ਕਰਨਾਟਕ ਦੇ ਮੁੱਖ ਮੰਤਰੀ ਬੀ.ਐੱਸ. ਯੇਦੀਯੁਰੱਪਾ ਨੇ ਅੱਜ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਤੇ ਮੁੜ ਵਸੇਬੇ ਦਾ ਕੰਮ ਜ਼ੋਰ-ਸ਼ੋਰ ਨਾਲ ਚੱਲ ਰਿਹਾ ਹੈ ਤੇ ਪੈਸਿਆਂ ਦੀ ਕੋਈ ਕਮੀ ਨਹੀਂ ਹੈ। ਮੁੱਖ ਮੰੰਤਰੀ ਨੇ ਹੁਬਲੀ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਪ੍ਰਸ਼ਾਸਨ ਹੜ੍ਹ ਪੀੜਤਾਂ ਨਾਲ ਜੁੜੇ ਸਾਰੇ ਮੁੱਦਿਆਂ ਦਾ ਹੱਲ ਕੱਢਣ ’ਤੇ ਧਿਆਨ ਕੇਂਦਰਤ ਕਰੇਗਾ। ਉਨ੍ਹਾਂ ਕਿਹਾ ਕਿ ਹੜ੍ਹ ਕਾਰਨ ਲੋਕਾਂ ਨੂੰ ਇਕ ਵਾਰ ਫੇਰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪਹਿਲਾਂ ਵਾਂਗ ਹੀ ਰਾਹਤ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅਧਿਕਾਰੀਆਂ ਨੂੰ ਹੜ੍ਹ ਪੀੜਤਾਂ ਨੂੰ ਸਹਾਇਤਾ ਮੁਹੱਈਆ ਕਰਵਾਉਣ ਲਈ ਕਿਹਾ ਗਿਆ ਹੈ। ਇਸ ਦੇ ਲਈ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਯੇਦੀਯੁਰੱਪਾ ਨੇ ਕਿਹਾ ਕਿ ਪੈਸੇ ਦੀ ਕੋਈ ਕਮੀ ਨਹੀਂ ਹੈ। ਮੁੱਖ ਮੰਤਰੀ ਨੇ ਅਗਸਤ ਵਿਚ ਹੜ੍ਹਾਂ ਦੌਰਾਨ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਰਾਹਤ ਕਾਰਜਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਪੂਰੀ ਤਰ੍ਹਾਂ ਨੁਕਸਾਨੇ ਗਏ ਮਕਾਨਾਂ ਲਈ ਪੰਜ ਲੱਖ ਰੁਪਏ ਤੇ ਤਤਕਾਲ ਰਾਹਤ ਦੇ ਤੌਰ ’ਤੇ 10,000 ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮਕਾਨਾਂ ਲਈ ਪੰਜ ਲੱਖ ਰੁਪਏ ਵਿਚੋਂ ਇਕ ਲੱਖ ਰੁਪਏ ਪਹਿਲਾਂ ਹੀ ਜਾਰੀ ਹੋ ਚੁੱਕੇ ਹਨ ਤੇ ਥੋੜ੍ਹੇ ਨੁਕਸਾਨੇ ਗਏ ਮਕਾਨਾਂ ਲਈ ਇਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਲਈ 1200 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
HOME ਕਰਨਾਟਕ ਦੇ ਹੜ੍ਹ ਪੀੜਤ ਇਲਾਕਿਆਂ ’ਚ ਰਾਹਤ ਕਾਰਜ ਜਾਰੀ