ਹੁਸ਼ਿਆਰਪੁਰ ‘ਚ 50 ਬਿਸਤਰਿਆਂ ਵਾਲੇ ਕ੍ਰੀਟੀਕਲ ਕੇਅਰ ਹਸਪਤਾਲ ਦੇ ਨਿਰਮਾਣ ਕਾਰਜ ‘ਚ ਲਿਆਂਦੀ ਜਾਵੇ ਤੇਜ਼ੀ – ਬ੍ਰਹਮ ਸ਼ੰਕਰ ਜਿੰਪਾ

ਵਿਧਾਇਕ ਬ੍ਰਹਮ ਸ਼ੰਕਰ ਜਿੰਪਾ

ਵਿਧਾਇਕ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹੁਸ਼ਿਆਰਪੁਰ ਵਿਖੇ ਬਣਨ ਵਾਲੇ 50 ਬਿਸਤਰਿਆਂ ਦੇ ਕ੍ਰੀਟੀਕਲ ਕੇਅਰ ਹਸਪਤਾਲ ਦੇ ਨਿਰਮਾਣ ਕਾਰਜ ਲਈ ਪ੍ਰਕਿਰਿਆ ਤੇਜ਼ ਕੀਤੀ ਜਾਵੇ। ਵਿਧਾਇਕ ਜਿੰਪਾ ਨੇ ਦੱਸਿਆ ਕਿ 16.50 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਇਸ ਅਤਿ ਆਧੁਨਿਕ ਹਸਪਤਾਲ ਦੀ ਪ੍ਰਬੰਧਕੀ ਪ੍ਰਵਾਨਗੀ ਮਿਲ ਚੁੱਕੀ ਹੈ ਅਤੇ ਲੋਕ ਨਿਰਮਾਣ ਵਿਭਾਗ ਨੇ ਇਸ ਲਈ ਟੈਂਡਰ ਮੰਗੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਸਾਰੀ ਦਾ ਕੰਮ ਤੈਅ ਸਮੇਂ ਵਿਚ ਮੁਕੰਮਲ ਕੀਤਾ ਜਾਵੇ ਤਾਂ ਜੋ ਜ਼ਿਲ੍ਹੇ ਦੇ ਲੋਕਾਂ ਨੂੰ ਆਧੁਨਿਕ  ਸਿਹਤ ਸੇਵਾਵਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਥੇ ਬਣਨ ਵਾਲੇ ਮੈਡੀਕਲ ਕਾਲਜ ਅਤੇ ਹਸਪਤਾਲ ਨਾਲ ਸਬੰਧਤ ਪ੍ਰਕਿਰਿਆਵਾਂ ਦੀ  ਰੈਗੂਲਗਰ ਤੌਰ ֹ‘ਤੇ ਸਮੀਖਿਆ ਕਰ ਰਹੇ ਅਤੇ ਲੰਘੇ ਦਿਨ ਹੀ ਉਨ੍ਹਾਂ ਨੇ ਉਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਇਸ ਕੰਮ ਵਿਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ ਮੁਕੰਮਲ ਹੋਣ ਨਾਲ ਲੋਕਾਂ ਨੂੰ  ਅਤਿ-ਆਧੁਨਿਕ ਮੈਡੀਕਲ ਮਸ਼ੀਨਰੀ ਰਾਹੀਂ  ਸਿਹਤ ਸੇਵਾਵਾਂ ਦਾ ਲਾਭ ਮਿਲੇਗਾ ਅਤੇ ਹਰ ਤਰ੍ਹਾਂ ਦੇ ਮਾਹਰ ਡਾਕਟਰ ਮਰੀਜ਼ਾਂ ਦਾ ਇਲਾਜ ਕਰਨਗੇ ਵਿਧਾਇਕ ਨੇ ਦੱਸਿਆ ਕਿ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੇ ਨਿਰਮਾਣ ਕਾਰਜ ਸਬੰਧੀ ਪ੍ਰਸ਼ਾਸਨਿਕ ਪ੍ਰਕਿਰਿਆ ਵੀ ਮੁਕੰਮਲ ਕਰ ਲਈ ਗਈ ਹੈ।418.30 ਕਰੋੜ ਰੁਪਏ ਦੀ ਲਾਗਤ ਨਾਲ 21.41 ਏਕੜ ਰਕਬੇ ਵਿੱਚ ਬਣਨ ਵਾਲੇ ਇਸ ਇੰਸਟੀਚਿਊਟ ਵਿੱਚ 300 ਬਿਸਤਰਿਆਂ ਦਾ ਮੈਡੀਕਲ ਕਾਲਜ ਹੋਵੇਗਾ, ਜਿੱਥੇ 150 ਮੈਡੀਕਲ ਵਿਦਿਆਰਥੀਆਂ ਲਈ ਸੀਟਾਂ ਨਿਰਧਾਰਿਤ ਕੀਤੀਆਂ ਗਈਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰਾਜੈਕਟ ਦੇ ਟੈਂਡਰ ਜਲਦੀ ਜਾਰੀ ਕੀਤੇ ਜਾਣ, ਤਾਂ ਜੋ ਉਸਾਰੀ ਦਾ ਕੰਮ ਸਮੇਂ ਸਿਰ ਮੁਕੰਮਲ ਹੋ ਸਕੇ ਅਤੇ ਇਲਾਕਾ ਨਿਵਾਸੀਆਂ ਨੂੰ ਉੱਚ ਪੱਧਰੀ ਮੈਡੀਕਲ ਸਹੂਲਤਾਂ ਮਿਲ ਸਕਣ। ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਇਹ ਹਸਪਤਾਲ ਅਤੇ ਮੈਡੀਕਲ ਕਾਲਜ ਕੰਢੀ ਖੇਤਰ ਲਈ ਵਰਦਾਨ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਦੇਸ਼ ਅੰਦਰ ਲਾਮਿਸਾਲ ਉਪਰਾਲੇ ਕਰ ਰਹੀ ਹੈ ਜਿਸ ਦਾ ਲੋਕਾਂ ਨੂੰ ਭਰਪੂਰ ਲਾਭ ਮਿਲ ਰਿਹਾ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਡਿਪਟੀ ਸਪੀਕਰ ਨੇ ਨਗਰ ਕੌਂਸਲ ਗੜ੍ਹਸ਼ੰਕਰ ਵਿਖੇ ਦਿੱਤਾ ਨਿਯੁਕਤੀ ਪੱਤਰ
Next articleਸਕੂਲੀ ਬੱਚਿਆਂ ਵਿਚ ਅਨੀਮੀਆ ਨਾਲ ਨਜਿੱਠਣ ਲਈ ਨਿਰੰਤਰ ਉਪਰਾਲੇ ਯਕੀਨੀ ਬਣਾਉਣੇ ਜ਼ਰੂਰੀ – ਡੀ. ਸੀ