ਅੰਮ੍ਰਿਤਸਰ (ਸਮਾਜ ਵੀਕਲੀ):ਸ਼੍ਰੋੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਨੇ ਅੱਜ ਇਥੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਇੱਕ ਪੱਤਰ ਸੌਂਪਦਿਆਂ ਪਾਰਟੀ ਵਿਚਲੇ ਆਪਣੇ ਅਹੁਦਿਆਂ ਤੋਂ ਅਸਤੀਫਾ ਦੇਣ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਤਰੱਕੀ ਲਈ ਇਕ ਆਮ ਵਰਕਰ ਵਜੋਂ ਕੰਮ ਕਰਦੇ ਰਹਿਣਗੇ। ਜਾਣਕਾਰੀ ਅਨੁਸਾਰ ਸ੍ਰੀ ਬਰਾੜ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵੱਲੋਂ 10 ਦਸੰਬਰ ਨੂੰ ਆਪਣਾ ਪੱਖ ਰੱਖਣ ਲਈ ਪਾਰਟੀ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿੱਚ ਸੱਦਿਆ ਹੋਇਆ ਹੈ।
ਉਨ੍ਹਾਂ ’ਤੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਲਾਏ ਗਏ ਹਨ। ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿੱਚ ਜਥੇਦਾਰ ਨਾਲ ਮੁਲਾਕਾਤ ਕਰਨ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਜਥੇਦਾਰ ਨੂੰ ਸੌਂਪੇ ਗਏ ਪੱਤਰ ਵਿੱਚ ਉਨ੍ਹਾਂ ਨੇ ਅਕਾਲੀ ਦਲ ਤੇ ਪੰਥ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਆਪਣੇ ਪਾਰਟੀ ਵਿਚਲੇ ਸਾਰੇ ਅਹੁਦੇ ਤਿਆਗ ਦਿੱਤੇ ਹਨ ਤੇ ਉਹ ਅਹੁਦਿਆਂ ਪਿੱਛੇ ਭੱਜਣ ਦੀ ਥਾਂ ਇਕ ਆਮ ਅਕਾਲੀ ਵਰਕਰ ਵਜੋਂ ਪਾਰਟੀ ਦੀ ਮਜ਼ਬੂਤੀ ਤੇ ਇੱਕਜੁਟਤਾ ਲਈ ਕੰਮ ਕਰਨਗੇ। ਉਨ੍ਹਾਂ ਦੱਸਿਆ ਕਿ ਅਕਾਲੀ ਦਲ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਆਪਣੇ ਨਾਂ ਪਿੱਛੇ ਬਰਾੜ ਉਪਨਾਮ ਲਾਉਣਾ ਛੱਡ ਦਿੱਤਾ ਸੀ ਤੇ ਅੱਜ ਜਥੇਦਾਰ ਵੱਲੋਂ ਕਿਹਾ ਗਿਆ ਹੈ ਕਿ ਉਹ ਹੁਣ ਆਪਣੇ ਨਾਮ ਪਿੱਛੇ ਅਕਾਲੀ ਲਗਾਉਣਗੇ। ਸੰਗਰੂਰ ਜ਼ਿਮਨੀ ਚੋਣਾਂ ਦੇ ਨਤੀਜਿਆਂ ਨੂੰ ਪਾਰਟੀ ਦੀ ਸਿਆਸੀ ਹਾਰ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਸਾਰੇ ਅਸੰਤੁਸ਼ਟ ਅਕਾਲੀ ਆਗੂਆਂ ਨੂੰ ਅਕਾਲੀ ਦਲ ਦੇ ਆਧਾਰ ਨੂੰ ਮੁੜ ਸਥਾਪਤ ਕਰਨ ਲਈ ਇਕੱਠਿਆਂ ਹੋਣਾ ਚਾਹੀਦਾ ਹੈ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly