ਸਰਹੱਦੀ ਲੋਕਾਂ ਨਾਲ ਮੋਢਾ ਜੋੜ ਕੇ ਖੜ੍ਹਾਂਗੇ: ਕੈਪਟਨ

ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਪਾਕਿਸਤਾਨ ਵਿਚਕਾਰ ਤਣਾਅ ਦੇ ਚੱਲਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਡੇਰਾ ਬਾਬਾ ਨਾਨਕ ਸਰਹੱਦੀ ਖੇਤਰ ਦੇ ਲੋਕਾਂ ਅਤੇ ਸਰਹੱਦ ਉੱਤੇ ਤਾਇਨਾਤ ਸੁਰੱਖਿਆ ਬਲਾਂ ਨੂੰ ਹੱਲਾਸ਼ੇਰੀ ਦੇਣ ਲਈ ਪਹੁੰਚੇ। ਸਰਹੱਦੀ ਪਿੰਡ ਹਰੂਵਾਲ ਵਿੱਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਹੱਦੀ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇ ਜੰਗ ਲੱਗੀ ਤਾਂ ਸਰਹੱਦੀ ਪਿੰਡਾਂ ਦੇ ਲੋਕਾਂ ਨਾਲ ਉਹ ਖ਼ੁਦ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨਗੇ। ਉਨ੍ਹਾਂ ਕਿਹਾ ਕਿ ਭਾਵੇਂ ਕਿ ਪਾਕਿਸਤਾਨ ਦੀਆਂ ਹਰਕਤਾਂ ਕਾਰਨ ਸਰਹੱਦ ਉੱਪਰ ਤਣਾਅ ਵਾਲੀ ਸਥਿਤੀ ਬਣੀ ਹੋਈ ਪਰ ਇਸ ਦੇ ਬਾਵਜੂਦ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਲਈ ਸਰਕਾਰ ਵੱਲੋਂ ਯਤਨ ਜਾਰੀ ਰਹਿਣਗੇ। ਮੁੱਖ ਮੰਤਰੀ ਨੇ ਜਿੱਥੇ ਭਾਰਤੀ ਹਵਾਈ ਸੈਨਾ ਦੇ ਵਿੰਗ ਕਮਾਂਡਰ ਅਭਿਨੰਦਨ ਦੀ ਦੇਸ਼ ਵਾਪਸੀ ਦਾ ਸਵਾਗਤ ਕਰਦਿਆਂ ਪਾਕਿਸਤਾਨ ਨੂੰ ਕਿਹਾ ਕਿ ਉਹ 1971 ਦੀ ਜੰਗ ਦੌਰਾਨ ਬੰਦੀ ਬਣਾਏ ਭਾਰਤੀ ਜਵਾਨਾਂ ਨੂੰ ਵੀ ਤੁਰੰਤ ਰਿਹਾਅ ਕਰੇ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕਰਤਾਰਪੁਰ ਲਾਂਘਾ ਮੁਕੰਮਲ ਹੋਣ ’ਤੇ 5 ਹਜ਼ਾਰ ਤੋਂ 10 ਹਜ਼ਾਰ ਸ਼ਰਧਾਲੂਆਂ ਦੇ ਰੋਜ਼ਾਨਾ ਦਰਸ਼ਨ ਕਰਨ ਜਾਣ ਦੀ ਵਿਵਸਥਾ ਕੀਤੀ ਜਾਵੇ। ਕਰਤਾਰਪੁਰ ਲਾਂਘੇ ਸਬੰਧੀ ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਦੇ ਵਿਵਾਦ ਬਾਰੇ ਉਨ੍ਹਾਂ ਕਿਹਾ ਕਿ ਇਹ ਮੁੱਦਾ ਕੇਂਦਰ ਸਰਕਾਰ ਕੋਲ ਉਠਾਇਆ ਜਾਵੇਗਾ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਦੋਵਾਂ ਦੇਸ਼ਾਂ ਦਰਮਿਆਨ ਹਾਲਾਤ ਸੁਖਾਵੇਂ ਹੋਣਗੇ ਅਤੇ ਪੂਰੀ ਦੁਨੀਆ ਦੇ ਸਿੱਖ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰ ਸਕਣਗੇ। ਡੇਰਾ ਬਾਬਾ ਨਾਨਕ ਕਸਬੇ ਵਿੱਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲਗਾਤਾਰ ਕੇਂਦਰ ਸਰਕਾਰ ਨਾਲ ਰਾਬਤਾ ਬਣਾਇਆ ਹੋਇਆ ਹੈ ਅਤੇ ਕਿਸੇ ਵੀ ਹਾਲਾਤ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ। ਡੇਰਾ ਬਾਬਾ ਨਾਨਕ ਖੇਤਰ ਦੇ ਦੌਰੇ ਮੌਕੇ ਮੁੱਖ ਮੰਤਰੀ ਪੰਜਾਬ ਨੇ ਬੀ.ਐੱਸ.ਐੱਫ ਦੀ 10 ਬਟਾਲੀਅਨ ਦੇ ਜਵਾਨਾਂ ਨਾਲ ਚਾਹ ਦਾ ਕੱਪ ਪੀਤਾ ਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਸਰਹੱਦੀ ਖੇਤਰ ਵਿੱਚ ਹਾਲਾਤ ਦਾ ਜਾਇਜ਼ਾ ਲੈਣ ਲਈ ਸਿਵਲ ਅਤੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਧਿਆਨਪੁਰ ਵਿਖੇ ਹੈਲੀਕਾਪਟਰ ਤੋ ਉਤਰਨ ਮੌਕੇ ਮੁੱਖ ਮੰਤਰੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਧਿਆਨਪੁਰ ਦੇ ਵਿਦਿਆਰਥੀਆਂ ਨੂੰ ਮੁਖ਼ਾਤਬ ਹੁੰਦਿਆਂ ਉਨ੍ਹਾਂ ਨੂੰ ਪੂਰੀ ਮਿਹਨਤ ਤੇ ਲਗਨ ਨਾਲ ਪੜ੍ਹਨ ਦੀ ਪ੍ਰੇਰਨਾ ਦਿੱਤੀ। ਡੇਰਾ ਬਾਬਾ ਨਾਨਕ ਦੇ ਥਾਣੇ ਪਹੁੰਚ ਕੇ ਮੁੱਖ ਮੰਤਰੀ ਨੇ ਪੰਜਾਬ ਪੁਲੀਸ ਅਤੇ ਪੀ.ਏ.ਪੀ ਕਮਾਂਡੋਜ਼ ਨੂੰ ਕਿਹਾ ਕਿ ਉਹ ਸੁਰੱਖਿਆ ਪੱਖੋਂ ਪੂਰੀ ਸਾਵਧਾਨੀ ਵਰਤਣ। ਇਸ ਮੌਕੇ ਮੁੱਖ ਮੰਤਰੀ ਨਾਲ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਰਵੀਨ ਠੁਕਰਾਲ ਮੀਡੀਆ ਸਲਾਹਕਾਰ ਅਤੇ ਦਿਨਕਰ ਗੁਪਤਾ ਡੀ.ਜੀ.ਪੀ ਪੰਜਾਬ ਵੀ ਮੌਜੂਦ ਸਨ।

Previous articleਕੁਪਵਾੜਾ ਮੁਕਾਬਲੇ ’ਚ ਪੰਜ ਸੁਰੱਖਿਆ ਜਵਾਨ ਤੇ ਇੱਕ ਨਾਗਰਿਕ ਹਲਾਕ
Next articleਆਮ ਚੋਣਾਂ ਸਮੇਂ ਸਿਰ ਹੀ ਹੋਣਗੀਆਂ: ਅਰੋੜਾ