ਅਦਾਕਾਰ ਪ੍ਰਕਾਸ਼ ਰਾਜ ਨੇ ‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਤੇ ਦੋਵਾਂ ਵੱਲੋਂ ਕਈ ਮਸਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਪ੍ਰਕਾਸ਼ ਰਾਜ ਨੇ ਬੀਤੇ ਸਮੇਂ ਐਲਾਨ ਕੀਤਾ ਸੀ ਕਿ ਉਹ ਆਉਂਦੀਆਂ ਲੋਕ ਸਭਾ ਚੋਣਾਂ ਬੰਗਲੁਰੂ ਤੋਂ ਆਜ਼ਾਦ ਉਮੀਦਵਾਰ ਵਜੋਂ ਲੜਨਾ ਚਾਹੁਣਗੇ। ਉਹ ਕੇਂਦਰ ’ਚ ਸਰਕਾਰ ਚਲਾ ਰਹੀ ਭਾਰਤੀ ਜਨਤਾ ਪਾਰਟੀ ਬਾਰੇ ਕੀਤੀਆਂ ਟਿੱਪਣੀਆਂ ਤੋਂ ਚਰਚਾ ਵਿੱਚ ਆਏ ਸਨ। ਉਨ੍ਹਾਂ ਟਵੀਟ ਕਰਕੇ ਇਸ ਮੁਲਾਕਾਤ ਬਾਰੇ ਜਾਣਕਾਰੀ ਦਿੱਤੀ ਤੇ ਕਿਹਾ ਕਿ ਉਹ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲੇ ਤੇ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਦੇ ਸਿਆਸੀ ਜੀਵਨ ਲਈ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਦੋਵਾਂ ਨੇ ਇਸ ਮੁਲਾਕਾਤ ਦੌਰਾਨ ਕਈ ਮਸਲੇ ਵਿਚਾਰੇ। ਪ੍ਰਕਾਸ਼ ਰਾਜ ਨੇ ‘ਆਪ’ ਤੋਂ ਉਨ੍ਹਾਂ ਕੰਮਾਂ ਬਾਰੇ ਜਾਣਕਾਰੀ ਵੀ ਮੰਗੀ ਜੋ ਸ੍ਰੀ ਕੇਜਰੀਵਾਲ ਤੇ ਉਨ੍ਹਾਂ ਦੀ ਟੀਮ ਵੱਲੋਂ ਪੂਰੇ ਕੀਤੇ ਗਏ। ਆਮ ਆਦਮੀ ਪਾਰਟੀ ਨੇ ਵੀ ਉਨ੍ਹਾਂ ਨੂੰ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਸਾਰੇ ਚੰਗੇ ਲੋਕਾਂ ਨੂੰ ਸਿਆਸਤ ਵਿੱਚ ਆਉਣਾ ਚਾਹੀਦਾ ਹੈ। ਪ੍ਰਕਾਸ਼ ਰਾਜ ਨੇ ਪੱਤਰਕਾਰ ਗੌਰੀ ਲੰਕੇਸ਼ ਲਈ ਸੰਘਰਸ਼ ਜਾਰੀ ਰੱਖਿਆ ਹੋਇਆ ਹੈ ਜਿਸ ਨੂੰ ਸਤੰਬਰ 2017 ’ਚ ਫਿਰਕਾਪ੍ਰਸਤਾਂ ਨੇ ਉਸ ਦੇ ਘਰ ਦੇ ਬਾਹਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।