ਭਾਰਤ ਅਤੇ ਪਾਕਿਸਤਾਨ ਦੇ ਅਧਿਕਾਰੀਆਂ ਦੀ ਵਾਹਗਾ ਸਰਹੱਦ ’ਤੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਅੱਜ ਹੋਈ ਦੂਜੇ ਗੇੜ ਦੀ ਅਹਿਮ ਬੈਠਕ ਵਿੱਚ 80 ਫੀਸਦੀ ਸ਼ਰਤਾਂ ’ਤੇ ਸਹਿਮਤੀ ਬਣੀ। ਇਸ ਤਹਿਤ ਪਾਕਿਸਤਾਨ ਅਤੇ ਭਾਰਤ ਇਸ ਗੱਲ ’ਤੇ ਸਹਿਮਤ ਹੋ ਗਏ ਕਿ ਗੁਰਦੁਆਰਾ ਕਰਤਾਰਪੁਰ ਵਿੱਚ ਰੋਜ਼ਾਨਾ 5 ਹਜ਼ਾਰ ਸ਼ਰਧਾਲੂ ਜਾ ਸਕਣਗੇ। ਇਸ ਲਈ ਵੀਜ਼ੇ ਦੀ ਲੋੜ ਨਹੀਂ ਹੋਵੇਗੀ। ਓਸੀਆਈ ਕਾਰਡਧਾਰਕਾਂ ਨੂੰ ਵੀ ਲਾਂਘੇ ਦੇ ਇਸਤੇਮਾਲ ਦੀ ਇਜਾਜ਼ਤ ਹੋਵੇਗੀ। ਹਾਲਾਂਕਿ ਲਾਂਘੇ ਵਿਚਲੇ ਅੜਿੱਕਿਆਂ ਬਾਰੇ ਪੁੱਛੇ ਜਾਣ ’ਤੇ ਪਾਕਿਸਤਾਨ ਵਲੋਂ ਕਿਹਾ ਗਿਆ ਕਿ ਵੱਖ ਵੱਖ ਹਿੱਸਿਆਂ ਵਿੱਚ ਇਹ ਮਸਲੇ ਵੀ ਹੱਲ ਕਰ ਲਏ ਜਾਣਗੇ। ਸੂਤਰਾਂ ਅਨੁਸਾਰ ਅੰਤਿਮ ਸਮਝੌਤੇ ਤੱਕ ਪੁੱਜਣ ਲਈ ਹਾਲੇ ਦੋ ਜਾਂ ਤਿੰਨ ਗੇੜ ਦੀ ਗੱਲਬਾਤ ਹੋਣੀ ਲਾਜ਼ਮੀ ਹੈ। ਵਿਦੇਸ਼ ਮੰਤਰਾਲੇ ਅਨੁਸਾਰ ਪਾਕਿਸਤਾਨ ਇਸ ਤੋਂ ਪਹਿਲਾਂ ਸਿੱਧਾਂਤਰ ਤੌਰ ’ਤੇ ਪੁਲ ਦੀ ਉਸਾਰੀ ’ਤੇ ਰਾਜ਼ੀ ਹੋ ਗਿਆ ਹੈ। ਪਾਕਿਸਤਾਨ ਨੇ ਮੀਟਿੰਗ ਵਿੱਚ ਹੋਈ ਗੱਲਬਾਤ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ। ਭਾਰਤੀ ਵਫ਼ਦ ਨੇ ਕਰਤਾਰਪੁਰ ਸਾਹਿਬ ਗੁਰਦੁਆਰੇ ’ਚ ਸਫ਼ਾਰਤੀ ਰਸਾਈ ’ਤੇ ਜ਼ੋਰ ਦਿੱਤਾ ਤਾਂ ਜੋ ਲੋੜ ਪੈਣ ’ਤੇ ਸ਼ਰਧਾਲੂਆਂ ਨੂੰ ਸਹਾਇਤਾ ਦਿੱਤੀ ਜਾ ਸਕੇ। ਭਾਰਤ ਵੱਲੋਂ ਕਰਤਾਰਪੁਰ ਲਾਂਘੇ ਕੋਲ ਪੁਲ ਉਸਾਰਿਆ ਜਾ ਰਿਹਾ ਹੈ ਅਤੇ ਵਾਰਤਾ ਦੌਰਾਨ ਭਾਰਤ ਨੇ ਪਾਕਿਸਤਾਨ ਨੂੰ ਬੇਨਤੀ ਕੀਤੀ ਕਿ ਉਹ ਸ਼ਰਧਾਲੂਆਂ ਦੀ ਸੁਰੱਖਿਆ ਲਈ ਆਪਣੇ ਹਿੱਸੇ ਵੱਲ ਪੁਲ ਬਣਾਏ ਅਤੇ ਹੜ੍ਹਾਂ ਸਬੰਧੀ ਖ਼ਦਸ਼ਿਆਂ ਨੂੰ ਦੂਰ ਕਰੇ। ਭਾਰਤੀ ਅਧਿਕਾਰੀਆਂ ਨੇ ਕਿਹਾ ਕਿ ਪ੍ਰਸਤਾਵਿਤ ਕਾਜ਼ਵੇਅ ਨਾਲ ਲੋਕਾਂ ਲਈ ਦਿੱਕਤਾਂ ਖੜ੍ਹੀਆਂ ਹੋਣਗੀਆਂ ਅਤੇ ਇਸ ਨੂੰ ਆਰਜ਼ੀ ਤੌਰ ’ਤੇ ਵੀ ਨਹੀਂ ਬਣਾਇਆ ਜਾਣਾ ਚਾਹੀਦਾ। ਵਿਦੇਸ਼ ਮੰਤਰਾਲੇ ਦੇ ਬਿਆਨ ਮੁਤਾਬਕ ਪਾਕਿਸਤਾਨੀ ਅਧਿਕਾਰੀਆਂ ਨੇ ਫ਼ੌਰੀ ਪੁਲ ਉਸਾਰੇ ਜਾਣ ਦੀ ਸਿਧਾਂਤਕ ਤੌਰ ’ਤੇ ਸਹਿਮਤੀ ਜਤਾਈ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ’ਚ ਰਾਵੀ ਦਰਿਆ ’ਤੇ ਪੁਲ ਦੀ ਉਸਾਰੀ ਦਾ ਕੰਮ ਨਾ ਹੋਣ ਕਰ ਕੇ ਭਾਰਤ ਨੇ ਨਵੰਬਰ ’ਚ ਲਾਂਘੇ ਨੂੰ ਖੋਲ੍ਹਣ ਦੇ ਆਰਜ਼ੀ ਪ੍ਰਬੰਧ ਕਰਨ ਦੀ ਪੇਸ਼ਕਸ਼ ਕੀਤੀ ਹੈ। ਉੱਚ ਪੱਧਰੀ ਮੀਟਿੰਗ ਵਿੱਚ ਭਾਰਤ ਵੱਲੋਂ ਜੁਆਇੰਟ ਸਕੱਤਰ ਐਸ ਸੀ ਐਲ ਦਾਸ ਜਦਕਿ ਪਾਕਿਸਤਾਨ ਵੱਲੋਂ ਦੱਖਣੀ ਏਸ਼ੀਆ ਅਤੇ ਸਾਰਕ ਦੇ ਡਾਇਰੈਕਟਰ ਜਨਰਲ ਡਾ. ਮੁਹੰਮਦ ਫੈਸਲ ਦੀ ਅਗਵਾਈ ਹੇਠ ਵਫ਼ਦ ਨੇ ਹਿੱਸਾ ਲਿਆ। ਪੰਜਾਬ ਸਰਕਾਰ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਹੁਸਨ ਲਾਲ ਤੋਂ ਇਲਾਵਾ ਨੈਸ਼ਨਲ ਹਾਈਵੇਅ ਅਥਾਰਟੀਜ਼ ਦੇ ਨੁਮਾਇੰਦੇ ਵੀ ਸ਼ਾਮਲ ਹੋਏ। ਕਰੀਬ ਤਿੰਨ ਘੰਟੇ ਤੱਕ ਚੱਲੀ ਮੀਟਿੰਗ ਵਿੱਚ ਦੋਵਾਂ ਮੁਲਕਾਂ ਦੇ ਅਧਿਕਾਰੀਆਂ ਵੱਲੋਂ ਆਪੋ-ਆਪਣੇ ਸੁਝਾਅ ਤੇ ਸ਼ਰਤਾਂ ਪੇਸ਼ ਕੀਤੀਆਂ ਗਈਆਂ। ਸੰਯੁਕਤ ਸਕੱਤਰ ਐਸ ਸੀ ਐਲ ਦਾਸ ਨੇ ਦੱਸਿਆ ਕਿ ਪਾਕਿਸਤਾਨ ਸਰਕਾਰ ਨੇ ਪੂਰਾ ਸਾਲ ਵੀਜ਼ਾ ਮੁਕਤ ਯਾਤਰਾ ਦੀ ਗੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਤੋਂ ਰੋਜ਼ਾਨਾ 5000 ਸ਼ਰਧਾਲੂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਜਾ ਸਕਣਗੇ। ਉਨ੍ਹਾਂ ਕਿਹਾ ਕਿ ਸ਼ਰਧਾਲੂ ਇਕੱਲੇ ਜਾਂ ਜਥੇ ਦੇ ਰੂਪ ਵਿੱਚ ਵੀ ਜਾ ਸਕਣਗੇ ਤੇ ਪੈਦਲ ਜਾਣ ਦੀ ਇਜ਼ਾਜ਼ਤ ਵੀ ਮਿਲ ਗਈ ਹੈ। ਉਨ੍ਹਾਂ ਦੱਸਿਆ ਕਿ ਖ਼ਾਸ ਮੌਕਿਆਂ ’ਤੇ 10 ਹਜ਼ਾਰ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀ ਆਗਿਆ ਦੇਣ ਦੀ ਮੰਗ ਵੀ ਕੀਤੀ ਗਈ ਹੈ। ਭਾਰਤ ਨੇ ਪਾਕਿਸਤਾਨ ਨੂੰ ਦੱਸਿਆ ਕਿ ਉਹ ਰੋਜ਼ਾਨਾ 15 ਹਜ਼ਾਰ ਸ਼ਰਧਾਲੂਆਂ ਨੂੰ ਸੰਭਾਲਣ ਦੀ ਤਿਆਰੀ ਕਰ ਰਿਹਾ ਹੈ। ਭਾਰਤ ਨੇ ਮੰਗ ਕੀਤੀ ਕਿ ਪਾਕਿਸਤਾਨ ਸ਼ਰਧਾਲੂਆਂ ਤੋਂ ਪਰਮਿਟ ਜਾਂ ਕਿਸੇ ਵੀ ਤਰ੍ਹਾਂ ਦੀ ਹੋਰ ਫੀਸ ਨਾ ਵਸੂਲੇ। ਭਾਰਤ ਨੇ ਪਰਮਿਟ ਸਿਸਟਮ ਨਾ ਬਣਾਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਅਕਤੂਬਰ ਅਤੇ ਨਵੰਬਰ ਵਿੱਚ ਭਾਰਤ ਤੋਂ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਜਾਣ ਵਾਲੇ ਨਗਰ ਕੀਰਤਨ ਨੂੰ ਇਜਾਜ਼ਤ ਦੇਣ ਦੀ ਮੰਗ ਕੀਤੀ।
HOME 5 ਹਜ਼ਾਰ ਸ਼ਰਧਾਲੂ ਰੋਜ਼ਾਨਾ ਕਰ ਸਕਣਗੇ ਬਿਨਾਂ ਵੀਜ਼ੇ ਤੋਂ ਯਾਤਰਾ