ਪੰਜਾਬ ਸਰਕਾਰ ਨੇ ਕਰਾਇਆ ‘ਹਿੰਦ ਦੀ ਚਾਦਰ’ ਲਾਈਟ ਐਂਡ ਸਾਊਂਡ ਸ਼ੋਅ ‘ਹਿੰਦ ਦੀ ਚਾਦਰ’ ਸ਼ੋਅ ਦੌਰਾਨ ਭਾਰੀ ਗਿਣਤੀ ਸੰਗਤ ਰਹੀ ਮੌਜੂਦ
ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸਥਾਨਕ ਆਈ.ਟੀ.ਆਈ. ਗਰਾਊਂਡ ਵਿਖੇ ਗੁਰੂ ਜੀ ਦੇ ਜੀਵਨ, ਫਲਸਫ਼ੇ, ਸਿੱਖਿਆਵਾਂ ਅਤੇ ਸ਼ਹੀਦੀ ‘ਤੇ ਆਧਾਰਤ ‘ਹਿੰਦ ਦੀ ਚਾਦਰ’ ਲਾਈਟ ਐਂਡ ਸਾਊਂਡ ਸ਼ੋਅ ਕਰਾਇਆ ਗਿਆ ਜਿਸ ਵਿੱਚ ਭਾਰੀ ਗਿਣਤੀ ਸੰਗਤਾਂ ਸ਼ਾਮਲ ਹੋਈਆਂ। ਗੁਰਦੁਆਰਾ ਸੀਸ ਗੰਜ ਸਾਹਿਬ, ਗੁਰਦੁਆਰਾ ਰਕਾਬਗੰਜ ਸਾਹਿਬ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਸੈੱਟ ’ਤੇ ਫਿਲਮਾਇਆ ਲਾਈਟ ਐਂਡ ਸਾਊਂਡ ਸ਼ੋਅ ਨੇ ਸੰਗਤਾਂ ਨੂੰ ਗੁਰੂ ਜੀ ਦੀ ਲਾਸਾਨੀ ਸ਼ਹਾਦਤ, ਸਿੱਖ ਪੰਥ ਦੀ ਇਤਿਹਾਸਕ ਮਹਤਤਾ, ਅਮੀਰ ਧਾਰਮਿਕ ਵਿਰਾਸਤ ਅਤੇ ਖਾਲਸਾ ਪੰਥ ਦੀ ਸਥਾਪਨਾ ਬਾਰੇ ਵਿਸਥਾਰ ਵਿੱਚ ਜਾਣੂੰ ਕਰਵਾਇਆ। ਇਸ ਦੌਰਾਨ ਗੁਰੂ ਜੀ ਦੇ ਜਨਮ, ਜੀਵਨ, ਮੀਰੀ–ਪੀਰੀ ਦੇ ਸਿਧਾਂਤ, ਬਾਬਾ ਬਕਾਲਾ, ਚੱਕ ਨਾਨਕੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਦਾ ਬਿਰਤਾਂਤ ਦਿਖਾਇਆ ਗਿਆ। ਇਸ ਦੌਰਾਨ ਭਾਈ ਦੀਦਾਰ ਸਿੰਘ ਦੇ ਢਾਡੀ ਜਥੇ ਨੇ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਤ ਵਾਰਾਂ ਗਾਈਆਂ। ਪੰਜਾਬ ਸਰਕਾਰ ਵੱਲੋਂ ਗੁਰੂ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਤਹਿਤ ਹਰ ਜ਼ਿਲ੍ਹੇ ਵਿੱਚ ਲਾਈਟ ਐਂਡ ਸਾਊਂਡ ਸ਼ੋਅ, ਕੀਰਤਨ ਦਰਬਾਰ ਅਤੇ ਹੋਰ ਸਮਾਗਮ ਕਰਵਾਏ ਜਾ ਰਹੇ ਹਨ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਗੁਰੂ ਜੀ ਦੀ ਲਾਸਾਨੀ ਸ਼ਹਾਦਤ ਅਤੇ ਮਹਾਨ ਸਿੱਖਿਆਵਾਂ ਤੋਂ ਜਾਣੂੰ ਕਰਵਾਇਆ ਜਾ ਸਕੇ। ਸਮਾਗਮ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਸੰਗਤਾਂ ਵਿੱਚ ਸ਼ਾਮਲ ਹੋਏ। ਭਾਰੀ ਗਿਣਤੀ ਸੰਗਤ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਤਾਂ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਸਮਾਗਮਾਂ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਸ਼੍ਰੀਨਗਰ ਤੋਂ 19 ਨਵੰਬਰ ਨੂੰ ਨਗਰ ਕੀਰਤਨ ਦੀ ਆਰੰਭਤਾ ਹੋਵੇਗੀ ਜੋ ਵੱਖ-ਵੱਖ ਜ਼ਿਲ੍ਹਿਆਂ ਤੋਂ ਹੁੰਦਾ ਹੋਇਆ 22 ਨਵੰਬਰ ਨੂੰ ਸ਼ਹੀਦ ਭਗਤ ਸਿੰਘ ਨਗਰ ਵਿਖੇ ਪਹੁੰਚੇਗਾ ਜਿਥੇ ਸੰਗਤਾਂ ਵੱਲੋਂ ਵੱਖ-ਵੱਖ ਥਾਂਵਾਂ ’ਤੇ ਪੂਰੇ ਜਾਹੋ–ਜਲਾਲ ਨਾਲ ਸਵਾਗਤ ਕੀਤਾ ਜਾਵੇਗਾ।



