ਮੁੱਖ ਮੰਤਰੀ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮੁੱਖ ਮਹਿਮਾਨ ਦੇ ਤੌਰ ‘ਤੇ ਕਰਨਗੇ ਸ਼ਿਰਕਤ
ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਸੈਰ-ਸਪਾਟਾ ਅਤੇ ਸੱਭਿਆਚਾਰ ਵਿਭਾਗ, ਪੰਜਾਬ ਵੱਲੋਂ 7 ਅਗਸਤ ਨੂੰ ਗੋਲਡਨ ਹੈਰੀਟੇਜ, ਟਾਂਡਾ ਰੋਡ, ਹੁਸ਼ਿਆਰਪੁਰ ਵਿਖੇ ਇੱਕ ਵਿਸ਼ਾਲ ਰਾਜ ਪੱਧਰੀ ‘ਤ੍ਰਿੰਝਣਾਂ ਤੀਜ ਮੇਲਾ 2025’ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਸਮਾਗਮ ਦੁਪਹਿਰ 12 ਵਜੇ ਤੋਂ ਸ਼ਾਮ 4:30 ਵਜੇ ਤੱਕ ਆਯੋਜਿਤ ਹੋਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਇਸ ਸੱਭਿਆਚਾਰਕ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਇਹ ਮੇਲਾ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਅਤੇ ਪਰੰਪਰਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਇੱਕ ਵਧੀਆ ਮੌਕਾ ਹੋਵੇਗਾ। ਉਨ੍ਹਾਂ ਨੇ ਅੱਜ ਗੋਲਡਨ ਹੈਰੀਟੇਜ ਵਿਖੇ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸਮਾਗਮ ਦੀਆਂ ਤਿਆਰੀਆਂ ਵਿੱਚ ਕੋਈ ਕਮੀ ਨਹੀਂ ਹੋਣੀ ਚਾਹੀਦੀ ਅਤੇ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ। ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ, ਨਗਰ ਨਿਗਮ, ਸਿਹਤ ਵਿਭਾਗ, ਪੁਲਿਸ ਸਮੇਤ ਸਾਰੇ ਸਬੰਧਤ ਵਿਭਾਗਾਂ ਨੂੰ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਤੋਂ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਸਾਰੇ ਪ੍ਰਬੰਧ ਸਮੇਂ ਸਿਰ ਪੂਰੇ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਵਿੱਚ ਉਨ੍ਹਾਂ ਕਿਹਾ ਕਿ ਮਹਿਮਾਨਾਂ ਦੀ ਸਹੂਲਤ, ਸੁਰੱਖਿਆ, ਟ੍ਰੈਫਿਕ ਪ੍ਰਬੰਧਨ ਅਤੇ ਸਿਹਤ ਸੇਵਾਵਾਂ ਲਈ ਢੁਕਵੇਂ ਪ੍ਰਬੰਧ ਯਕੀਨੀ ਬਣਾਏ ਜਾਣਗੇ। ਇਸ ਤੋਂ ਇਲਾਵਾ ਸੱਭਿਆਚਾਰਕ ਪੇਸ਼ਕਾਰੀਆਂ ਅਤੇ ਰਵਾਇਤੀ ਗਤੀਵਿਧੀਆਂ ਰਾਹੀਂ ਤੀਜ ਤਿਉਹਾਰ ਦੇ ਲੋਕ ਸੱਭਿਆਚਾਰ ਅਤੇ ਰਵਾਇਤੀ ਰੰਗਾਂ ਨੂੰ ਜੀਵੰਤ ਕੀਤਾ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ, ਸਹਾਇਕ ਕਮਿਸ਼ਨਰ ਓਇਸ਼ੀ ਮੰਡਲ, ਐਸ.ਪੀ ਨਵਨੀਤ ਕੌਰ ਗਿੱਲ, ਐਸ.ਡੀ.ਐਮ ਗੁਰਸਿਮਰਨਜੀਤ ਕੌਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।



