ਪੱਟੀ ਦੀ ਮਾਰਕੀਟ ਕਮੇਟੀ ਸਾਹਮਣੇ ਮੰਗਾਂ ਨੂੰ ਲੈ ਕੇ ਧਰਨਾ ਦੇ ਰਹੇ ਕਿਸਾਨਾਂ ਵੱਲੋਂ ਮੰਡੀ ਵਿੱਚ ਮਾਰਚ ਕਰਦਿਆਂ ਆੜ੍ਹਤੀਆਂ ਦੇ ਵੱਟੇ-ਕੰਡਿਆਂ ਦੀ ਚੈਕਿੰਗ ਕਰਨ ਤੋਂ ਖਿਝੇ ਆੜ੍ਹਤੀਆਂ ਅਤੇ ਉਨ੍ਹਾਂ ਦੇ ਹਮਾਇਤੀਆਂ ਵਲੋਂ ਕਿਸਾਨਾਂ ਦੇ ਕਾਫਲੇ ’ਤੇ ਹਮਲਾ ਕਰ ਦਿੱਤਾ ਅਤੇ ਕਿਸਾਨ ਆਗੂ ਨਿਰਪਾਲ ਸਿੰਘ ਜੌਨੇਕੇ ਗੰਭੀਰ ਜ਼ਖਮੀ ਹੋ ਗਿਆ| ਆਗੂ ਨੂੰ ਪੱਟੀ ਦੇ ਸਿਵਲ ਹਸਪਤਾਲ ਦਾਖਲ ਕਰਾਇਆ ਗਿਆ ਜਿਥੇ ਉਸ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ| ਇਸ ਘਟਨਾ ਦੀ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਮੁਖਤਾਰ ਸਿੰਘ ਮੱਲ੍ਹਾ ਦੇ ਇਲਾਵਾ ਹੋਰ ਆਗੂ ਦਲਜੀਤ ਸਿੰਘ ਦਿਆਲਪੁਰਾ, ਕਿਸਾਨ ਸੰਘਰਸ਼ ਕਮੇਟੀ ਪੰਜਾਬ(ਕੋਟ ਬੁੱਢਾ) ਦੇ ਪਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਜੈਮਲ ਸਿੰਘ ਬਾਠ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪਰਧਾਨ ਪ੍ਰਸ਼ੋਤਮ ਸਿੰਘ ਗਹਿਰੀ, ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪਰਧਾਨ ਚਮਨ ਲਾਲ ਦਰਾਜਕੇ ਆਦਿ ਨੇ ਨਿਖੇਧੀ ਕਰਦਿਆਂ ਮੁਲਜ਼ਮਾਂ ਨੂੰ ਬਿਨਾਂ ਦੇਰੀ ਦੇ ਗ੍ਰਿਫਤਾਰ ਕੀਤੇ ਜਾਣ ਦੀ ਮੰਗ ਕੀਤੀ ਹੈ| ਆਗੂਆਂ ਦੱਸਿਆ ਕਿ ਕੁਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਝੰਡੇ ਹੇਠ ਮਾਰਕੀਟ ਕਮੇਟੀ ਦੇ ਦਫਤਰ ਸਾਹਮਣੇ ਧਰਨਾ ਦੇਣ ਉਪਰੰਤ ਪੱਟੀ ਦੀ ਦਾਣਾ ਮੰਡੀ ਵਿੱਚ ਕਿਸਾਨ ਅਤੇ ਮਾਰਕੀਟ ਦੇ ਸਬੰਧਤ ਅਧਿਕਾਰੀਆਂ ਵਲੋਂ ਤੋਲ ਕੰਡੇ ਚੈੱਕ ਕੀਤੇ ਜਾ ਰਹੇ ਸਨ ਕਿ ਲਗਤਾਰ ਦੋ ਆੜ੍ਹਤੀਆਂ ਨੂੰ ਕਿਸਾਨਾਂ ਦੀਆਂ ਜਿਨਸਾਂ ਵੱਧ ਤੋਲਦੇ ਫੜਿਆ ਗਿਆ ਸੀ| ਕਿਸਾਨਾਂ ਦੇ ਕਾਫਲੇ ਅਗਵਾਈ ਕਿਸਾਨ ਆਗੂ ਨਿਰਪਾਲ ਸਿੰਘ ਜੌਨੇਕੇ ਕਰ ਰਿਹਾ ਸੀ ਜਿਸ ’ਤੇ ਆੜ੍ਹਤੀਆਂ ਅਤੇ ਉਨ੍ਹਾਂ ਦੇ ਹਮਾਇਤੀਆਂ ਨੇ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ| ਕਿਸਾਨ ਜਥੇਬੰਦੀਆਂ ਨੇ ਕਾਰਵਾਈ ਨਾ ਕੀਤੇ ਜਾਣ ’ਤੇ ਅੰਦੋਲਨ ਕਰਨ ਦੀ ਧਮਕੀ ਦਿੱਤੀ ਹੈ।
INDIA ਆੜ੍ਹਤੀਆਂ ਵੱਲੋਂ ਕਿਸਾਨਾਂ ਦੇ ਕਾਫ਼ਲੇ ’ਤੇ ਹਮਲਾ