ਤਣਾਅ ਘਟਾਉਣ ਲਈ ਭਾਰਤ ਨਾਲ ਵਾਰਤਾ ਕਰੇ ਪਾਕਿ: ਟਰੰਪ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਅਤੇ ਪਾਕਿਸਤਾਨ ਨੂੰ ਵਾਰਤਾ ਰਾਹੀਂ ਤਣਾਅ ਘਟਾਉਣ ’ਤੇ ਜ਼ੋਰ ਦਿੱਤਾ ਹੈ। ਵ੍ਹਾਈਟ ਹਾਊਸ ਮੁਤਾਬਕ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਕੱਲ ਸ੍ਰੀ ਟਰੰਪ ਨੂੰ ਕੀਤੇ ਗਏ ਫੋਨ ਦੌਰਾਨ ਉਨ੍ਹਾਂ ਨੂੰ ਇਹ ਸੁਨੇਹਾ ਦਿੱਤਾ ਗਿਆ। ਸੰਯੁਕਤ ਰਾਸ਼ਟਰ ਸਲਾਮਤੀ ਪ੍ਰੀਸ਼ਦ ਵੱਲੋਂ ਕਸ਼ਮੀਰ ਬਾਰੇ ਬੰਦ ਕਮਰਾ ਬੈਠਕ ਸ਼ੁਰੂ ਹੋਣ ਤੋਂ ਕੁਝ ਸਮਾਂ ਪਹਿਲਾਂ ਦੋਵੇਂ ਆਗੂਆਂ ਵਿਚਕਾਰ ਫੋਨ ’ਤੇ ਗੱਲਬਾਤ ਹੋਈ ਸੀ। ਉਂਜ ਇਸਲਾਮਾਬਾਦ ’ਚ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਦਾਅਵਾ ਕੀਤਾ ਸੀ ਕਿ ਇਮਰਾਨ ਖ਼ਾਨ ਨੇ ਸੰਯੁਕਤ ਰਾਸ਼ਟਰ ਸਲਾਮਤੀ ਪ੍ਰੀਸ਼ਦ ਦੀ ਕਸ਼ਮੀਰ ਮੁੱਦੇ ਬਾਰੇ ਬੈਠਕ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਨੂੰ ਭਰੋਸੇ ’ਚ ਲੈ ਲਿਆ ਹੈ। ਉਪ ਪ੍ਰੈੱਸ ਸਕੱਤਰ ਹੋਗਨ ਗਿਡਲੇਅ ਨੇ ਬਿਆਨ ’ਚ ਕਿਹਾ ਕਿ ਰਾਸ਼ਟਰਪਤੀ ਨੇ ਜੰਮੂ ਕਸ਼ਮੀਰ ’ਚ ਹਾਲਾਤ ਬਾਰੇ ਦੁਵੱਲੀ ਗੱਲਬਾਤ ਰਾਹੀਂ ਦੋਵੇਂ ਮੁਲਕਾਂ ਨੂੰ ਤਣਾਅ ਘਟਾਉਣ ਦਾ ਸੱਦਾ ਦਿੱਤਾ ਹੈ। ਵ੍ਹਾਈਟ ਹਾਊਸ ਨੇ ਕਿਹਾ ਕਿ ਸ੍ਰੀ ਟਰੰਪ ਨੇ ਇਮਰਾਨ ਖ਼ਾਨ ਨਾਲ ਖੇਤਰੀ ਹਾਲਾਤ ਬਾਰੇ ਵਿਚਾਰ ਵਟਾਂਦਰਾ ਕੀਤਾ। ਗਿਡਲੇਅ ਨੇ ਕਿਹਾ ਕਿ ਦੋਵੇਂ ਆਗੂਆਂ ਨੇ ਅਮਰੀਕਾ ਅਤੇ ਪਾਕਿਸਤਾਨ ਵਿਚਕਾਰ ਸਬੰਧਾਂ ਨੂੰ ਹੋਰ ਅੱਗੇ ਲੈ ਕੇ ਜਾਣ ਬਾਰੇ ਵੀ ਵਿਚਾਰਾਂ ਕੀਤੀਆਂ। ਉਨ੍ਹਾਂ ਕਿਹਾ ਕਿ ਵ੍ਹਾਈਟ ਹਾਊਸ ’ਚ ਪਿਛਲੇ ਮਹੀਨੇ ਦੋਵੇਂ ਆਗੂਆਂ ਵਿਚਕਾਰ ਹੋਈ ਬੈਠਕ ਦੌਰਾਨ ਲਏ ਗਏ ਫ਼ੈਸਲਿਆਂ ਬਾਰੇ ਵੀ ਚਰਚਾ ਕੀਤੀ ਗਈ।

Previous articleਪ੍ਰਮਾਣੂ ਹਥਿਆਰਾਂ ਬਾਰੇ ਰਾਜਨਾਥ ਦੇ ਬਿਆਨ ਦੀ ਕੁਰੈਸ਼ੀ ਵੱਲੋਂ ਨਿਖੇਧੀ
Next articleLast narrow gauge line in Central India to chug into history