ਕੈਪਟਨ ਨੇ ਮਾਮਲਾ ਸ਼ਾਹ ਕੋਲ ਉਠਾਿੲਆ

ਕੇਂਦਰ ਤੋਂ ਪਾਕਿਸਤਾਨ ਨਾਲ ਗੱਲਬਾਤ ਕਰਨ ਦੀ ਮੰਗ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਕੇ ਅਪੀਲ ਕੀਤੀ ਕਿ ਪਾਕਿਸਤਾਨ ਵਿਚ ਸਿੱਖ ਕੁੜੀ ਦੇ ਜਬਰੀ ਧਰਮ ਤਬਦੀਲੀ ਦਾ ਮਾਮਲਾ ਕੇਂਦਰ ਸਰਕਾਰ ਉੱਥੋਂ ਦੀ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਏ। ਉਨ੍ਹਾਂ ਗ੍ਰਹਿ ਮੰਤਰੀ ਨਾਲ ਕੌਮੀ ਤੇ ਸੂਬਾਈ ਸੁਰੱਖਿਆ ਦੇ ਮਾਮਲਿਆਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ। ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਧਰਮ ਤਬਦੀਲੀ ਦਾ ਮਸਲਾ ਪਾਕਿ ਅਧਿਕਾਰੀਆਂ ਨਾਲ ਉੱਚ ਪੱਧਰ ’ਤੇ ਉਠਾਉਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਪਹਿਲਾਂ ਹੀ ਜਨਤਕ ਤੌਰ ’ਤੇ ਬਿਆਨ ਜਾਰੀ ਕਰ ਕੇ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਤੋਂ ਇਸ ਮਾਮਲੇ ਵਿਚ ਨਿੱਜੀ ਦਖ਼ਲ ਦੇਣ ਤੇ ਬਣਦੀ ਕਾਰਵਾਈ ਦੀ ਮੰਗ ਕਰ ਚੁੱਕੇ ਹਨ। ਕੈਪਟਨ ਨੇ ਇਸ ਮਾਮਲੇ ’ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਗੁਆਂਢੀ ਮੁਲਕ ਨੂੰ ਘੱਟ ਗਿਣਤੀਆਂ ਦੇ ਹੱਕਾਂ ਦੀ ਰਾਖੀ ਯਕੀਨੀ ਬਣਾਉਣੀ ਚਾਹੀਦੀ ਹੈ। ਕੈਪਟਨ ਨੇ ਨਾਲ ਹੀ ਕਿਹਾ ਕਿ ਨਨਕਾਣਾ ਸਾਹਿਬ ਵਿੱਚ ਗ੍ਰੰਥੀ ਸਿੰਘ ਦੀ ਧੀ ਨੂੰ ਅਗਵਾ ਕਰ ਕੇ ਧਰਮ ਬਦਲਣ ਲਈ ਮਜਬੂਰ ਕਰਨ ਦੀ ਘਟਨਾ ਤੋਂ ਇਲਾਵਾ ਹੋਰ ਕੋਈ ਅਜਿਹਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਆਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਆਪਣੇ ਤੈਅ ਸਮੇਂ ’ਤੇ ਹੀ ਖੁੱਲ੍ਹੇਗਾ। ਦੋਵਾਂ ਮੁਲਕਾਂ ਦੇ ਅਧਿਕਾਰੀਆਂ ਵਿਚਾਲੇ ਮੁਲਾਕਾਤ ਵੀ ਜਲਦੀ ਹੋਣ ਵਾਲੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਦੇ ਕੰਮ ’ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਉਸਾਰੀ ਕਾਰਜ ਪੂਰੀ ਰਫ਼ਤਾਰ ਨਾਲ ਚੱਲ ਰਿਹਾ ਹੈ ਤੇ ਇਸ ਦੇ ਮਿੱਥੇ ਸਮੇਂ ਵਿਚ ਮੁਕੰਮਲ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਸਮਾਗਮਾਂ ਤੱਕ ਲਾਂਘਾ ਖੋਲ੍ਹ ਦਿੱਤਾ ਜਾਵੇਗਾ।

Previous articleCongress’ internal bickerings and BJP’s belligerence in MP
Next articleਕਿਰਨਜੀਤ ਹੱਤਿਆ ਕਾਂਡ: ਧਨੇਰ ਦੀ ਉਮਰ ਕੈਦ ਬਰਕਰਾਰ