ਪਰਿਵਾਰਕ ਮੈਂਬਰਾਂ ਵੱਲੋਂ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ
ਜ਼ਿਲ੍ਹਾ ਸੰਗਰੂਰ ਦੇ ਲਹਿਰਾਗਾਗਾ ਦੇ ਪਿੰਡ ਚੰਗਾਲੀਵਾਲਾ ਦੇ ਵਸਨੀਕ ਜਗਮੇਲ ਸਿੰਘ ਦੀ ਅੱਜ ਪੀਜੀਆਈ ’ਚ ਮੌਤ ਹੋਣ ਮਗਰੋਂ ਟਰੌਮਾ ਸੈਂਟਰ ਦੇ ਬਾਹਰ ਉਸ ਸਮੇਂ ਖੂਬ ਹੰਗਾਮਾ ਹੋ ਗਿਆ ਜਦੋਂ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ। ਪੀਜੀਆਈ ’ਚ ਪੋਸਟਮਾਰਟਮ ਕਰਵਾਉਣ ਲਈ ਪਹੁੰਚੀ ਲਹਿਰਾਗਾਗਾ ਪੁਲੀਸ ਨੂੰ ਕਾਫ਼ੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ।
ਮੌਕੇ ’ਤੇ ਪੁੱਜੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂਆਂ ਮੁਕੇਸ਼ ਮਲੌਦ, ਕਰਮ ਸੇਖਾਂ ਤੇ ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥੀ ਜਥੇਬੰਦੀ ਐੱਸਐੱਫਐੱਸ ਦੇ ਆਗੂਆਂ ਨੇ ਪਰਿਵਾਰ ਨਾਲ ਹਮਦਰਦੀ ਜਤਾਉਂਦਿਆਂ ਮੰਗ ਰੱਖੀ ਕਿ ਪੁਲੀਸ ਵੱਲੋਂ ਇਸ ਕੇਸ ਵਿੱਚ ਲਗਾਈ ਹੋਈ ਧਾਰਾ 307 ਦੀ ਥਾਂ ਧਾਰਾ 302 ਲਗਾਈ ਜਾਵੇ ਅਤੇ ਇਸ ਕੇਸ ਦੇ ਬਾਕੀ ਦੋਵਾਂ ਮੁਲਜ਼ਮਾਂ ਨੂੰ ਵੀ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਇਸ ਦੇ ਨਾਲ ਹੀ ਮੰਗ ਰੱਖੀ ਗਈ ਕਿ ਮ੍ਰਿਤਕ ਦੀ ਪਤਨੀ ਮਨਜੀਤ ਕੌਰ ਨੂੰ ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀ ਦਿੱਤੀ ਜਾਵੇ ਤੇ 50 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ। ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਕਰਮ ਸੇਖਾਂ ਨੇ ਦੱਸਿਆ ਕਿ ਲਹਿਰਾਗਾਗਾ ਪੁਲੀਸ ਨੇ ਧਾਰਾ 302 ਲਗਾ ਦਿੱਤੀ ਹੈ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ। ਹੁਣ ਪਰਿਵਾਰ ਦੀਆਂ ਦੋ ਮੰਗਾਂ ਬਾਕੀ ਹਨ ਜਿਨ੍ਹਾਂ ਵਿੱਚ ਮ੍ਰਿਤਕ ਦੀ ਪਤਨੀ ਨੂੰ ਸਰਕਾਰੀ ਨੌਕਰੀ ਦਿਵਾਉਣਾ ਤੇ ਪਰਿਵਾਰ ਨੂੰ 50 ਲੱਖ ਰੁਪਏ ਮੁਆਵਜ਼ਾ ਦਿਵਾਉਣਾ ਸ਼ਾਮਿਲ ਹੈ।ਮ੍ਰਿਤਕ ਦੀ ਪਤਨੀ ਮਨਜੀਤ ਕੌਰ ਤੇ ਭਰਾ ਤੇਜਵੀਰ ਸਿੰਘ ਨੇ ਕਿਹਾ ਕਿ ਉਹ ਉਦੋਂ ਤੱਕ ਲਾਸ਼ ਦਾ ਪੋਸਟ ਮਾਰਟਮ ਨਹੀਂ ਕਰਵਾਉਣ ਦੇਣਗੇ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ। ਸਵੇਰੇ ਲਗਭਗ ਸਾਢੇ 9 ਵਜੇ ਤੋਂ ਬੈਠੇ ਹੋਏ ਪਰਿਵਾਰਕ ਮੈਂਬਰਾਂ ਨੇ ਸ਼ਾਮ ਸਾਢੇ 5 ਵਜੇ ਤੱਕ ਪੋਸਟਮਾਰਟਮ ਨਹੀਂ ਹੋਣ ਦਿੱਤਾ ਜਿਸ ਕਾਰਨ ਲਹਿਰਾਗਾਗਾ ਪੁਲੀਸ ਨੂੰ ਪੋਸਟਮਾਰਟਮ ਕਰਵਾਏ ਬਗੈਰ ਹੀ ਵਾਪਿਸ ਆਉਣਾ ਪਿਆ। ਲਾਸ਼ ਫਿਲਹਾਲ ਪੀਜੀਆਈ ਦੇ ਮੁਰਦਾਘਰ ਵਿੱਚ ਰਖਵਾ ਦਿੱਤੀ ਗਈ ਹੈ।