ਬਲਾਚੌਰ, (ਸਮਾਜ ਵੀਕਲੀ) (ਜਤਿੰਦਰਪਾਲ ਸਿੰਘ ਕਲੇਰ) : ਜਗਤ ਗੁਰੂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪੂਰੇ ਪੰਜਾਬ ਵਿੱਚ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਇਤਿਹਾਸਕ ਦਿਹਾੜੇ ਨੂੰ ਸਮਰਪਿਤ ਸੂਬੇ ਭਰ ਵਿੱਚ ਵਿਸ਼ਾਲ ਧਾਰਮਿਕ ਅਤੇ ਸੱਭਿਆਚਾਰਕ ਸਮਾਗਮਾਂ ਦੀ ਲੜੀ ਉਲੀਕੀ ਗਈ ਹੈ, ਜਿਸ ਦੀ ਰੂਪ-ਰੇਖਾ ਬਾਰੇ ਆਪ ਦੇ ਸੀਨੀਅਰ ਆਗੂ ਅਤੇ ਗੁੱਜਰ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ, ਬ੍ਰਿਗੇਡੀਅਰ ਰਾਜ ਕੁਮਾਰ ਨੇ ਵਿਸਤ੍ਰਿਤ ਜਾਣਕਾਰੀ ਸਾਂਝੀ ਕੀਤੀ ਹੈ।ਇਨ੍ਹਾਂ ਸਮਾਗਮਾਂ ਦੀ ਲੜੀ ਤਹਿਤ ਸ਼੍ਰੀ ਗੁਰੂ ਰਵਿਦਾਸ ਜੀ ਦੇ ਪਵਿੱਤਰ ਤਪ ਅਸਥਾਨ ‘ਸ਼੍ਰੀ ਖੁਰਾਲਗੜ੍ਹ ਸਾਹਿਬ’ ਲਈ 4 ਵੱਡੀਆਂ ਸ਼ੋਭਾ ਯਾਤਰਾਵਾਂ ਕੱਢੀਆਂ ਜਾਣਗੀਆਂ, ਜੋ ਸੰਗਤਾਂ ਨੂੰ ਨਤਮਸਤਕ ਹੋਣ ਲਈ ਪ੍ਰੇਰਿਤ ਕਰਨਗੀਆਂ। ਇਸ ਦੇ ਨਾਲ ਹੀ ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ ਤਿੰਨ ਦਿਨਾਂ ਤੱਕ ਵਿਸ਼ੇਸ਼ ਸੂਬਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ, ਜਿਸ ਦੌਰਾਨ ਪ੍ਰਦਰਸ਼ਨੀ, ਕੀਰਤਨ ਦਰਬਾਰ, ਸੰਤ ਸੰਮੇਲਨ, 3ਡੀ ਸ਼ੋਅ ਅਤੇ ਡਰੋਨ ਸ਼ੋਅ ਦਾ ਵਿਸ਼ੇਸ਼ ਆਯੋਜਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸੂਬੇ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਵਿੱਚ ਗੁਰੂ ਰਵਿਦਾਸ ਬਾਣੀ ਦੇ ਫਲਸਫੇ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਕਰਵਾਏ ਜਾਣਗੇ। ਸਮਾਜ ਵਿੱਚ ਬਰਾਬਰੀ ਦਾ ਸੰਦੇਸ਼ ਦੇਣ ਲਈ ਹਰ ਜ਼ਿਲ੍ਹੇ ਵਿੱਚ ‘ਰਨ ਫਾਰ ਇਕੂਐਲਿਟੀ’ ਮੈਰਾਥਨ ਦੌੜ ਅਤੇ ਸਾਈਕਲ ਰੈਲੀਆਂ ਦਾ ਆਯੋਜਨ ਕੀਤਾ ਜਾਵੇਗਾ, ਅਤੇ ਨਾਲ ਹੀ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਵੱਡੇ ਕੀਰਤਨ ਦਰਬਾਰਾਂ ਦਾ ਪ੍ਰਬੰਧ ਕੀਤਾ ਜਾਵੇਗਾ ਤਾਂ ਜੋ ਸੰਗਤਾਂ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਦਾ ਅਨੰਦ ਲੈ ਸਕਣ। ਬ੍ਰਿਗੇਡੀਅਰ ਰਾਜ ਕੁਮਾਰ ਵੱਲੋਂ ਸਮੂਹ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly






