ਨਵੀਂ ਦਿੱਲੀ (ਸਮਾਜ ਵੀਕਲੀ):ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਤਿਹਾੜ ਜੇਲ੍ਹ ਅੰਦਰ ਬੰਦ ਦਿੱਲੀ ਦੇ ਮੰਤਰੀ ਅਤੇ ‘ਆਪ’ ਆਗੂ ਸਤੇਂਦਰ ਜੈਨ ਤੋਂ ਆਬਕਾਰੀ ਨੀਤੀ ਵਿੱਚ ਕਥਿਤ ਬੇਨੇਮੀਆਂ ਨਾਲ ਸਬੰਧਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਅੱਜ ਪੁੱਛਗਿਛ ਕੀਤੀ। ਅਧਿਕਾਰਿਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਜ਼ਿਕਰਯੋਗ ਹੈ ਕਿ ਦਿੱਲੀ ਸਰਕਾਰ ਨੇ ਨਵੀਂ ਆਬਕਾਰੀ ਨੀਤੀ ਨੂੰ ਬਾਅਦ ਵਿੱਚ ਰੱਦ ਕਰ ਦਿੱਤਾ ਸੀ। ਏਜੰਸੀ ਦੇ ਅਧਿਕਾਰੀਆਂ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਦੇ ਨਿਯਮਾਂ ਮੁਤਾਬਕ ਜੈਨ ਦਾ ਬਿਆਨ ਦਰਜ ਕੀਤਾ। ਈਡੀ ਨੇ ਇਸ ਮਾਮਲੇ ਵਿੱਚ ਦਿੱਲੀ ਦੇ ਮੰਤਰੀ ਜੈਨ ਤੋਂ ਪੁੱਛਗਿਛ ਲਈ ਇਜਾਜ਼ਤ ਦੇਣ ਦੀ ਮੰਗ ਕਰਦਿਆਂ ਸਥਾਨਕ ਅਦਾਲਤ ਦਾ ਰੁਖ਼ ਕੀਤਾ ਸੀ। ਅਦਾਲਤ ਨੇ ਜਾਂਚ ਏਜੰਸੀ ਨੂੰ ਜੈਨ ਤੋਂ 16, 22 ਅਤੇ 23 ਸਤੰਬਰ ਨੂੰ ਪੁੱਛਗਿਛ ਕਰਨ ਦਾ ਅਧਿਕਾਰ ਦੇ ਦਿੱਤਾ ਸੀ। ਈਡੀ ਨੇ ਜੈਨ ਨੂੰ ਕਥਿਤ ਹਵਾਲਾ ਸੌਦੇਬਾਜ਼ੀ ਮਾਮਲੇ ਨਾਲ ਸਬੰਧਿਤ ਇੱਕ ਹੋਰ ਅਪਰਾਧਕ ਕੇਸ ਵਿੱਚ 30 ਮਈ ਨੂੰ ਗ੍ਰਿਫ਼ਤਾਰ ਕੀਤਾ ਸੀ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly