ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਧਾਰਮਿਕ ਸਮਾਗਮਾਂ ’ਚ ਭਰੀ ਹਾਜ਼ਰੀ
ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਅੱਜ ਇੱਥੇ ਗੁਰਦੁਆਰਾ ਬੇਰ ਸਾਹਿਬ ਵਿੱਚ ਕਰਵਾਏ ਗਏ ਮੁੱਖ ਸਮਾਗਮ ’ਚ ਲੱਖਾਂ ਦੀ ਗਿਣਤੀ ’ਚ ਸੰਗਤ ਨੇ ਮੱਥਾ ਟੇਕਿਆ ਤੇ ਗੁਰੂ ਘਰ ਦਾ ਆਸ਼ੀਰਵਾਦ ਲਿਆ। ਇਸੇ ਦੌਰਾਨ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਵੀ ਅੱਜ ਗੁਰਦੁਆਰਾ ਬੇਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਦੀ ਸਟੇਜ ’ਤੇ ਹਾਜ਼ਰੀ ਭਰੀ। ਉਨ੍ਹਾਂ ਦੇਸ਼ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਗੁਰੂ ਨਾਨਕ ਦੇਵ ਦੀਆਂ ਸਿੱਖਿਆਵਾਂ ’ਤੇ ਚੱਲਣ। ਇਸ ਤੋਂ ਪਹਿਲਾਂ ਉਨ੍ਹਾਂ ਦੇਸ਼-ਵਾਸੀਆਂ ਤੇ ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਨੂੰ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।
ਰਾਸ਼ਟਰਪਤੀ ਕੋਵਿੰਦ ਨੇ ਕਿਹਾ ਕਿ ਗੁਰੂ ਨਾਨਕ ਨੇ ਬਰਾਬਰੀ, ਭਾਈਚਾਰੇ, ਨੇਕੀ ਅਤੇ ਸਦਾਚਾਰ ਦੀ ਸਿੱਖਿਆ ਦੇ ਲੋਕਾਂ ਨੂੰ ਜਾਤ-ਪਾਤ ਅਤੇ ਕਰਮਕਾਂਡ ਤੋਂ ਮੁਕਤ ਕਰਨ ਦਾ ਯਤਨ ਕੀਤਾ। ਸੰਗੀਤ ਦੀ ਮਿਠਾਸ ਵਿਚ ਘੁਲੇ ਸਰਲ ਉਪਦੇਸ਼ ਉਨ੍ਹਾਂ ਦਿੱਤੇ ਤੇ ਗ੍ਰਹਿਸਥ ਜੀਵਨ ਦੀਆਂ ਜ਼ਿੰਮੇਵਾਰੀਆਂ ਨਿਭਾਉਣ ਦੇ ਨਾਲ-ਨਾਲ ਪਰਮ ਗਿਆਨ ਹਾਸਲ ਕਰਨ ਦੀ ਰਾਹ ਵਿਖਾਈ। ਰਾਸ਼ਟਰਪਤੀ ਨੇ ਕਿਹਾ ਕਿ ਕਿਰਤ ਅਤੇ ਅਧਿਆਤਮ ਦੇ ਸੁਨੇਹੇ ਦਾ ਹੀ ਨਤੀਜਾ ਹੈ ਕਿ ਗੁਰੂ ਨਾਨਕ ਦੇ ਪੈਰੋਕਾਰ ਪੂਰੀ ਦੁਨੀਆ ਵਿਚ ਸਫ਼ਲ ਹਨ। ਉਹ ‘ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ’ ਦੇ ਸਿਧਾਂਤ ’ਤੇ ਚੱਲਦੇ ਹਨ। ਰਾਸ਼ਟਰਪਤੀ ਨੇ ਇਸ ਮੌਕੇ ਲੰਗਰ ਵੀ ਛਕਿਆ। ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਨੇ ਉਨ੍ਹਾਂ ਦਾ ਸਨਮਾਨ ਕੀਤਾ।
ਇਸੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਭਾਰਤੀ ਸ਼ਰਧਾਲੂਆਂ ਨੂੰ ਸਰਹੱਦ ਪਾਰ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਦੀ ਖੁੱਲ੍ਹ ਦੇਣ ਦਾ ਮਸਲਾ ਪਾਕਿਸਤਾਨ ਸਰਕਾਰ ਕੋਲ ਉਠਾਉਣ ਲਈ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਪਹੁੰਚ ਕਰਨਗੇ। ਉਹ ਇੱਥੇ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੀਤੇ ਸਾਲ ਸ਼ੁਰੂ ਹੋਏ ਸਮਾਗਮਾਂ ਨੂੰ ਨਵੰਬਰ, 2020 ਤੱਕ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਪੰਜਾਬ ਵਿਚ ਵਿਗੜ ਰਹੇ ਹਵਾ, ਪਾਣੀ ਦੇ ਸੰਤੁਲਨ ’ਤੇ ਡੂੰਘੀ ਚਿੰਤਾ ਪ੍ਰਗਟਾਈ। ਅੱਜ ਇੱਥੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਸਮੇਤ ਕਈ ਉੱਘੀਆਂ ਸ਼ਖ਼ਸੀਅਤਾਂ ਹਾਜ਼ਰ ਸਨ। ਇਸ ਮੌਕੇ ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਸਰਕਾਰ ਗੁਰੂ ਨਾਨਕ ਦੇਵ ਦੇ ਆਦਰਸ਼ਾਂ ਮੁਤਾਬਕ ਸੱਚੀ ਭਾਵਨਾ ਨਾਲ ਸੇਵਾਵਾਂ ਨਿਭਾਉਣ ਵਾਲੇ ਪੁਲੀਸ ਮੁਲਾਜ਼ਮਾਂ ਨੂੰ ‘ਪ੍ਰਕਾਸ਼ ਪੁਰਬ ਤਗ਼ਮੇ’ ਨਾਲ ਸਨਮਾਨਿਤ ਕਰੇਗੀ। ਇਸ ਇਤਿਹਾਸਕ ਮੌਕੇ 550 ਕੈਦੀਆਂ ਦੀ ਅਗਾਊਂ ਰਿਹਾਈ ਕਰਨ ਦਾ ਫ਼ੈਸਲਾ ਵੀ ਕੀਤਾ ਗਿਆ ਹੈ। ਇਨ੍ਹਾਂ ਵਿਚੋਂ 450 ਕੈਦੀਆਂ ਨੂੰ ਰਿਹਾਅ ਕੀਤਾ ਜਾ ਚੁੱਕਾ ਹੈ ਜਦਕਿ ਬਾਕੀਆਂ ਨੂੰ ਅਗਲੇ ਕੁੱਝ ਮਹੀਨਿਆਂ ਤੱਕ ਰਿਹਾਅ ਕੀਤਾ ਜਾਵੇਗਾ।