ਪੰਜਾਬ ਸਟੂਡੈਂਟਸ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਬਣਾਈ ਗਈ ਜਲ੍ਹਿਆਂਵਾਲਾ ਬਾਗ ਸ਼ਤਾਬਦੀ ਸਮਾਰੋਹ ਕਮੇਟੀ ਨੇ ਸ਼ਹੀਦਾਂ ਨੂੰ ਸਮਰਪਿਤ ਰੈਲੀ ਕਰਨ ਮਗਰੋਂ ਇਤਿਹਾਸਕ ਰਾਮ ਬਾਗ (ਕੰਪਨੀ ਬਾਗ) ਤੋਂ ਜਲ੍ਹਿਆਂਵਾਲਾ ਬਾਗ ਤਕ ਮਾਰਚ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼ਹੀਦੀ ਸਮਾਰਕ ’ਤੇ ਸ਼ਰਧਾਂਜਲੀਆਂ ਭੇਟ ਕਰਦਿਆਂ ਜਥੇਬੰਦੀ ਦੇ ਆਗੂਆਂ ਨੇ ਸਾਮਰਾਜੀ ਲੁੱਟ-ਖਸੁੱਟ ਖ਼ਿਲਾਫ਼ ਸੰਘਰਸ਼ ਜਾਰੀ ਰੱਖਣ ਦਾ ਪ੍ਰਣ ਕੀਤਾ। ਇਸ ਤੋਂ ਪਹਿਲਾਂ ਰੈਲੀ ਨੂੰ ਸੰਬੋਧਨ ਕਰਦਿਆਂ ਨੌਜਵਾਨ ਭਾਰਤ ਸਭਾ ਦੇ ਸੂਬਾ ਪ੍ਰਧਾਨ ਰਮਿੰਦਰ ਪਟਿਆਲਾ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਪ੍ਰਧਾਨ ਰਣਬੀਰ ਰੰਧਾਵਾ ਨੇ ਆਖਿਆ ਕਿ ਸੌ ਸਾਲ ਪਹਿਲਾਂ ਅੰਗਰੇਜ਼ੀ ਸਾਮਰਾਜ ਵਲੋਂ ਲੋਕਾਂ ਦੀ ਜੁਬਾਨ ਬੰਦ ਕਰਨ ਲਈ ਕਾਲੇ ਕਾਨੂੰਨ ਦੇ ਰੂਪ ਵਿਚ ਰੌਲਟ ਐਕਟ ਲਿਆਂਦਾ ਸੀ, ਜਿਸ ਦਾ ਦੇਸ਼ ਵਾਸੀਆਂ ਨੇ ਵਿਰੋਧ ਕੀਤਾ ਸੀ। ਜੱਲ੍ਹਿਆਵਾਲਾ ਬਾਗ ਵਿੱਚ ਇਸ ਐਕਟ ਦਾ ਵਿਰੋਧ ਕਰ ਰਹੇ ਦੇਸ਼ ਵਾਸੀਆਂ ਦੀ ਆਵਾਜ਼ ਨੂੰ ਦਬਾਉਣ ਲਈ ਜਨਰਲ ਡਾਇਰ ਨੇ ਗੋਲੀਆਂ ਚਲਵਾਈਆਂ ਸਨ। ਉਨ੍ਹਾਂ ਆਖਿਆ ਕਿ ਜਲ੍ਹਿਆਂਵਾਲਾ ਬਾਗ ਸਾਮਰਾਜ ਖਿਲਾਫ ਖਾੜਕੂ ਸੰਘਰਸ਼ ਦਾ ਪ੍ਰਤੀਕ ਹੈ। ਜਥੇਬੰਦੀ ਦੇ ਜਨਰਲ ਸਕੱਤਰ ਤੇ ਮੀਤ ਪ੍ਰਧਾਨ ਗਗਨ ਸੰਗਰਾਮੀ, ਹਰਦੀਪ ਕੌਰ ਕੋਟਲਾ ਤੇ ਹੋਰਨਾਂ ਨੇ ਵੀ ਸੰਬੋਧਨ ਕਰਦਿਆਂ ਆਖਿਆ ਕਿ ਅੱਜ ਵੀ ਦੇਸ਼ ’ਤੇ ਸਾਮਰਾਜੀ ਤਾਕਤਾਂ ਨੇ ਜਕੜ ਮਾਰੀ ਹੋਈ ਹੈ। ਰੈਲੀ ਨੂੰ ਨੌਜਵਾਨ ਭਾਰਤ ਸਭਾ ਦੇ ਆਗੂ ਕਰਮਜੀਤ ਸਿੰਘ ਕੋਟਕਪੂਰਾ, ਰੁਪਿੰਦਰ ਚੰਦਾ ਤੇ ਹੋਰਨਾਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਜਲ੍ਹਿਆਂਵਾਲਾ ਬਾਗ ਬਾਰੇ ਛਾਪਿਆ ਗਿਆ ਕਿਤਾਬਚਾ ਵੀ ਰਿਲੀਜ਼ ਕੀਤਾ ਗਿਆ। ਵਿਦਿਆਰਥੀ ਜਥੇਬੰਦੀਆਂ ਨੇ ਲਾਲ ਝੰਡੇ ਲੈ ਕੇ ਜਲ੍ਹਿਆਂਵਾਲਾ ਬਾਗ ਤਕ ਮਾਰਚ ਕੀਤਾ ਅਤੇ ਸਾਮਰਾਜੀ ਤਾਕਤਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
INDIA ਸਾਮਰਾਜੀ ਲੁੱਟ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਪ੍ਰਣ