ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਤੇ ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ ਅਸਤੀਫ਼ਾ ਦੇਣ ਲਈ ਬਜ਼ਿੱਦ ਹਨ ਅਤੇ ਉਨ੍ਹਾਂ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੂੰ ਮੁੜ ਨਿੱਜੀ ਤੌਰ ’ਤੇ ਮਿਲ ਕੇ ਅਸਤੀਫ਼ਾ ਪ੍ਰਵਾਨ ਕਰਨ ਦੀ ਬੇਨਤੀ ਕੀਤੀ ਹੈ। ਸ੍ਰੀ ਫੂਲਕਾ ਨੇ 12 ਅਕਤੂਬਰ ਨੂੰ ਅਸਤੀਫ਼ਾ ਦੇ ਦਿੱਤਾ ਸੀ ਜੋ ਅਜੇ ਤੱਕ ਪ੍ਰਵਾਨ ਨਹੀਂ ਕੀਤਾ ਗਿਆ। ਵਿਧਾਇਕ ਨੇ ਕਿਹਾ ਕਿ ਜੇਕਰ ਸਪੀਕਰ 13 ਦਸੰਬਰ ਤੱਕ ਅਸਤੀਫ਼ਾ ਪ੍ਰਵਾਨ ਨਹੀਂ ਵੀ ਕਰਨਗੇ ਤਾਂ ਵੀ ਉਹ ਸਰਦ ਰੁੱਤ ਸੈਸ਼ਨ ਵਿਚ ਹਿੱਸਾ ਨਹੀਂ ਲੈਣਗੇ। ਸ੍ਰੀ ਫੂਲਕਾ ਨੇ ਕਿਹਾ ਕਿ ਲੰਘੇ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਪੰਜਾਬ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣਗੀਆਂ, ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਲੇ ਤੱਕ ਇਸ ਮਾਮਲੇ ਸਬੰਧੀ ਗੰਭੀਰਤਾ ਨਾਲ ਕੋਈ ਕਾਰਵਾਈ ਨਹੀਂ ਕੀਤੀ। ਵਿਧਾਇਕ ਨੇ ਕਿਹਾ ਕਿ ਇਸੇ ਕਾਰਨ ਉਨ੍ਹਾਂ ਅਸਤੀਫ਼ਾ ਦਿੱਤਾ ਸੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਸਤੀਫ਼ਾ ਵਾਪਸ ਲੈਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਸਪੀਕਰ ਨੇ ਈ-ਮੇਲ ਰਾਹੀਂ ਭੇਜੇ ਅਸਤੀਫ਼ੇ ਪ੍ਰਵਾਨ ਨਾ ਕਰਨ ਬਾਰੇ ਕਿਹਾ ਸੀ। ਇਸੇ ਲਈ ਉਨ੍ਹਾਂ ਸਮਾਂ ਲੈ ਕੇ ਨਿੱਜੀ ਤੌਰ ’ਤੇ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਅਸਤੀਫ਼ਾ ਪ੍ਰਵਾਨ ਕਰਨਾ ਜਾ ਨਾ ਕਰਨਾ ਸਰਕਾਰ ਦੀ ਮਰਜ਼ੀ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਸਪੀਕਰ ਨੇ ਜਲਦੀ ਹੀ ਅਸਤੀਫ਼ੇ ’ਤੇ ਕਾਰਵਾਈ ਦਾ ਭਰੋਸਾ ਦਿੱਤਾ ਹੈ। ਸ੍ਰੀ ਫੂਲਕਾ ਨੇ ਕਿਹਾ ਕਿ ਉਨ੍ਹਾਂ ਦਾ ‘ਆਪ’ ਨਾਲ ਕੋਈ ਤਕਰਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਵੱਜੋਂ ਅਸਤੀਫ਼ਾ ਦੇਣ ਦਾ ਕਾਰਨ ਵੀ ਸਿਆਸਤ ਤੋਂ ਛੁੱਟੀ ਲੈ ਕੇ ਪੂਰਾ ਧਿਆਨ 1984 ਦੇ ਸਿੱਖ ਕਤਲੇਆਮ ਦੇ ਅਦਾਲਤੀ ਕੇਸਾਂ ਵੱਲ ਕੇਂਦਰਿਤ ਕਰਨਾ ਸੀ। ਵਿਧਾਇਕ ਨੇ ਨਾਲ ਹੀ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਸਿਆਸੀ ਸਰਗਰਮੀਆਂ ਵਿਚ ਬਿਲਕੁਲ ਸ਼ਾਮਲ ਨਹੀਂ ਹੋਣਗੇ ਅਤੇ ਨਾ ਹੀ ਸਾਲ 2019 ਦੀ ਲੋਕ ਸਭਾ ਚੋਣ ਲੜਨਗੇ। ਇਕ ਹੋਰ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਵਿਧਾਇਕ ਵੱਜੋਂ ਅਸਤੀਫ਼ਾ ਦੇਣ ਕਾਰਨ ਦਾਖਾ ਵਿਧਾਨ ਸਭਾ ਹਲਕੇ ਦੇ ਲੋਕ ਉਨ੍ਹਾਂ ਨਾਲ ਨਾਰਾਜ਼ ਨਹੀਂ ਹੋਣਗੇ ਕਿਉਂਕਿ ਬੇਅਦਬੀ ਖ਼ਿਲਾਫ਼ ਭਾਈਚਾਰੇ ਵਿਚ ਬਹੁਤ ਰੋਸ ਹੈ ਤੇ ਲੋਕ ਦੋਸ਼ੀਆਂ ਨੂੰ ਸਜ਼ਾ ਦਿਵਾਉਣਾ ਚਾਹੁੰਦੇ ਹਨ। ਜ਼ਿਕਰਯੋਗ ਹੈ ਕਿ ਜੇ ਐੱਚ.ਐੱਸ ਫੂਲਕਾ ਦਾ ਅਸਤੀਫ਼ਾ ਪ੍ਰਵਾਨ ਹੋ ਜਾਂਦਾ ਹੈ ਤਾਂ ਵਿਧਾਨ ਸਭਾ ਵਿਚ ‘ਆਪ’ ਦੇ 19 ਵਿਧਾਇਕ ਰਹਿ ਜਾਣਗੇ। ਇਸ ਨਾਲ ਵਿਧਾਇਕਾਂ ਦਾ ਅੰਕੜਾ ਘੱਟ ਕੇ 11 ਰਹਿ ਜਾਵੇਗਾ ਕਿਉਂਕਿ ਅੱਠ ਵਿਧਾਇਕ ਬਾਗ਼ੀ ਖਹਿਰਾ ਧੜੇ ਦੀ ਹਮਾਇਤ ’ਤੇ ਹਨ।