ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਾਂਝੇ ਤੌਰ ’ਤੇ ਮਨਾਉਣ ਲਈ ਅੱਜ ਮੁੜ ਤਾਲਮੇਲ ਕਮੇਟੀ ਦੀ ਮੀਟਿੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਵਿੱਚ ਹੋਈ ਜਿਸ ਵਿੱਚ ਦੋਵਾਂ ਧਿਰਾਂ ਨੇ ਮੁੱਖ ਸਮਾਗਮ ਇੱਕ ਮੰਚ ਤੋਂ ਸਾਂਝੇ ਤੌਰ ਉੱਤੇ ਮਨਾਉਣ ਦੀ ਸਹਿਮਤੀ ਦੇ ਦਿੱਤੀ ਹੈ। ਇਹ ਸਮਾਗਮ ਕਿਸ ਮੰਚ ’ਤੇ ਹੋਵੇਗਾ ਅਤੇ ਇਸ ਦੇ ਪ੍ਰਬੰਧ ਕੌਣ ਕਰੇਗਾ, ਫਿਲਹਾਲ ਇਸ ਬਾਰੇ ਕੁੱਝ ਵੀ ਤੈਅ ਨਹੀਂ ਹੈ। ਅੱਜ ਦੀ ਮੀਟਿੰਗ ਵਿੱਚ ਸਰਕਾਰ ਦੇ ਨੁਮਾਇੰਦੇ ਵਜੋਂ ਸਿਰਫ ਇੱਕ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਪੁੱਜੇ ਜਦੋਂ ਕਿ ਸੁਖਜਿੰਦਰ ਸਿੰਘ ਰੰਧਾਵਾ ਸ਼ਾਮਲ ਨਹੀਂ ਹੋਏ। ਸਾਂਝੀ ਤਾਲਮੇਲ ਕਮੇਟੀ ਦੀ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਦੋ ਨੁਮਾਇੰਦੇ ਬੀਬੀ ਜਗੀਰ ਕੌਰ ਅਤੇ ਜਥੇਦਾਰ ਤੋਤਾ ਸਿੰਘ, ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਾਂਝੇ ਨੁਮਾਇੰਦੇ ਵਜੋਂ ਬਾਬਾ ਨਿਹਾਲ ਸਿੰਘ ਹਰੀਆਂਵੇਲਾਂ ਅਤੇ ਬਾਬਾ ਨਾਰੰਗ ਸਿੰਘ ਸ਼ਾਮਲ ਹੋਏ। ਲਗਪਗ ਇੱਕ ਘੰਟਾ ਚੱਲੀ ਮੀਟਿੰਗ ਮਗਰੋਂ ਸਾਂਝੇ ਪੱਤਰਕਾਰ ਸੰਮੇਲਨ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਮੀਟਿੰਗ ਸਦਭਾਵਨਾ ਵਾਲੇ ਮਾਹੌਲ ਵਿੱਚ ਅਤੇ ਸੁਹਿਰਦ ਭਾਵਨਾ ਨਾਲ ਕੀਤੀ ਗਈ ਹੈ।ਦੋਵਾਂ ਧਿਰਾਂ 550 ਸਾਲਾ ਪ੍ਰਕਾਸ਼ ਪੁਰਬ ਇੱਕ ਦੂਜੇ ਦੇ ਸਹਿਯੋਗ ਨਾਲ ਸਾਂਝੇ ਤੌਰ ’ਤੇ ਮਨਾਉਣ ਲਈ ਸਹਿਮਤ ਹਨ।
ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਆਦੇਸ਼ ਦਿੱਤਾ ਗਿਆ ਹੈ ਕਿ ਮੁੱਖ ਸਮਾਗਮ ਸਾਰੀਆਂ ਧਿਰਾਂ ਇੱਕ ਮੰਚ ਤੋਂ ਸਾਂਝੇ ਤੌਰ ਉੱਤੇ ਮਨਾਉਣ,ਇਸ ਲਈ ਸ਼੍ਰੋਮਣੀ ਕਮੇਟੀ ਅਤੇ ਸਰਕਾਰ ਦੋਵੇਂ ਇਸ ਆਦੇਸ਼ ਮੁਤਾਬਕ ਅਤੇ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਸਮਾਗਮ ਨੂੰ ਰਲ-ਮਿਲਕੇ ਮਨਾਉਣ ਲਈ ਯਤਨਸ਼ੀਲ ਹਨ। ਸਰਕਾਰ ਦੇ ਨੁਮਾਇੰਦੇ ਵਜੋਂ ਸ਼ਾਮਲ ਹੋਏ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਖਿਆ ਕਿ ਮੀਟਿੰਗ ਵਿੱਚ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਮੁੱਖ ਸਮਾਗਮ ਇਕੱਠੇ ਹੋ ਕੇ ਆਪਸੀ ਸਹਿਯੋਗ ਨਾਲ ਮਨਾਉਣ ਦਾ ਫੈਸਲਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਇੱਕ ਨਿਮਾਣੇ ਸਿੱਖ ਵਜੋਂ ਇਹ ਸਮਾਗਮ ਸਾਂਝੇ ਤੌਰ ’ਤੇ ਮਨਾਉਣ ਦੇ ਹੱਕ ਵਿੱਚ ਹਨ। ਸ਼੍ਰੋਮਣੀ ਕਮੇਟੀ ਨੇ ਵੀ ਪ੍ਰੋਗਰਾਮ ਸਾਂਝੇ ਤੌਰ ’ਤੇ ਮਨਾਉਣ ਲਈ ਸਹਿਮਤੀ ਦਿੱਤੀ ਹੈ। ਸਰਕਾਰ ਦੇ ਦੂਜੇ ਨੁਮਾਇੰਦੇ ਵਜੋਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅੱਜ ਇਸ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ। ਸ੍ਰੀ ਰੰਧਾਵਾ ਨੇ ਨੇ ਬੀਤੇ ਦਿਨ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਇੱਕ ਪੱਤਰ ਦੇ ਕੇ ਸ਼੍ਰੋਮਣੀ ਕਮੇਟੀ ’ਤੇ ਸਹਿਯੋਗ ਨਾ ਕਰਨ ਦਾ ਦੋਸ਼ ਲਾਇਆ ਸੀ।
ਪੱਤਰ ਵਿੱਚ ਉਨ੍ਹਾਂ ਕਿਹਾ ਸੀ ਕਿ ਸ਼੍ਰੋਮਣੀ ਕਮੇਟੀ ਆਪਣੇ ਤੌਰ ‘ਤੇ ਸੱਦਾ ਪੱਤਰ ਦੇ ਰਹੀ ਹੈ ਅਤੇ ਇਸ ਮਾਮਲੇ ਵਿੱਚ ਸਰਕਾਰ ਨੂੰ ਅਣਦੇਖਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਕੋਲੋਂ ਸਪੱਸ਼ਟੀਕਰਨ ਲੈਣ ਦੀ ਅਪੀਲ ਕੀਤੀ ਸੀ। ਪਿਛਲੀ ਮੀਟਿੰਗ ਵਿੱਚ ਤੈਅ ਹੋਇਆ ਸੀ ਕਿ ਇਸ ਸਬੰਧ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਵਿਚਾਲੇ ਮੀਟਿੰਗ ਹੋਵੇਗੀ, ਜਿਸ ਵਿੱਚ ਆਪਸੀ ਸਹਿਮਤੀ ਨਾਲ ਸਾਰੇ ਪ੍ਰੋਗਰਾਮ ਤੈਅ ਕਰ ਲਏ ਜਾਣਗੇ ਪਰ ਇਹ ਮੀਟਿੰਗ ਹੁਣ ਤਕ ਨਹੀਂ ਹੋ ਸਕੀ ਹੈ। ਹੁਣ ਮੁੜ ਉਮੀਦ ਪ੍ਰਗਟਾਈ ਗਈ ਹੈ ਕਿ ਜਲਦੀ ਹੀ ਇਹ ਮੀਟਿੰਗ ਹੋਵੇਗੀ।ਇਥੇ ਦੱਸਣਯੋਗ ਹੈ ਕਿ ਹੁਣ ਤਕ ਸ਼੍ਰੋਮਣੀ ਕਮੇਟੀ ਅਤੇ ਸਰਕਾਰ ਵਲੋਂ ਸੁਲਤਾਨਪੁਰ ਲੋਧੀ ਵਿੱਚ ਆਪੋ ਆਪਣੇ ਮੰਚ ਤਿਆਰ ਕਰਨ ਦਾ ਕੰਮ ਚੱਲ ਰਿਹਾ ਹੈ। ਸ਼੍ਰੋਮਣੀ ਕਮੇਟੀ ਚਾਹੁੰਦੀ ਹੈ ਕਿ ਮੁੱਖ ਸਮਾਗਮ ਪਹਿਲਾਂ ਹੋਏ ਸ਼ਤਾਬਦੀ ਸਮਾਗਮਾਂ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ਮੰਚ ਤੋਂ ਹੀ ਮਨਾਇਆ ਜਾਵੇ। ਅੱਜ ਦੀ ਇਸ ਮੀਟਿੰਗ ਵਿਚ ਮੁੱਖ ਸਕੱਤਰ ਡਾ. ਰੂਪ ਸਿੰਘ ਵੀ ਸ਼ਾਮਲ ਸਨ।ਇਸ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਕੈਬਨਿਟ ਮੰਤਰੀ ਚੰਨੀ ਨੂੰ ਸਿਰੋਪਾਓ ਦਿੱਤਾ ਗਿਆ ਅਤੇ ਧਾਰਮਿਕ ਪੁਸਤਕਾਂ ਦੇ ਸੈੱਟ ਨਾਲ ਸਨਮਾਨਤ ਕੀਤਾ ਗਿਆ। ਕੈਬਨਿਟ ਮੰਤਰੀ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਵੀ ਟੇਕਿਆ।