ਵਿਧਾਇਕ ਕੁਲਜੀਤ ਰੰਧਾਵਾ ਵੱਖ-ਵੱਖ ਗੁਰਦੁਆਰਿਆਂ ‘ਚ ਹੋਏ ਨਤਮਸਤਕ*
ਹਲਕਾ ਵਿਧਾਇਕ ਨੇ ਇਲਾਕਾ ਨਿਵਾਸੀਆਂ ਨੂੰ ਪ੍ਰਕਾਸ਼ ਪੁਰਬ ਦੀ ਦਿਤੀ ਵਧਾਈ
ਡੇਰਾਬੱਸੀ (ਸੰਜੀਵ ਸਿੰਘ ਸੈਣੀ, ਮੋਹਾਲੀ) (ਸਮਾਜ ਵੀਕਲੀ): ਡੇਰਾਬੱਸੀ ਖੇਤਰ ਦੇ ਵੱਖ ਵੱਖ ਗੁਰਦੁਆਰਿਆਂ ਅਤੇ ਹੋਰ ਧਾਰਮਿਕ ਸੰਸਥਾਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਪੁਰਬ ਸ਼ਰਧਾ ‘ਤੇ ਜਾਹੋ-ਜਲਾਲ ਨਾਲ ਮਨਾਇਆ ਗਿਆ। ਇਸ ਮੌਕੇ ਭਾਰੀ ਗਿਣਤੀ ਵਿੱਚ ਸੰਗਤਾਂ ਖੇਤਰ ਦੇ ਵੱਖ ਵੱਖ ਗੁਰਦੁਆਰਿਆਂ ਵਿੱਚ ਨਤਮਸਤਕ ਹੋਈਆਂ। ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਡੇਰਾਬੱਸੀ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਈਸਾਪੁਰ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਕਤੀਨਗਰ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦਿਹਾਤੀ ਬਸ ਸਟੈਂਡ ਡੇਰਾਬੱਸੀ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਧਨੌਨੀ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜੜੌਤ, ਗੁਰਦੁਆਰਾ ਸਿੰਘ ਸਭਾ ਲਾਲੜੂ ਸਮੇਤ ਵੱਖ ਵੱਖ ਗੁਰਦੁਆਰਿਆਂ ਵਿੱਚ ਆਖੰਡ ਪਾਠਾਂ ਦੇ ਭੋਗ ਪਾਏ ਗਏ। ਇਸ ਉਪਰੰਤ ਰਾਗੀਆਂ ਨੇ ਸ਼ਬਦ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵੱਖ ਵੱਖ ਗੁਰਦੁਆਰਿਆਂ ਵਿੱਚ ਨਤਮਸਤਕ ਹੋ ਕੇ ਗੁਰੂ ਚਰਨਾਂ ‘ਚ ਆਪਣੀ ਹਾਜ਼ਰੀ ਲਵਾਈ ਅਤੇ ਸੰਗਤਾਂ ਨੂੰ ਗੁਰੂ ਪੁਰਬ ਦੀਆਂ ਵਧਾਈਆਂ ਦਿੱਤੀਆਂ।
ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਵਿਚ ਪ੍ਰਕਾਸ਼ ਪੁਰਬ ਲਈ ਜੁੜੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਜੀਤ ਰੰਧਾਵਾ ਨੇ ਕਿਹਾ ਕਿ ਅੰਧਕਾਰ ਵਿੱਚ ਭਟਕਦੀ ਲੋਕਾਈ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਗਿਆਨ ਅਤੇ ਸ਼ਬਦ ਦੀ ਰੌਸ਼ਨੀ ਦੇ ਕੇ ਨਵਾਂ ਜੀਵਨ ਪ੍ਰਦਾਨ ਕੀਤਾ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਬਰਾਬਰਤਾ, ਆਪਸੀ ਪ੍ਰੇਮ ਪਿਆਰ ਅਤੇ ਮਾਨਵੀ ਭਾਵਨਾ ਪ੍ਰਤੀ ਨਿਰੰਤਰ ਪ੍ਰੇਰਿਤ ਕਰਦੀਆਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੱਚਾ ਸੁੱਚਾ ਜੀਵਨ ਬਤੀਤ ਕਰਨ ਦਾ ਸੰਦੇਸ਼ ਆਉਣ ਵਾਲੇ ਸਮੇਂ ਵਿੱਚ ਵੀ ਮਨੁੱਖਤਾ ਦੀ ਸੁਚੱਜੀ ਅਗਵਾਈ ਕਰਦਿਆਂ ਪ੍ਰੇਰਨਾ ਦਾ ਸਰੋਤ ਬਣਿਆ ਰਹੇਗਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੱਲੋਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੂੰ ਸਿਰੋਪਾਓ ਪਾਕੇ ਸਨਮਾਨਿਤ ਵੀ ਕੀਤਾ ਗਿਆ । ਇਸ ਮੌਕੇ ਉਨ੍ਹਾਂ ਨਾਲ ਨਗਰ ਕੌਂਸਲ ਪ੍ਰਧਾਨ, ਕੌਂਸਲਰ ਅਤੇ “ਆਪ” ਵਰਕਰ ਹਾਜ਼ਰ ਸਨ ।
ਗੁਰਪੁਰਬ ਮੌਕੇ ਸ਼ਹਿਰ ਦੀਆਂ ਵੱਖ ਜਥੇਬੰਦੀਆਂ, ਸੇਵਾ ਸੁਸਾਇਟੀਆਂ ਵੱਲੋਂ ਥਾਂ ਥਾਂ ‘ਤੇ ਲੰਗਰ ਵੀ ਲਗਾਏ ਗਏ ਅਤੇ ਗੁਰੂ ਘਰਾਂ ਨੂੰ ਰੰਗ ਬਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਅਤੇ ਰਾਤ ਨੂੰ ਸੰਗਤਾਂ ਵੱਲੋਂ ਦੀਪਮਾਲਾ ਵੀ ਕੀਤੀ ਗਈ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly