ਮੋਦੀ ਖ਼ਿਲਾਫ਼ ਕਾਰਵਾਈ ਕਰੇ ਚੋਣ ਕਮਿਸ਼ਨ: ਕੈਪਟਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚੋਣ ਰੈਲੀ ਦੌਰਾਨ ਸਿਆਸੀ ਲਾਹੇ ਲਈ ਭਾਰਤੀ ਫ਼ੌਜਾਂ ਦੀ ਸਫ਼ਲਤਾ ਅਤੇ ਕੁਰਬਾਨੀਆਂ ਦਾ ਜ਼ਿਕਰ ਕਰਨ ’ਤੇ ਇਤਰਾਜ਼ ਜਤਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਭੇਜ ਕੇ ਪ੍ਰਧਾਨ ਮੰਤਰੀ ਖ਼ਿਲਾਫ਼ ਚੋਣ ਜ਼ਾਬਤੇ ਦੀ ਉਲੰਘਣਾ ਤਹਿਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਮੁੱਖ ਮਤਰੀ ਨੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਮਹਾਰਾਸ਼ਟਰ ਵਿਚ ਦਿੱਤੇ ਭਾਸ਼ਣ ਨੂੰ ‘ਬੇਹੱਦ ਸ਼ਰਮਨਾਕ’ ਕਰਾਰ ਦਿੰਦਿਆਂ ਕਿਹਾ ਕਿ ਇਹ ਸਪੱਸ਼ਟ ਤੌਰ ’ਤੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਹੈ ਤੇ ਚੋਣ ਕਮਿਸ਼ਨ ਵੱਲੋਂ ਅਜਿਹੇ ਮਾਮਲਿਆਂ ’ਤੇ ਪੈਨੀ ਨਜ਼ਰ ਰੱਖਣ ’ਚ ਅਸਫ਼ਲ ਰਹਿਣਾ ਪੱਖਪਾਤ ਦਰਸਾਉਂਦਾ ਹੈ। ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੂੰ ਲਿਖੇ ਪੱਤਰ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਵੱਲੋਂ ਆਪਣੇ ਭਾਸ਼ਣ ’ਚ ਭਾਰਤੀ ਹਵਾਈ ਫ਼ੌਜ ਦੇ ਬਾਲਾਕੋਟ ਹਵਾਈ ਹਮਲੇ ਅਤੇ ਪੁਲਵਾਮਾ ਹਮਲੇ ਦੇ ਸ਼ਹੀਦਾਂ ਦੀ ਕੁਰਬਾਨੀ ਦਾ ਜ਼ਿਕਰ ਕਰ ਕੇ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਨੂੰ ਭਰਮਾਉਣ ’ਤੇ ਇਤਰਾਜ਼ ਜਤਾਇਆ।
ਮੁੱਖ ਮੰਤਰੀ ਨੇ ਲਿਖਿਆ ਕਿ ਪ੍ਰਧਾਨ ਮੰਤਰੀ ਨੂੰ ਅਜਿਹੇ ਸ਼ਰਮਨਾਕ ਕਾਰਿਆਂ ਵਿਚ ਲਿਪਤ ਨਹੀਂ ਹੋਣਾ ਚਾਹੀਦਾ, ਜਿਸ ਨਾਲ ਚੋਣਾਂ ਦੀ ਪ੍ਰਕਿਰਿਆ ਹਾਸੋਹੀਣੀ ਬਣੇ ਅਤੇ ਚੋਣ ਕਮਿਸ਼ਨ ਦੇ ਨਾਲ-ਨਾਲ ਹਥਿਆਰਬੰਦ ਫ਼ੌਜਾਂ ਦੀ ਆਜ਼ਾਦੀ ਨੂੰ ਢਾਹ ਲੱਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਵੋਟਰਾਂ ਨੂੰ ਭਰਮਾਉਣ ਲਈ ਲਗਾਤਾਰ ਅਜਿਹੇ ਸਿਆਸੀ ਢਕਵੰਜ ਲਈ ਆਗਿਆ ਦਿੱਤੀ ਗਈ ਹੈ, ਜਿਸ ਨੇ ਚੋਣ ਕਮਿਸ਼ਨ ਵੱਲੋਂ ਪੱਖਪਾਤ ਕੀਤੇ ਜਾਣ ਦੇ ਸ਼ੰਕੇ ਖੜ੍ਹੇ ਕੀਤੇ ਹਨ। ਇਸ ਤੋਂ ਇਹ ਪ੍ਰਭਾਵ ਮਿਲਦਾ ਹੈ ਕਿ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਚੋਣ ਕਮਿਸ਼ਨ ਯੋਗ ਕਾਰਵਾਈ ਨਹੀਂ ਕਰ ਰਿਹਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇ ਪ੍ਰਧਾਨ ਮੰਤਰੀ ਨੂੰ ਸੁਰੱਖਿਆ ਮੁਲਾਜ਼ਮਾਂ ਦੀ ਕੁਰਬਾਨੀ ਬਾਰੇ ਰੱਤੀ ਭਰ ਵੀ ਚਿੰਤਾ ਹੈ ਤਾਂ ਉਨ੍ਹਾਂ ਨੂੰ ਹਰੇਕ ਸ਼ਹੀਦ ਦੇ ਪਰਿਵਾਰ ਲਈ ਇਕ-ਇਕ ਕਰੋੜ ਰੁਪਏ ਦੀ ਰਾਹਤ ਦਾ ਐਲਾਨ ਕਰਨਾ ਚਾਹੀਦਾ ਹੈ ਨਾ ਕਿ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਸ਼ਹੀਦਾਂ ਬਾਰੇ ਲੋਕ ਭਾਵਨਾਵਾਂ ਦਾ ਸ਼ੋਸ਼ਣ ਕਰਨਾ ਚਾਹੀਦਾ ਹੈ।

Previous articleਮੋਗਾ ਵਿੱਚ ਨਕਲੀ ਕੀਟਨਾਸ਼ਕ ਦਵਾਈ ਵੇਚੇ ਜਾਣ ਦਾ ਪਰਦਾਫਾਸ਼
Next articleਮਾਣਹਾਨੀ ਕੇਸ: ਪ੍ਰਿਯਾ ਰਮਾਨੀ ਖ਼ਿਲਾਫ਼ ਦੋਸ਼ ਤੈਅ