ਪੰਜਾਬ ਸਰਕਾਰ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਤੇ ਇਸ ਨਾਲ ਜੁੜੇ ਗੋਲੀ ਕਾਂਡ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਅੱਜ ਪੰਜਾਬ ਪੁਲੀਸ ਦੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਐੱਸਆਈਟੀ ਦੀ ਟੀਮ ਨਾਲ ਸਬੰਧਤ ਪੁਲੀਸ ਅਧਿਕਾਰੀਆਂ ਦਾ ਦੱਸਣਾ ਹੈ ਕਿ ਉਮਰਾਨੰਗਲ ਨੂੰ ਕੋਟਕਪੂਰਾ ਗੋਲੀ ਕਾਂਡ ਨਾਲ ਸਬੰਧਤ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਆਈਜੀ ਰੈਂਕ ਦੇ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਅਗਵਾਈ ਹੇਠਲੀ ਟੀਮ ਨੇ ਬੇਅਦਬੀ ਤੇ ਗੋਲੀ ਕਾਂਡ ਦੇ ਮਾਮਲਿਆਂ ਨਾਲ ਜੁੜੇ ਇਸ ਵਿਵਾਦਤ ਪੁਲੀਸ ਅਧਿਕਾਰੀ ਨੂੰ ਚੰਡੀਗੜ੍ਹ ਦੇ ਸੈਕਟਰ-9 ਵਿਚਲੇ ਪੁਲੀਸ ਹੈੱਡਕੁਆਰਟਰ ਦੀ ਇਮਾਰਤ ’ਚੋਂ ਦੁਪਹਿਰੇ 12 ਵਜੇ ਦੇ ਕਰੀਬ ਇਕ ਮੀਟਿੰਗ ਤੋਂ ਬਾਅਦ ਹਿਰਾਸਤ ਵਿਚ ਲਿਆ। ਉਮਰਾਨੰਗਲ ਨੂੰ ਹਿਰਾਸਤ ’ਚ ਲੈਣ ਤੋਂ ਬਾਅਦ ਐੱਸਆਈਟੀ ਉਸ ਨੂੰ ਫ਼ਰੀਦਕੋਟ ਲੈ ਗਈ ਹੈ। ਪੁਲੀਸ ਅਧਿਕਾਰੀਆਂ ਦਾ ਇਹ ਵੀ ਕਹਿਣਾ ਹੈ ਕਿ ਭਲਕੇ ਫ਼ਰੀਦਕੋਟ ਦੀ ਅਦਾਲਤ ਵਿਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ ਤੇ ਇਸ ਪੁਲੀਸ ਅਧਿਕਾਰੀ ਤੋਂ ਗੋਲੀ ਕਾਂਡ ਨਾਲ ਸਬੰਧਤ ਮਾਮਲਿਆਂ ਦੀ ਹਿਰਾਸਤੀ ਪੁੱਛਗਿੱਛ ਸ਼ੁਰੂ ਹੋਵੇਗੀ। ਐੱਸਆਈਟੀ ਫ਼ਰੀਦਕੋਟ ਵਿਚ ਹੀ ਪੁੱਛਗਿੱਛ ਕਰੇਗੀ। ਗੋਲੀ ਕਾਂਡ ਨਾਲ ਸਬੰਧਤ ਮਾਮਲੇ ’ਚ ਪੁਲੀਸ ਵੱਲੋਂ ਅੱਜ ਇੱਕ ਵੱਡੇ ਪੁਲੀਸ ਅਧਿਕਾਰੀ ਦੀ ਗ੍ਰਿਫ਼ਤਾਰੀ ਨਾਲ ਪੁਲੀਸ ਵਿਭਾਗ ਵਿਚ ਮਾਹੌਲ ‘ਸੋਗਮਈ’ ਮੰਨਿਆ ਜਾ ਰਿਹਾ ਹੈ। ਐੱਸਆਈਟੀ ਨੇ ਇਸ ਤੋਂ ਪਹਿਲਾਂ ਮੋਗਾ ਦੇ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ ਸੀ। ਜ਼ਿਕਰਯੋਗ ਹੈ ਕਿ ਕੈਪਟਨ ਸਰਕਾਰ ਨੇ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ’ਤੇ ਆਧਾਰਿਤ ਕਮਿਸ਼ਨ ਦੀਆਂ ਸਿਫ਼ਾਰਸ਼ਾਂ ’ਤੇ ਅਕਤੂਬਰ 2014 ਦੌਰਾਨ ਵਾਪਰੇ ਕੋਟਕਪੂਰਾ ਗੋਲੀ ਕਾਂਡ ਦੇ ਸਬੰਧ ਵਿਚ 7 ਅਗਸਤ 2018 ਨੂੰ ਕੋਟਕਪੂਰਾ ਥਾਣੇ ਵਿੱਚ ਕੇਸ ਦਰਜ ਕੀਤਾ ਸੀ। ਐੱਸਆਈਟੀ ਵੱਲੋਂ ਉਮਰਾਨੰਗਲ ਨੂੰ ਗ੍ਰਿਫ਼ਤਾਰ ਕਰਨਾ ਗੋਲੀਕਾਂਡ ਮਾਮਲੇ ਵਿਚ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਮੰਨੀ ਜਾ ਰਹੀ ਹੈ। ਐੱਸਆਈਟੀ ਨਾਲ ਜੁੜੇ ਸੂਤਰਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਹਰੀ ਝੰਡੀ ਦੇ ਦਿੱਤੀ ਤਾਂ ਉਮਰਾਨੰਗਲ ਤੋਂ ਕੀਤੀ ਜਾਣ ਵਾਲੀ ਤਫ਼ਤੀਸ਼ ਦੇ ਆਧਾਰ ’ਤੇ ਸਾਬਕਾ ਮੁੱਖ ਮੰਤਰੀ ’ਤੇ ਸਾਬਕਾ ਡੀਜੀਪੀ ਨੂੰ ਵੀ ਪੁੱਛਗਿੱਛ ਲਈ ਤਲਬ ਕੀਤਾ ਜਾ ਸਕਦਾ ਹੈ। ਸੂਤਰਾਂ ਦਾ ਦੱਸਣਾ ਹੈ ਕਿ ਏਡੀਜੀਪੀ ਜਤਿੰਦਰ ਕੁਮਾਰ ਜੈਨ ਅਤੇ ਉਮਰਾਨੰਗਲ ਦਰਮਿਆਨ 12 ਫਰਵਰੀ ਨੂੰ ਪੁੱਛਗਿੱਛ ਮੌਕੇ ਕਾਫ਼ੀ ਬਹਿਸ ਵੀ ਹੋਈ ਸੀ। ਐੱਸਆਈਟੀ ਦੇ ਇੱਕ ਸੀਨੀਅਰ ਮੈਂਬਰ ਨੇ ਇਹ ਵੀ ਦੋਸ਼ ਲਾਇਆ ਕਿ ਉਮਰਾਨੰਗਲ ਵੱਲੋਂ ਤਫ਼ਤੀਸ਼ ਵਿਚ ਸਹਿਯੋਗ ਨਹੀਂ ਸੀ ਦਿੱਤਾ ਜਾ ਰਿਹਾ ਜਿਸ ਕਰਕੇ ਹਿਰਾਸਤੀ ਪੁੱਛਗਿੱਛ ਲਈ ਗ੍ਰਿਫ਼ਤਾਰ ਕਰਨ ਦੀ ਕਾਰਵਾਈ ਕੀਤੀ ਗਈ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਕੁੱਝ ਦਿਨ ਪਹਿਲਾਂ ਹੀ ਗੋਲੀ ਕਾਂਡ ਨਾਲ ਸਬੰਧਤ ਮਾਮਲਿਆਂ ਵਿੱਚ ਐੱਸਪੀ ਬਿਕਰਮਜੀਤ ਸਿੰਘ ਅਤੇ ਇੰਸਪੈਕਟਰ ਪ੍ਰਦੀਪ ਸਿੰਘ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾ ਦਿੱਤੀ ਗਈ ਸੀ। ਸੂਤਰਾਂ ਦਾ ਦੱਸਣਾ ਹੈ ਕਿ ਉਮਰਾਨੰਗਲ ਵੱਲੋਂ ਵੀ ਗ੍ਰਿਫ਼ਤਾਰੀ ਤੋਂ ਬਚਣ ਲਈ ਹਾਈ ਕੋਰਟ ਤੱਕ ਪਹੁੰਚ ਕਰਨ ਦੀ ਤਿਆਰੀ ਕੀਤੀ ਜਾ ਰਹੀ ਸੀ।