ਅੰਮ੍ਰਿਤਸਰ (ਸਮਾਜ ਵੀਕਲੀ):ਆਮਦਨ ਤੋਂ ਵੱਧ ਸੰਪੰਤੀ ਬਣਾਉਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੇ ਅੱਜ ਵਿਜੀਲੈਂਸ ਬਿਊਰੋ ਵੱਲੋਂ ਮੰਗੇ ਗਏ ਵੇਰਵੇ ਸੌਂਪਣ ਲਈ ਹੋਰ ਸਮਾਂ ਮੰਗਿਆ ਹੈ। ਉਹ ਅੱਜ ਖ਼ੁਦ ਵਿਜੀਲੈਂਸ ਬਿਊਰੋ ਕੋਲ ਪੇਸ਼ ਨਹੀਂ ਹੋਏ ਤੇ ਉਨ੍ਹਾਂ ਦੀ ਥਾਂ ਉਨ੍ਹਾਂ ਦਾ ਭਤੀਜਾ ਵਿਕਾਸ ਸੋਨੀ ਵਿਜੀਲੈਂਸ ਬਿਊਰੋ ਦੇ ਦਫ਼ਤਰ ਪੁੱਜਿਆ ਸੀ। ਵਿਜੀਲੈਂਸ ਬਿਊਰੋ ਦੇ ਐੱਸਐੱਸਪੀ ਵਰਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਸੋਨੀ ਨੇ ਜਾਂਚ ਦੌਰਾਨ ਇੱਕ ਹੋਰ ਹਫ਼ਤੇ ਦਾ ਸਮਾਂ ਮੰਗਿਆ ਹੈ ਤਾਂ ਜੋ ਉਹ ਜਾਂਚ ਲਈ ਮੰਗੇ ਗਏ ਸੰਪੰਤੀ ਦੇ ਵੇਰਵੇ ਦੇ ਸਕਣ।
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਦੀ ਹਰੀ ਝੰਡੀ ਮਿਲਣ ਮਗਰੋਂ ਵਿਜੀਲੈਂਸ ਬਿਊਰੋ ਵੱਲੋਂ ਸ੍ਰੀ ਸੋਨੀ ਖ਼ਿਲਾਫ਼ ਲੱਗੇ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਦੀ ਜਾਂਚ ਸ਼ੁਰੂ ਕੀਤੀ ਗਈ ਹੈ। ਇਸ ਮਾਮਲੇ ਵਿੱਚ ਸ੍ਰੀ ਸੋਨੀ 29 ਨਵੰਬਰ ਨੂੰ ਵਿਜੀਲੈਂਸ ਬਿਊਰੋ ਕੋਲ ਪੇਸ਼ ਹੋਏ ਸਨ ਤੇ ਲਗਪਗ ਦੋ ਤੋਂ ਤਿੰਨ ਘੰਟਿਆਂ ਤੱਕ ਉਨ੍ਹਾਂ ਕੋਲੋਂ ਪੁੱਛ-ਪੜਤਾਲ ਕੀਤੀ ਗਈ ਸੀ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਉਨ੍ਹਾਂ ਨੂੰ ਕੁਝ ਪ੍ਰਫਾਰਮੇ ਭਰ ਕੇ ਦੇਣ ਲਈ ਕਿਹਾ ਗਿਆ ਹੈ, ਜਿਨ੍ਹਾਂ ਵਿੱਚ ਸੰਪੱਤੀ ਦੇ ਵੇਰਵੇ ਦਰਜ ਕਰਨੇ ਹਨ। ਸ੍ਰੀ ਸੋਨੀ ਦੇ ਭਤੀਜੇ ਵਿਕਾਸ ਸੋਨੀ ਨੇ ਅੱਜ ਵਿਜੀਲੈਂਸ ਆਫਿਸ ਵਿੱਚ ਪੇਸ਼ ਹੋਣ ਮਗਰੋਂ ਦੱਸਿਆ ਕਿ ਵਿਜੀਲੈਂਸ ਵੱਲੋਂ ਮੰਗੇ ਗਏ ਵੇਰਵਿਆਂ ਬਾਰੇ ਰਿਕਾਰਡ ਇਕੱਠਾ ਕਰਨ ਲਈ ਕੁਝ ਸਮਾਂ ਚਾਹੀਦਾ ਹੈ। ਉਸ ਨੇ ਦੱਸਿਆ ਕਿ ਇਸ ਸਬੰਧੀ ਕੁਝ ਦਸਤਾਵੇਜ਼ ਕਾਫ਼ੀ ਪੁਰਾਣੇ ਹਨ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly