ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਸ਼ਬਦ ਗੁਰੂ ਯਾਤਰਾ’ ਦੀ ਖ਼ਾਲਸਾਈ ਜਾਹੋ-ਜਲਾਲ ਨਾਲ ਸ਼ੁਰੂਆਤ ਕੀਤੀ ਗਈ। ਇਹ ਸ਼ਬਦ ਗੁਰੂ ਯਾਤਰਾ ਪੰਜਾਬ ਭਰ ਵਿਚੋਂ ਹੁੰਦੀ ਹੋਈ ਅਪਰੈਲ ਮਹੀਨੇ ਵਾਪਸ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸੰਪੂਰਨ ਹੋਵੇਗੀ। ਸ਼ਬਦ ਗੁਰੂ ਯਾਤਰਾ ਅੱਜ ਪਹਿਲੇ ਪੜਾਅ ਤਹਿਤ ਗੁਰਦੁਆਰਾ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ਲਈ ਰਵਾਨਾ ਹੋਈ। ਇਸ ਦੀ ਅਰੰਭਤਾ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ। ਇਸ ਮੌਕੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਨਾਨਕਸਰ ਸੰਪਰਦਾ ਦੇ ਮੁਖੀ ਬਾਬਾ ਲੱਖਾ ਸਿੰਘ, ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਮੰਤਰੀ ਡਾ. ਉਪਿੰਦਰਜੀਤ ਕੌਰ, ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਤੇ ਨਵਤੇਜ ਸਿੰਘ ਆਦਿ ਸ਼ਾਮਲ ਹੋਏ। ਇਸ ਦੌਰਾਨ ਬੈਂਡ ਪਾਰਟੀਆਂ ਅਤੇ ਸਕੂਲਾਂ ਦੇ ਵਿਦਿਆਰਥੀਆਂ ਨੇ ਵੀ ਸ਼ਮੂਲੀਅਤ ਕੀਤੀ ਅਤੇ ਸੰਗਤ ਨੇ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ’ਤੇ ਫੁੱਲਾਂ ਦੀ ਵਰਖਾ ਕੀਤੀ। ਸ਼ਬਦ ਗੁਰੂ ਯਾਤਰਾ ਨਾਲ ਗੁਰੂ ਸਾਹਿਬ ਦੇ ਪਾਵਨ ਸ਼ਸਤਰਾਂ, ਬਸਤਰਾਂ ਵਾਲੀ ਬੱਸ ਵੀ ਸ਼ਾਮਲ ਸੀ। ਇਸ ਮੌਕੇ ਗਿਆਨੀ ਹਰਪ੍ਰੀਤ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸਿੱਖੀ ਪ੍ਰਚਾਰ ਲਈ ਸੁਨਹਿਰੀ ਮੌਕਾ ਹੈ ਅਤੇ ਹਰ ਗੁਰੂ ਨਾਨਕ ਨਾਮ ਲੇਵਾ ਦਾ ਫ਼ਰਜ਼ ਹੈ ਕਿ ਉਹ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਲਈ ਯਤਨ ਕਰੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਇਸ ਸ਼ਬਦ ਗੁਰੂ ਯਾਤਰਾ ਦਾ ਉਦੇਸ਼ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਲਈ ਸੰਗਤ ਨੂੰ ਪ੍ਰੇਰਿਤ ਕਰਨਾ ਹੈ। ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਸ਼੍ਰੋਮਣੀ ਕਮੇਟੀ ਵੱਲੋਂ ਅਰੰਭੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਤੋਂ ਪਹਿਲਾਂ ਭਾਈ ਸਤਿੰਦਰਬੀਰ ਸਿੰਘ ਤੇ ਭਾਈ ਜਰਨੈਲ ਸਿੰਘ ਕੁਹਾੜਕਾ ਦੇ ਰਾਗੀ ਜਥਿਆਂ ਨੇ ਕੀਰਤਨ ਕੀਤਾ ਤੇ ਪ੍ਰਚਾਰਕ ਸਰਬਜੀਤ ਸਿੰਘ ਢੋਟੀਆਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਇਸ ਮੌਕੇ ਭਾਈ ਮਨਜੀਤ ਸਿੰਘ ਭੂਰਾਕੋਹਨਾ, ਖੁਸ਼ਵਿੰਦਰ ਸਿੰਘ ਭਾਟੀਆ, ਜਥੇਦਾਰ ਸ਼ਿੰਗਾਰਾ ਸਿੰਘ ਲੋਹੀਆਂ, ਬਾਬਾ ਸੁਬੇਗ ਸਿੰਘ, ਸੁਖਵਿੰਦਰ ਸਿੰਘ ਭੂਰੀਵਾਲੇ, ਗੁਰਚਰਨ ਸਿੰਘ, ਜਗਜੀਤ ਸਿੰਘ ਹਰਖੋਵਾਲ, ਨਾਗਰ ਸਿੰਘ, ਬਾਬਾ ਰਣਯੋਧ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ, ਗੁਰਪ੍ਰੀਤ ਕੌਰ ਰੂਹੀ ਆਦਿ ਹਾਜ਼ਰ ਸਨ।