‘ਆਪ’ ਆਗੂ ਅਤੇ ਸੁਪਰੀਮ ਕੋਰਟ ਦੇ ਵਕੀਲ ਐੱਚ ਐੱਸ ਫੂਲਕਾ ਨੇ ਦਾਅਵਾ ਕੀਤਾ ਹੈ ਕਿ ਕਾਂਗਰਸੀ ਆਗੂ ਕਮਲ ਨਾਥ ਦੀ 1984 ਦੇ ਸਿੱਖ ਵਿਰੋਧੀ ਦੰਗਿਆਂ ਵਿਚ ਸ਼ਮੂਲੀਅਤ ਦੇ ਪੁਖਤਾ ਸਬੂਤ ਹਨ ਤੇ ਉਨ੍ਹਾਂ ਖਿਲਾਫ਼ ਕਾਨੂੰਨੀ ਕਾਰਵਾਈ ਹੋਣੀ ਬਾਕੀ ਹੈ। ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਨੇ ਵੀ ਕਮਲਨਾਥ ਦੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਚੋਣ ’ਤੇ ਇਤਰਾਜ਼ ਪ੍ਰਗਟਾਿੲਆ ਹੈ। ਸ੍ਰੀ ਫੂਲਕਾ ਨੇ ਕਿਹਾ,‘ਕਮਲ ਨਾਥ ਖਿਲਾਫ਼ ਕਾਫੀ ਸਬੂਤ ਹਨ ਅਤੇ ਅਜੇ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਹੋਣੀ ਬਾਕੀ ਹੈ। ਹੁਣ, ਇਹ ਰਾਹੁਲ ਗਾਂਧੀ ’ਤੇ ਨਿਰਭਰ ਕਰਦਾ ਹੈ ਕਿ ਕਿ ਉਹ ਅਜਿਹੇ ਆਦਮੀ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਵੇਖਣਾ ਚਾਹੁੰਦੇ ਹਨ ਜੋ 1984 ਦੇ ਸਿੱਖ ਵਿਰੋਧੀ ਦੰਗਿਆਂ ਵਿਚ ਸ਼ਾਮਲ ਸੀ।’ ਸੀਨੀਅਰ ਵਕੀਲ ਸ੍ਰੀ ਫੂਲਕਾ ਨੇ ਪਹਿਲਾਂ ਵੀ ਕਿਹਾ ਸੀ ਕਿ ਸਿੱਖ ਵਿਰੋਧੀ ਦੰਗਿਆਂ ਵਿਚ ਸ਼ਾਮਲ ਰਹੇ ਆਗੂਆਂ ਨੂੰ ਸਜ਼ਾ ਦੇਣ ਦੀ ਬਜਾਏ ਕਾਂਗਰਸ ਨੇ ਉਨ੍ਹਾਂ ਨੂੰ ਤਰੱਕੀਆਂ ਦਿੱਤੀਆਂ ਹਨ। ਦਿੱਲੀ ਭਾਜਪਾ ਦੇ ਬੁਲਾਰੇ ਤਜਿੰਦਰ ਸਿੰਘ ਬੱਗਾ ਨੇ ਦਾਅਵਾ ਕੀਤਾ ਕਿ ਕਾਂਗਰਸ ਨੂੰ ਦੰਗਿਆਂ ਵਿਚ ਨਾਥ ਦੀ ਸ਼ਮੂਲੀਅਤ ਬਾਰੇ ਪਤਾ ਹੈ ਤੇ ਇਹੀ ਕਾਰਨ ਸੀ ਕਿ ਉਸ ਨੂੰ 2017 ਵਿਚ ਉਸ ਸੂਬੇ ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਪੰਜਾਬ ਦੇ ਜਨਰਲ ਇੰਚਾਰਜ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਮਲ ਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਬਣਾਉਣ ਦੇ ਫ਼ੈਸਲੇ ਦਾ ਵਿਰੋਧ ਕਰਨਾ ਚਾਹੀਦਾ ਹੈ ਅਤੇ ਜੇਕਰ ਰਾਹੁਲ ਗਾਂਧੀ ਉਨ੍ਹਾਂ ਦੀ ਮੰਗ ਨਹੀਂ ਮੰਨਦੇ ਤਾਂ ਉਨ੍ਹਾਂ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਪੰਜਾਬ ਤੋਂ ‘ਆਪ’ ਵਿਧਾਇਕ ਕੰਵਰ ਸੰਧੂ ਨੇ ਕਿਹਾ ਕਿ ਕਮਲ ਨਾਥ ਖਿਲਾਫ਼ ਲੱਗੇ ਦੋਸ਼ਾਂ ਤੋਂ ਉਨ੍ਹਾਂ ਦਾ ਮੁਕਤ ਹੋਣਾ ਬਾਕੀ ਹੈ।
INDIA ਕਮਲ ਨਾਥ ਖ਼ਿਲਾਫ਼ ’84 ਦੇ ਦੰਗਿਆਂ ਵਿਚ ਸ਼ਮੂਲੀਅਤ ਦੇ ਸਬੂਤ: ਫੂਲਕਾ