ਮਾਤਾ ਚੰਦ ਕੌਰ ਕਤਲ: ਮੁਲਜ਼ਮ ਪ੍ਰੋਡਕਸ਼ਨ ਵਾਰੰਟ ’ਤੇ ਗ੍ਰਿਫ਼ਤਾਰ

ਨਾਮਧਾਰੀ ਸੰਪਰਦਾ ਦੀ ਮਾਤਾ ਚੰਦ ਕੌਰ ਹੱਤਿਆ ਮਾਮਲੇ ਵਿਚ ਸੀਬੀਆਈ ਨੇ ਸ਼ੱਕ ਦੇ ਆਧਾਰ ’ਤੇ ਇਕ ਮੁਲਜ਼ਮ ਨੂੰ ਪਟਿਆਲਾ ਕੇਂਦਰੀ ਜੇਲ੍ਹ ’ਚੋਂ ਪ੍ਰੋਡਕਸ਼ਨ ਵਾਰੰਟ ’ਤੇ ਗ੍ਰਿਫ਼ਤਾਰ ਕੀਤਾ ਹੈ। ਸੀਬੀਆਈ ਨੇ ਅੱਜ ਮੁਲਜ਼ਮ ਪਲਵਿੰਦਰ ਸਿੰਘ ਉਰਫ਼ ਡਿੰਪਲ ਵਾਸੀ ਜਨਤਾ ਕਲੋਨੀ ਨਵੀਂ ਦਿੱਲੀ ਨੂੰ ਮੁਹਾਲੀ ਸਥਿਤ ਸੀਬੀਆਈ ਦੇ ਵਿਸ਼ੇਸ਼ ਜੱਜ ਜੀਐੱਸ ਸੇਖੋਂ ਦੀ ਅਦਾਲਤ ਵਿਚ ਪੇਸ਼ ਕੀਤਾ ਅਤੇ ਮਾਤਾ ਚੰਦ ਕੌਰ ਹੱਤਿਆ ਮਾਮਲੇ ਸਬੰਧੀ ਪੁੱਛਗਿੱਛ ਲਈ ਸੱਤ ਦਿਨ ਦੇ ਪੁਲੀਸ ਰਿਮਾਂਡ ਦੀ ਮੰਗ ਕੀਤੀ। ਪਲਵਿੰਦਰ ਲੁਧਿਆਣਾ ਵਿਚ ਟਿਫ਼ਨ ਬੰਬ ਧਮਾਕੇ ਅਤੇ ਕਤਲ ਦੇ ਮਾਮਲੇ ਵਿਚ ਪਿਛਲੇ ਸਾਲ ਤੋਂ ਪਟਿਆਲਾ ਜੇਲ੍ਹ ਵਿਚ ਬੰਦ ਸੀ।
ਸੀਬੀਆਈ ਦੀ ਜਾਂਚ ਟੀਮ ਨੇ ਅਦਾਲਤ ਵਿਚ ਅਰਜ਼ੀ ਦੇ ਕੇ ਮੁਲਜ਼ਮ ਦੇ ਪੁਲੀਸ ਰਿਮਾਂਡ ਦੀ ਮੰਗ ਕਰਦਿਆਂ ਕਿਹਾ ਕਿ ਪਲਵਿੰਦਰ ਕੋਲੋਂ ਮਾਤਾ ਚੰਦ ਕੌਰ ਦੇ ਕਤਲ ਕੇਸ ਸਬੰਧੀ ਪੁੱਛਗਿੱਛ ਕਰਨੀ ਹੈ ਤਾਂ ਜੋ ਮਾਤਾ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰਨ ਵਾਲੇ ਮੁਲਜ਼ਮਾਂ ਦੀ ਪੈੜ ਨੱਪੀ ਜਾ ਸਕੇ। ਉਧਰ, ਬਚਾਅ ਪੱਖ ਦੇ ਵਕੀਲਾਂ ਰਣਜੋਧ ਸਿੰਘ ਸਰਾਓ ਅਤੇ ਜਗਵਿੰਦਰ ਸਿੰਘ ਸੰਤਵਾਲ ਨੇ ਮੁਲਜ਼ਮ ਪਲਵਿੰਦਰ ਦੇ ਪੁਲੀਸ ਰਿਮਾਂਡ ਦਾ ਵਿਰੋਧ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਮੁਵੱਕਿਲ ਨੂੰ ਝੂਠੇ ਕੇਸ ਵਿਚ ਫਸਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਲਵਿੰਦਰ ਦਾ ਮਾਤਾ ਚੰਦ ਕੌਰ ਦੀ ਹੱਤਿਆ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਸ੍ਰੀ ਸਰਾਓ ਨੇ ਅਦਾਲਤ ਦੇ ਧਿਆਨ ਵਿਚ ਲਿਆਂਦਾ ਕਿ ਪਲਵਿੰਦਰ ਸਿੰਘ ਉਰਫ਼ ਡਿੰਪਲ 9 ਜਨਵਰੀ, 2016 ਤੋਂ 10 ਅਕਤੂਬਰ, 2018 ਤੱਕ ਵਿਦੇਸ਼ ਵਿਚ ਰਿਹਾ ਹੈ ਜਦੋਂਕਿ ਮਾਤਾ ਚੰਦ ਕੌਰ ਦੀ ਹੱਤਿਆ 4 ਅਪਰੈਲ, 2016 ਨੂੰ ਹੋਈ ਸੀ। ਪਿਛਲੇ ਸਾਲ 11 ਅਕਤੂਬਰ ਨੂੰ ਵਿਦੇਸ਼ ’ਚੋਂ ਵਤਨ ਪਰਤਦੇ ਸਮੇਂ ਪੁਲੀਸ ਨੇ ਉਸ ਨੂੰ ਲੁਧਿਆਣਾ ਵਿਚ ਹੋਏ ਟਿਫ਼ਨ ਬੰਬ ਧਮਾਕੇ ਦੇ ਮਾਮਲੇ ਵਿਚ ਗ੍ਰਿਫ਼ਤਾਰ ਕਰ ਲਿਆ ਸੀ। ਇਸ ਹਾਦਸੇ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ ਸੀ। ਗ੍ਰਿਫ਼ਤਾਰੀ ਵਾਲੇ ਦਿਨ ਤੋਂ ਲੈ ਕੇ ਹੁਣ ਤੱਕ ਉਹ ਪਟਿਆਲਾ ਜੇਲ੍ਹ ਵਿੱਚ ਬੰਦ ਸੀ।
ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਪਲਵਿੰਦਰ ਸਿੰਘ ਨੂੰ ਚਾਰ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਦਿਆਂ ਸੀਬੀਆਈ ਨੂੰ ਹਦਾਇਤ ਕੀਤੀ ਕਿ ਮੁਲਜ਼ਮ ਨੂੰ ਸੋਮਵਾਰ ਨੂੰ ਦੁਬਾਰਾ ਅਦਾਲਤ ਵਿਚ ਪੇਸ਼ ਕੀਤਾ ਜਾਵੇ। ਅਦਾਲਤ ਨੇ ਇਹ ਵੀ ਆਦੇਸ਼ ਦਿੱਤੇ ਕਿ ਮੁਲਜ਼ਮ ਡਿੰਪਲ ਦਾ ਰੋਜ਼ਾਨਾ ਮੈਡੀਕਲ ਕਰਵਾਇਆ ਜਾਵੇ ਅਤੇ ਦਿਨ ਵਿੱਚ ਘੱਟੋ ਘੱਟ ਅੱਧਾ ਘੰਟਾ ਬਚਾਅ ਪੱਖ ਦੇ ਵਕੀਲਾਂ ਨੂੰ ਮੁਲਜ਼ਮ ਨਾਲ ਮੁਲਾਕਾਤ ਕਰਨ ਦੀ ਆਗਿਆ ਦਿੱਤੀ ਜਾਵੇ।

Previous articleਮਨਿਸਟੀਰੀਅਲ ਕਾਮਿਆਂ ਤੇ ਪੈਨਸ਼ਨਰਾਂ ਵੱਲੋਂ ਮੰਗਾਂ ਦੇ ਹੱਕ ਵਿੱਚ ਮੁਜ਼ਾਹਰਾ
Next article‘ਤਮਾਸ਼ਿਆਂ’ ਵਿੱਚ ਰੁੱਝੀ ਸਰਕਾਰ: ਯੇਚੁਰੀ