਧ ਮੇਲੇ ਵਿਚ ਆਉਣ ਵਾਲੀਆਂ ਸੰਗਤਾਂ ਲਈ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਵਿਸ਼ੇਸ਼ ਤੌਰ ਤੇ ਕੀਤਾ ਗਿਆ। ਬਲਾਕ ਐਕਸਟੈਨਸ਼ਨ ਐਜੂਕੇਟਰ ਰਤਿਕਾ ਓਬਰਾਏ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਵਿਰਾਸਤ-ਏ-ਖਾਲਸਾ ਅਤੇ ਐੱਸ.ਡੀ.ਐੱਚ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਲਈ ਇੱਕ ਵਿਸ਼ੇਸ਼ ਪ੍ਰਦਰਸ਼ਨੀ ਵੀ ਲਈ ਜਾ ਰਹੀ ਹੈ ਜੋ ਉਨ੍ਹਾਂ ਨੂੰ ਵੱਖ ਵੱਖ ਬਿਮਾਰੀਆਂ ਤੇ ਸਿਹਤ ਮਹਿਕਮੇ ਦੀਆਂ ਭਲਾਈ ਯੋਜਨਾਵਾਂ ਬਾਰੇ ਜਾਗਰੂਕ ਕਰੇਗੀ ਤਾਂ ਜੋ ਉਹ ਇਕ ਸਿਹਤਮੰਦ ਜੀਵਨ ਜੀਅ ਸਕਣ ਅਤੇ ਯੋਗਤਾ ਅਨੁਸਾਰ ਯੋਜਨਾਵਾਂ ਦਾ ਲਾਭ ਲੈ ਸਕਣ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous article*ਸ਼ਹੀਦ ਲੈਫਟੀਨੈਂਟ ਜਨਰਲ ਬਿਕਰਮ ਸਿੰਘ ਦਾ ਸ਼ਹੀਦੀ ਦਿਹਾੜਾ 22 ਨੂੰ -ਕਾਹਮਾ*
Next articleਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਦੀਆਂ ਖੁਸ਼ੀਆਂ ਵਿੱਚ ਮਹਾਨ ਨਗਰ ਕੀਰਤਨ ਸਜਾਇਆ ਗਿਆ