ਚਹੇੜੂ/ਫਗਵਾੜਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਅੱਜ ਚਹੇੜੂ ਵਿਖੇ ਸਤਿਕਾਰਯੋਗ ਸੰਤ ਕ੍ਰਿਸ਼ਨ ਨਾਥ ਜੀ ਮਹਾਰਾਜ ਚਹੇੜੂ ਵਾਲਿਆਂ ਦੇ ਮਾਰਗਦਰਸ਼ਨ ਹੇਠ ਆਯੋਜਿਤ ਕੀਤੇ ਗਏ 75ਵੇਂ ਸਾਲਾਨਾ ਜੋੜ ਮੇਲੇ ਵਿੱਚ ਡਾਕਟਰ ਅਵਤਾਰ ਸਿੰਘ ਕਰੀਮਪੁਰੀ ਪ੍ਰਧਾਨ ਬਸਪਾ ਪੰਜਾਬ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਪਵਿੱਤਰ ਮੌਕੇ ‘ਤੇ ਉਨ੍ਹਾਂ ਨੇ ਸੰਤਾਂ ਮਹਾਂਪੁਰਖਾਂ ਅਤੇ ਇਕੱਤਰ ਹੋਈਆਂ ਸੰਗਤਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਸੰਤਾਂ ਵੱਲੋਂ ਚਲਾਏ ਜਾ ਰਹੇ ਸਕੂਲ ਦੇ ਮੈਰਿਟ ਵਿੱਚ ਆਉਣ ਵਾਲੇ ਹੋਣਹਾਰ ਬੱਚਿਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਗਿਆ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਸਕੂਲ ਦੇ ਸਟਾਫ ਅਤੇ ਮਾਪਿਆਂ ਨੂੰ ਵਧਾਈ ਵੀ ਦਿੱਤੀ ਇਸ ਮੌਕੇ ਪੱਤਰਕਾਰਾਂ ਅਤੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਪੰਜਾਬ ਦੀ ਮੌਜੂਦਾ ਸਥਿਤੀ ‘ਤੇ ਡੂੰਘੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਪੰਜਾਬ ਵਿੱਚ ਜਿਸ ‘ਸਿੱਖਿਆ ਕ੍ਰਾਂਤੀ’ ਦੇ ਵੱਡੇ-ਵੱਡੇ
ਦਾਅਵੇ ਕੀਤੇ ਜਾ ਰਹੇ ਹਨ, ਉਹ ਜ਼ਮੀਨੀ ਪੱਧਰ ‘ਤੇ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋ ਰਹੇ ਹਨ। ਡਾ. ਕਰੀਮਪੁਰੀ ਨੇ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਦੇ ਵਿੱਚ ਦਲਿਤਾਂ ਅਤੇ ਪਿਛੜੇ ਵਰਗਾਂ ਉੱਪਰ ਜਬਰ ਅਤੇ ਅਨਿਆਂ ਦੀਆਂ ਘਟਨਾਵਾਂ ਵਿੱਚ ਆਏ ਦਿਨ ਬੇਤਹਾਸ਼ਾ ਵਾਧਾ ਹੋ ਰਿਹਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਗੰਭੀਰ ਸਮਾਜਿਕ, ਆਰਥਿਕ, ਰਾਜਨੀਤਿਕ, ਧਾਰਮਿਕ ਅਤੇ ਸੱਭਿਆਚਾਰਕ ਚੁਣੌਤੀਆਂ ਦੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ। ਇਨ੍ਹਾਂ ਸਾਰੀਆਂ ਅਲਾਮਤਾਂ ਅਤੇ ਚੁਣੌਤੀਆਂ ਦਾ ਜੜ੍ਹੋਂ ਅੰਤ ਕਰਨ ਲਈ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਸਮੂਹ ਪੰਜਾਬੀਆਂ ਅਤੇ ਇਨਸਾਫ਼ਪਸੰਦ ਲੋਕਾਂ ਨੂੰ ਇੱਕਜੁੱਟ ਹੋ ਕੇ ‘ਪੰਜਾਬ ਸੰਭਾਲੋ ਮੁਹਿੰਮ’ ਨਾਲ ਜੁੜਨ ਦਾ ਜ਼ੋਰਦਾਰ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਗੌਰਵਮਈ ਇਤਿਹਾਸ, ਭਾਈਚਾਰਕ ਸਾਂਝ ਅਤੇ ਦਲਿਤਾਂ-ਮਜ਼ਲੂਮਾਂ ਦੇ ਹੱਕਾਂ ਦੀ ਰਾਖੀ ਲਈ ਇਸ ਮੁਹਿੰਮ ਨੂੰ ਘਰ-ਘਰ ਤੱਕ ਪਹੁੰਚਾਉਣਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਡਾ. ਕਰੀਮਪੁਰੀ ਦੇ ਨਾਲ ਹਰਭਜਨ ਬੁਲਾਲੋ (ਸਟੇਟ ਜਨਰਲ ਸੈਕਟਰੀ), ਲੇਖਰਾਜ ਜਮਾਲਪੁਰ, ਚਿਰੰਜੀ ਲਾਲ (ਕੌਂਸਲਰ), ਪਰਮਜੀਤ ਖਲਵਾੜਾ ਅਤੇ ਪਾਰਟੀ ਦੀ ਹੋਰ ਸੀਨੀਅਰ ਲੀਡਰਸ਼ਿਪ ਤੇ ਪਤਵੰਤੇ ਸੱਜਣ ਅਤੇ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



