ਚੌਕੀਦਾਰ ਪ੍ਰਤੱਖ ਤੌਰ ’ਤੇ ਚੋਰ ਹੈ: ਰਾਹੁਲ

ਇੱਥੇ ਅੱਜ ‘ਵਧਦਾ ਪੰਜਾਬ, ਬਦਲਦਾ ਪੰਜਾਬ’ ਲੋਕ ਸਭਾ ਮਿਸ਼ਨ-13 ਤਹਿਤ ਹੋਈ ਰੈਲੀ ਵਿਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਲੋਕ ਸਭਾ ਚੋਣਾਂ ਲਈ ਸੂਬੇ ਵਿੱਚ ਪਾਰਟੀ ਦੀ ਚੋਣ ਮੁਹਿੰਮ ਦਾ ਰਸਮੀ ਆਗਾਜ਼ ਕੀਤਾ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਇਸ ਰੈਲੀ ਵਿੱਚ ਰਾਜ ਸਰਕਾਰ ਨੇ ਸ਼ਕਤੀ ਪ੍ਰਦਰਸ਼ਨ ਕਰਕੇ ਆਪਣੇ ਕਰੀਬ ਦੋ ਵਰ੍ਹਿਆਂ ਦੇ ਕਾਰਜਕਾਲ ਦੀਆਂ ਪ੍ਰਾਪਤੀਆਂ ਦਾ ਹੋਕਾ ਦਿੱਤਾ। ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ ਅਤੇ ਇਸ ਦੇ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਉਪਰ ਤਿੱਖਾ ਹਮਲਾ ਕਰਦਿਆਂ ਭਰੋਸਾ ਪ੍ਰਗਟ ਕੀਤਾ ਹੈ ਕਿ ਕਾਂਗਰਸ ਪਾਰਟੀ ਆਗਾਮੀ ਚੋਣਾਂ ਵਿੱਚ ਪੰਜਾਬ ’ਚੋਂ ਅਕਾਲੀ-ਭਾਜਪਾ ਗੱਠਜੋੜ ਦਾ ਪੂਰੀ ਤਰ੍ਹਾਂ ਸਫ਼ਾਇਆ ਕਰ ਦੇਵੇਗੀ। ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰਾਫ਼ਾਲ ਸੌਦੇ ਅਤੇ ਕਿਸਾਨੀ ਕਰਜ਼ੇ ਦੀ ਮੁਆਫ਼ੀ ਜਿਹੇ ਅਹਿਮ ਮੁੱਦਿਆਂ ’ਤੇ 15 ਮਿੰਟ ਦੀ ਬਹਿਸ ਲਈ ਚੁਣੌਤੀ ਦਿੱਤੀ। ਉਨ੍ਹਾਂ ਦੋਸ਼ ਲਾਇਆ ਕਿ ਗੁੰਮ ਹੋਈਆਂ ਰਾਫਾਲ ਸੌਦੇ ਦੀਆਂ ਫਾਈਲਾਂ ਇਸ ਗੱਲ ਦਾ ਸਬੂਤ ਹਨ ਕਿ ਚੌਕੀਦਾਰ ਪ੍ਰਤੱਖ ਤੌਰ ’ਤੇ ਚੋਰ ਹੈ। ਇਸ ਸੌਦੇ ਵਿੱਚ ਅੰਬਾਨੀ ਨੂੰ 30 ਹਜ਼ਾਰ ਕਰੋੜ ਰੁਪਏ ਦਾ ਲਾਭ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਰਾਫਾਲ ਜੈੱਟ ਦੇ ਮਿਲਣ ’ਚ ਦੇਰੀ ਹੋਣ ਕਾਰਨ ਭਾਰਤੀ ਹਵਾਈ ਫੌਜ ਨੂੰ ਭਾਰੀ ਮੁੱਲ ਤਾਰਨਾ ਪਿਆ ਹੈ। ਰਾਹੁਲ ਗਾਂਧੀ ਨੇ ਰਾਫਾਲ ਸੌਦੇ ਦੇ ਮਾਮਲੇ ਵਿੱਚ ਸ਼ਰਤਾਂ ਨੂੰ ਅੰਬਾਨੀ ਦੇ ਹੱਕ ਵਿੱਚ ਪਲਟਾਉਣ ਲਈ ਮੋਦੀ ਦੀ ਤਿੱਖੀ ਆਲੋਚਨਾ ਕੀਤੀ। ਕਾਂਗਰਸ ਪ੍ਰਧਾਨ ਨੇ ਸਵਾਲ ਕੀਤਾ ਕਿ ਜੇ ਮੋਦੀ ਵੱਡੇ ਸਨਅਤੀ ਘਰਾਣਿਆਂ ਦੇ ਕਰਜ਼ੇ ਮੁਆਫ਼ ਕਰ ਸਕਦੇ ਹਨ ਤਾਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕਿਉਂ ਨਹੀਂ ਕੀਤੇ ਜਾ ਸਕਦੇ। ਉਨ੍ਹਾਂ ਕਿਹਾ ਕਿ ਮੋਦੀ ਨੇ 3.50 ਰੁਪਏ ਪ੍ਰਤੀ ਦਿਨ ਦੇ ਕੇ ਕਿਸਾਨਾਂ ਨਾਲ ਭੱਦਾ ਮਜ਼ਾਕ ਕੀਤਾ ਹੈ ਜਦਕਿ ਉਦਯੋਗਾਂ ਨੂੰ ਤੋਹਫ਼ੇ ਵਜੋਂ ਕਰੋੜਾਂ ਰੁਪਏ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸੱਤਾ ਵਿੱਚ ਆਉਣ ਤੋਂ ਬਾਅਦ ਸਾਰਿਆਂ ਲਈ ਘੱਟੋ-ਘੱਟ ਗਾਰੰਟੀ ਸਕੀਮ ਨੂੰ ਯਕੀਨੀ ਬਣਾਏਗੀ। ਪੰਜਾਬ ਵਿੱਚ ਕਿਸਾਨ ਕਰਜ਼ਾ ਰਾਹਤ ਸਕੀਮ ਦੇ ਚੌਥੇ ਪੜਾਅ ਦੀ ਸ਼ੁਰੂਆਤ ਕਰਦਿਆਂ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਮੋਦੀ ਸਰਕਾਰ ਲੋਕਾਂ ਦੀ ਭਲਾਈ ਵਾਸਤੇ ਕੀਤੇ ਵਾਅਦਿਆਂ ਨੂੰ ਲਾਗੂ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਲੋਕਾਂ ਨੂੰ ਕੇਂਦਰ ਦੀ ਲੋਕ ਵਿਰੋਧੀ ਸੱਤਾ ਨੂੰ ਲਾਂਭੇ ਕਰਨ ਅਤੇ ਕਾਂਗਰਸ ਦੇ ਹੱਕ ਵਿੱਚ ਭੁਗਤਣ ਦਾ ਸੱਦਾ ਦਿੱਤਾ। ਪ੍ਰਧਾਨ ਮੰਤਰੀ ’ਤੇ ਦੇਸ਼ ਵਿੱਚ ਨਫ਼ਰਤ ਫੈਲਾਉਣ ਦਾ ਦੋਸ਼ ਲਾਉਂਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਅਗਲੀਆਂ ਚੋਣਾਂ ਵਿੱਚ ਵਿਚਾਰਧਾਰਕ ਸੰਘਰਸ਼ ਹੋਵੇਗਾ ਅਤੇ ਗੁਰੂ ਨਾਨਕ ਦੇਵ ਜੀ ਦੀ ਆਪਸੀ ਪਿਆਰ ਅਤੇ ਸਤਿਕਾਰ ਵਾਲੀ ਫ਼ਿਲਾਸਫੀ ਦੀ ਜਿੱਤ ਹੋਵੇਗੀ। ਰਾਹੁਲ ਗਾਂਧੀ ਨੇ ਪੰਜਾਬ ਦੇ 31000 ਕਰੋੜ ਰੁਪਏ ਸੂਬੇ ਨੂੰ ਵਾਪਸ ਨਾ ਕਰਨ ਅਤੇ ਨੁਕਸਦਾਰ ਜੀ.ਐੱਸ.ਟੀ. ਲਈ ਮੋਦੀ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਪੰਜਾਬ ਵਿੱਚ ਕਿਸਾਨ ਕਰਜ਼ਾ ਮੁਆਫੀ ਸਕੀਮ ਅਤੇ ਪੰਜਾਬ ਵਿੱਚ ਡਰੱਗ ਮਾਫੀਏ ਦਾ ਲੱਕ ਤੋੜ ਦੇਣ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਪਿਛਲੀ ਸਰਕਾਰ ਦੇ ਮਾੜੇ ਸ਼ਾਸਨ ਦੇ ਉਲਟ ਉਨ੍ਹਾਂ ਦੀ ਸਰਕਾਰ ਵੱਲੋਂ ਸਾਰੇ ਵੱਡੇ ਵਾਅਦਿਆਂ ਨੂੰ ਸਫਲਤਾਪੂਰਵਕ ਪੂਰਾ ਕਰਨ ਦਾ ਜ਼ਿਕਰ ਕੀਤਾ। ਪਿਛਲੀ ਅਕਾਲੀ ਸਰਕਾਰ ਦੌਰਾਨ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ 43 ਘਟਨਾਵਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੇਅਦਬੀ ਕਾਂਡ ਵਿੱਚ ਸ਼ਾਮਲ ਲੋਕਾਂ ਨੂੰ ਕਿਸੇ ਵੀ ਸੂਰਤ ਵਿੱਚ ਨਾ ਬਖ਼ਸ਼ਣ ਦਾ ਪ੍ਰਣ ਕੀਤਾ ਹੈ। ਪੰਜਾਬ ਪ੍ਰਦੇਸ਼ ਕਾਂਗਰਸੀ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਮਾਮਲਿਆਂ ਦੀ ਇੰਚਾਰਜ ਆਲ ਇੰਡੀਆ ਕਾਂਗਰਸ ਕਮੇਟੀ ਦੀ ਸਕੱਤਰ ਆਸ਼ਾ ਕੁਮਾਰੀ ਨੇ ਵੀ ਸੰਬੋਧਨ ਕੀਤਾ।

Previous articleਜੰਮੂ ਬੱਸ ਸਟੈਂਡ ’ਤੇ ਗ੍ਰਨੇਡ ਹਮਲਾ, ਇੱਕ ਹਲਾਕ, 32 ਜ਼ਖ਼ਮੀ
Next articleਸਿੱਖ ਕਤਲੇਆਮ ਲਈ ਭੀੜ ਨੂੰ ਉਕਸਾ ਰਿਹਾ ਸੀ ਸੱਜਣ ਕੁਮਾਰ: ਚਾਮ ਕੌਰ