ਠੇਕਾ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਵਿਸ਼ੇਸ਼ ਬਿੱਲ ਲਿਆਉਣ ਦਾ ਦਾਅਵਾ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਬਹਿਬਲ ਕਲਾਂ ਅਤੇ ਬਰਗਾੜੀ ਕੇਸ ਵਿੱਚ ਅਗਲੇ ਦਿਨਾਂ ’ਚ ਹੋਰ ਅਹਿਮ ਖੁਲਾਸੇ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਮਲੇ ਪਿਛਲੀ ਅਕਾਲੀ ਸਰਕਾਰ ਦੀਆਂ ਨਾਕਾਮੀਆਂ ਦਾ ਨਤੀਜਾ ਹਨ। ਮੁੱਖ ਮੰਤਰੀ ਨੇ 27 ਹਜ਼ਾਰ ਠੇਕਾ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਵਿਸ਼ੇਸ਼ ਬਿਲ ਲਿਆਉਣ ਅਤੇ ਅਧਿਆਪਕਾਂ ਤੇ ਹੋਰ ਮੁਲਾਜ਼ਮਾਂ ਦੇ ਲੰਮੇ ਸਮੇਂ ਤੋਂ ਲਟਕਦੇ ਮਾਮਲੇ ਹੱਲ ਕਰਨ ਦਾ ਵਾਅਦਾ ਕੀਤਾ। ਪਾਣੀਆਂ ਦੇ ਮੁੱਦੇ ਉੱਤੇ ਸਦਨ ਦੇ ਮੈਂਬਰਾਂ ਦੀ ਫ਼ਿਕਰਮੰਦੀ ਨਾਲ ਇਤਫ਼ਾਕ ਰੱਖਦਿਆਂ ਉਨ੍ਹਾਂ ਕਿਹਾ ਕਿ ਜੇਕਰ ਇਸ ਪਾਸੇ ਪੇਸ਼ਕਦਮੀ ਨਾ ਕੀਤੀ ਤਾਂ ਅਗਲੇ ਵੀਹ ਸਾਲਾਂ ਵਿੱਚ ਪੰਜਾਬ ਮਾਰੂਥਲ ਬਣ ਜਾਵੇਗਾ। ਇਸ ਤੋਂ ਪਹਿਲਾਂ ਸਿਫਰ ਕਾਲ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਪਾਕਿਸਤਾਨ ਨੂੰ ਦਹਿਸ਼ਤਗਰਦ ਮੁਲਕ ਐਲਾਨਣ ਲਈ ਜ਼ੋਰ ਦਿੱਤਾ, ਪਰ ਸਪੀਕਰ ਵੱਲੋਂ ਇਸ ਮੁੱਦੇ ’ਤੇ ਬਹਿਸ ਤੋਂ ਇਨਕਾਰ ਕਰਨ ਦੇ ਰੋਸ ਵਜੋਂ ਅਕਾਲੀ ਵਿਧਾਇਕ ਸਦਨ ਵਿੱਚੋਂ ਵਾਕ ਆਊਟ ਕਰ ਗਏ। ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਧੰਨਵਾਦ ਮਤੇ ’ਤੇ ਬਹਿਸ ਨੂੰ ਸਮੇਟਦਿਆਂ ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ ਭਾਜਪਾ ਸਰਕਾਰ ਸਮੇਂ ਅਮਨ ਕਾਨੂੰਨ ਦੀ ਬਹੁਤ ਮਾੜੀ ਹਾਲਤ ਸੀ ਤੇ ਇਸ ਕਰਕੇ ਬਰਗਾੜੀ ਤੇ ਬਹਿਬਲ ਕਲਾਂ ਵਰਗੀਆਂ ਘਟਨਾਵਾਂ ਵਾਪਰੀਆਂ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਾਇਮ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਸਿਟ) ਸਹੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਮੁਤਾਬਕ ਕਾਰਵਾਈ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਾਅਦੇ ਅਨੁਸਾਰ ਨਸ਼ੇ ਦੇ ਸੌਦਾਗਰਾਂ ਦਾ ਲੱਕ ਤੋੜ ਦਿੱਤਾ ਹੈ। ਸੂਬੇ ਦੇ ਮੁਲਾਜ਼ਮਾਂ ਨੂੰ ਮੁਖਾਤਿਬ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦੀ ਮਾਲੀ ਹਾਲਤ ਕੋਈ ਬਹੁਤੀ ਚੰਗੀ ਨਹੀਂ ਹੈ, ਪਰ ਇਸ ਦੇ ਬਾਵਜੂਦ ਛੇ ਫੀਸਦੀ ਡੀਏ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ, ਠੇਕੇ ’ਤੇ ਲੱਗੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਵਿਸ਼ੇਸ਼ ਕਾਨੂੰਨ ਬਣਾਏਗੀ। ਮੁਲਾਜ਼ਮਾਂ ਨਾਲ ਗੱਲਬਾਤ ਲਈ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਹੇਠ ਕਮੇਟੀ ਬਣਾਈ ਗਈ ਹੈ, ਜਿਹੜੀ ਮੁਲਾਜ਼ਮਾਂ ਦੇ ਮਸਲਿਆਂ ਦਾ ਹੱਲ ਤਲਾਸ਼ੇਗੀ। ਕਿਸਾਨੀ ਕਰਜ਼ਾ ਮੁਆਫ ਕਰਨ ਬਾਰੇ ਕੈਪਟਨ ਕਿਹਾ ਕਿ ਸੂਬੇ ਦੇ 17 ਲੱਖ ਕਿਸਾਨ ਕਰਜ਼ੇ ਦੇ ਬੋਝ ਹੇਠ ਦੱਬੇ ਹਨ ਤੇ ਸਰਕਾਰ ਨੇ 10.25 ਲੱਖ ਛੋਟੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਨਿਵੇਸ਼ ਲਈ ਚੰਗਾ ਮਾਹੌਲ ਹੈ ਤੇ ਸਨਅਤਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਉਨ੍ਹਾਂ ਵਿਰੋਧੀ ਧਿਰ ਦੇ ਵਿਧਾਇਕਾਂ ਨੂੰ ਕਿਹਾ ਕਿ ਸਦਨ ਦੀ ਮਰਿਆਦਾ ਦਾ ਖਿਆਲ ਰੱਖਣ ਤੇ ਇਸ ਨੂੰ ਹੇਠਾਂ ਨਾ ਡਿੱਗਣ ਦੇਣ। ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਬੈਂਸ ਅਤੇ ਬਲਵਿੰਦਰ ਬੈਂਸ ਸਪੀਕਰ ਦੇ ਆਸਣ ਸਾਹਮਣੇ ਹੀ ਬੈਠੇ ਰਹੇ। ਬਹਿਸ ਵਿੱਚ ਹਿੱਸਾ ਲੈਂਦਿਆਂ ਕਾਂਗਰਸ ਵਿਧਾਇਕ ਰਾਜਾ ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੋ ਸਾਲ ਤੋਂ ਉਨ੍ਹਾਂ ਦੇ ਹਲਕੇ ਗਿੱਦੜਬਾਹਾ ਵਿੱਚ ਨਹੀਂ ਗਏ ਹਨ ਤੇ ਨਾ ਹੀ ਉਨ੍ਹਾਂ ਨੇ ਅਗਲੇ ਤਿੰਨ ਸਾਲ ਜਾਣਾ ਹੈ। ਉਨ੍ਹਾਂ ਦੀ ਇਸ ਗੱਲ ਤੋਂ ਰਾਜਨੀਤਕ ਹਲਕਿਆਂ ’ਚ ਕਾਫੀ ਹਿਲਜੁਲ ਹੋਈ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਰਕਾਰ ਨੇ ਰਾਜਪਾਲ ਦੇ ਭਾਸ਼ਣ ਨੂੰ ਪੈਕੇਜ ਦੇ ਰੂਪ ਵਿੱਚ ਪੇਸ਼ ਕਰਨ ਵਿੱਚ ਨਾਮੀ ਕੰਪਨੀਆਂ ਨੂੰ ਵੀ ਮਾਤ ਪਾ ਦਿੱਤੀ ਹੈ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਰਾਜਪਾਲ ਦੇ ਭਾਸ਼ਣ ਨੂੰ ਝੂਠ ਦਾ ਪੁਲੰਦਾ ਦੱਸਿਆ। ‘ਆਪ’ ਵਿਧਾਇਕ ਅਮਨ ਅਰੋੜਾ, ਕੰਵਰ ਸੰਧੂ, ਸਰਬਜੀਤ ਕੌਰ ਮਾਣੂਕੇ, ਰੁਪਿੰਦਰ ਰੂਬੀ, ਕਾਂਗਰਸ ਦੇ ਫਤਿਹਜੰਗ ਬਾਜਵਾ, ਅਕਾਲੀ ਵਿਧਾਇਕ ਸ਼ਰਨਜੀਤ ਢਿਲੋਂ ਆਦਿ ਨੇ ਬਹਿਸ ਵਿਚ ਹਿੱਸਾ ਲਿਆ। ਬਹਿਸ ਦੌਰਾਨ ਕੁਝ ਵਿਧਾਇਕਾਂ ਨੇ ਪਿਛਲੀ ਅਕਾਲੀ ਸਰਕਾਰ ਸਮੇਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਦਾ ਜ਼ਿਕਰ ਕੀਤਾ ਤਾਂ ਮੁੱਖ ਮੰਤਰੀ ਨੇ ਕਿਹਾ ਕਿ ਨਾਂ ਲਏ ਜਾਣ, ਸਰਕਾਰ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰੇਗੀ। ਆਮ ਆਦਮੀ ਪਾਰਟੀ ਨੇ ਰਾਜਪਾਲ ਦੇ ਭਾਸ਼ਣ ਵਿਚ ਪੰਜਾਬੀ ਬੋਲੀ, ਪਾਣੀਆਂ, ਚੰਡੀਗੜ੍ਹ, ਮਾੜੇ ਭੋਜਣ, ਐਸ.ਸੀ./ਬੀਸੀ ਦੇ ਮਾਮਲੇ ਜੋੜਨ ਲਈ ਮਤੇ ਪੇਸ਼ ਕੀਤੇ, ਜਿਨਾਂ ਨੂੰ ਸਪੀਕਰ ਰਾਣਾ ਕੇਪੀ ਨੇ ਵੋਟਿੰਗ ਮਗਰੋਂ ਰੱਦ ਕਰ ਦਿਤਾ। ਜਲ੍ਹਿਆਂਵਾਲਾ ਬਾਗ਼ ਦੇ ਸਾਕੇ ਲਈ ਬਰਤਾਨਵੀ ਸਰਕਾਰ ਤੋਂ ਮੁਆਫੀ ਸਬੰਧੀ ਸਦਨ ਵੱਲੋਂ ਸਰਬਸੰਮਤੀ ਨਾਲ ਪਾਸ ਮਤੇ ਦੌਰਾਨ ਕਾਂਗਰਸੀ ਵਿਧਾਇਕ ਕੁਲਜੀਤ ਸਿੰਘ ਨਾਗਰਾ ਤੇ ਅਕਾਲੀ ਵਿਧਾਇਕ ਬਿਕਰਮ ਸਿੰਘ ਮਜੀਠੀਆ ਖਹਿਬੜ ਪਏ। ਸ੍ਰੀ ਨਾਗਰਾ ਨੇ ਕਿਹਾ ਕਿ ਜਿਨ੍ਹਾਂ ਨੇ ਅੰਗਰੇਜ਼ਾਂ ਨੂੰ ਸਿਰੋਪੇ ਦਿੱਤੇ ਸਨ, ਉਹ ਵੀ ਮੁਆਫੀ ਮੰਗ ਲੈਣ। ਸ੍ਰੀ ਮਜੀਠੀਆ ਨੇ ਨਾਗਰਾ ਦਾ ਵਿਰੋਧ ਕੀਤਾ ਤਾਂ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਉਨ੍ਹਾਂ ਦੀ ਪਿੱਠ ’ਤੇ ਆ ਗਏ।